ਰਵਨੀਤ ਕੌਰ ਦੀ ਰਿਪੋਰਟ
Punjab Government: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਕਾਂਗਰਸ ਨੇ ਦੋਸ਼ ਲਾਇਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੂੰ ਦਿੱਲੀ ਤੋਂ ‘ਕੰਟਰੋਲ’ ਕੀਤਾ ਜਾ ਰਿਹਾ ਹੈ। ਕਾਂਗਰਸ ਲਗਾਤਾਰ ਦਾਅਵਾ ਕਰ ਰਹੀ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੀ ਸਰਕਾਰ ਨੂੰ ਕੰਟਰੋਲ ਕਰ ਰਹੇ ਹਨ ਤੇ ਇਸ ਕਾਰਨ ਸਰਕਾਰ ਖੁੱਲ੍ਹ ਕੇ ਕੰਮ ਨਹੀਂ ਕਰ ਪਾ ਰਹੀ। ਇਸ ਦੌਰਾਨ ਕਾਂਗਰਸ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੱਡਾ ਦਾਅਵਾ ਕੀਤਾ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਸੀਐਮ ਭਗਵੰਤ ਮਾਨ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਦੀ ਗੈਰਹਾਜ਼ਰੀ ਵਿੱਚ ਪੰਜਾਬ ਦੇ ਅਫਸਰਾਂ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਮੀਟਿੰਗ ਕੀਤੀ। ਰਾਜਾ ਵੜਿੰਗ ਨੇ ਦਾਅਵਾ ਕੀਤਾ ਕਿ ਮੀਟਿੰਗ ਵਿੱਚ ਬਿਜਲੀ ਸਕੱਤਰ ਦਲੀਪ ਕੁਮਾਰ, ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਤੇ ਪੀਐਸਪੀਸੀਐਲ ਦੇ ਪ੍ਰਧਾਨ ਬਲਦੇਵ ਸਿੰਘ ਸਰਾਂ ਵੀ ਮੌਜੂਦ ਸਨ।
ਰਾਜਾ ਵੜਿੰਗ ਨੇ ਟਵੀਟ ਕਰਕੇ ਇਹ ਗੱਲ ਕਹੀ
ਰਾਜਾ ਵੜਿੰਗ ਨੇ ਟਵੀਟ ਕੀਤਾ, “ਸੀਐਸ ਅਨਿਰੁਧ ਤਿਵਾੜੀ, ਬਿਜਲੀ ਸਕੱਤਰ ਦਲੀਪ ਕੁਮਾਰ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸੰਸਦ ਮੈਂਬਰ ਰਾਘਵ ਚੱਢਾ, ਦਿੱਲੀ ਦੇ ਮੰਤਰੀ ਸਤੇਂਦਰ ਜੈਨ, ਪੀਐਸਪੀਸੀਐਲ ਦੇ ਪ੍ਰਧਾਨ ਬਲਦੇਵ ਸਿੰਘ ਸਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਦੀ ਗੈਰਹਾਜ਼ਰੀ ਵਿੱਚ ਇੱਕ ਅਧਿਕਾਰਤ ਮੀਟਿੰਗ ਕੀਤੀ।
ਰਾਜਾ ਵੜਿੰਗ ਨੇ ਇੱਕ ਹੋਰ ਟਵੀਟ 'ਚ ਕਿਹਾ, 'ਕੀ ਪੰਜਾਬ ਨੂੰ ਦਿੱਲੀ ਵਾਲਿਆਂ ਦੀ ਕਠਪੁਤਲੀ ਬਣਾ ਦਿੱਤਾ ਜਾਵੇਗਾ, ਕਿਸ ਸਮਰੱਥਾ 'ਚ ਤੇ ਕਿਸ ਮੁੱਦੇ 'ਤੇ ਇਹ ਮੀਟਿੰਗ ਹੋਈ। ਸੀਐਮ ਸਾਹਿਬ ਇਸ ਨੂੰ ਜਨਤਕ ਕਰੋ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਵੀ ਪੰਜਾਬ ਦੀ 'ਆਪ' ਸਰਕਾਰ 'ਤੇ ਦਿੱਲੀ ਦਾ ਕੰਟਰੋਲ ਹੋਣ ਦੇ ਦੋਸ਼ ਲਗਾ ਚੁੱਕੇ ਹਨ। ਸਿੱਧੂ ਨੇ ਤਾਂ ਇੱਥੋਂ ਤਕ ਕਹਿ ਦਿੱਤਾ ਕਿ ਦਿੱਲੀ ਵਿੱਚ ਬੈਠੇ ਲੋਕ ਪੰਜਾਬ ਸਰਕਾਰ ਨੂੰ ਕੰਟਰੋਲ ਕਰ ਰਹੇ ਹਨ। ਉਨ੍ਹਾਂ ਕਿਹਾ ਸੀ ਕਿ ਦਿੱਲੀ ਦੇ ਰਿਮੋਟ ਕੰਟਰੋਲ ਲਈ ਨਵੀਆਂ ਬੈਟਰੀਆਂ ਲੱਭੀਆਂ ਗਈਆਂ ਹਨ।