ਸ਼ੰਕਰ ਦਾਸ ਦੀ ਰਿਪੋਰਟ


ਚੰਡੀਗੜ੍ਹ: ਸੂਬੇ ਦੀ ਪਿਛਲੀ ਕਾਂਗਰਸ ਸਰਕਾਰ ਦੇ ਸਮੇਂ ਦੌਰਾਨ ਐਸਸੀ ਪੋਸਟ ਮੈਟ੍ਰਿਕ ਸਕਾਲਰਸ਼ਿਪ ’ਚ ਹੋਈ ਗੜਬੜੀ ਦੇ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਖ਼ਤ ਕਾਰਵਾਈ ਦੇ ਮੂਡ ਵਿੱਚ ਹਨ। ਪੰਜਾਬ ਸਰਕਾਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ (Post Matric Scholarship Scam) ਦੀ ਜਾਂਚ ਸੀਬੀਆਈ ਤੋਂ ਕਰਵਾਉਣ ਲਈ ਤਿਆਰ ਹੈ। ਪੰਜਾਬ ਸਰਕਾਰ ਜਲਦੀ ਹੀ ਸਾਰੇ ਦਸਤਾਵੇਜ਼ ਸੀਬੀਆਈ ਨੂੰ ਦੇ ਸਕਦੀ ਹੈ।


ਕਰੀਬ ਇੱਕ ਮਹੀਨਾ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੋਲ ਸਾਰੇ ਕਾਗਜ਼ਾਤ ਆ ਗਏ ਸਨ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਫੈਸਲਾ ਕੀਤਾ ਕਿ ਜੇਕਰ ਸੀਬੀਆਈ ਇਸ ਮਾਮਲੇ ਦੀ ਜਾਂਚ ਕਰਨਾ ਚਾਹੁੰਦੀ ਹੈ ਤਾਂ ਪੰਜਾਬ ਸਰਕਾਰ ਇਹ ਜਾਂਚ ਸੀਬੀਆਈ ਨੂੰ ਦੇਣ ਲਈ ਤਿਆਰ ਹੈ। ਦਰਅਸਲ 'ਚ ਅਨੁਸੂਚਿਤ ਜਾਤੀ ਸਕਾਲਰਸ਼ਿਪ ਲਈ ਫੰਡਾਂ ਦੀ ਦੁਰਵਰਤੋਂ ਤੇ ਗਬਨ ਨੂੰ ਲੈ ਕੇ ਲਗਾਤਾਰ ਸਵਾਲ ਉੱਠ ਰਹੇ ਹਨ। ਇਸ ਘਪਲੇ ਵਿੱਚ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਨਾਂ ਲਗਾਤਾਰ ਸਾਹਮਣੇ ਆ ਰਿਹਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿੱਤਾ ਸੀ ਕਿ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਜਨਤਕ ਪੈਸੇ ਦੀ ਵੰਡ ਵਿੱਚ ਬੇਨਿਯਮੀਆਂ ਤੇ ਕਿਸੇ ਵੀ ਕੁਤਾਹੀ ਦਾ ਪਤਾ ਲਾਉਣ ਲਈ ਇਸ ਮਾਮਲੇ ਦੀ ਹਰੇਕ ਪੱਖ ਤੋਂ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸਮਾਜ ਦੇ ਪਛੜੇ ਵਰਗਾਂ ਵਿਰੁੱਧ ਨਾਸਹਿਣਯੋਗ ਅਪਰਾਧ ਹੈ ਤੇ ਇਸ ਵਿੱਚ ਜੋ ਵੀ ਦੋਸ਼ੀ ਪਾਇਆ ਗਿਆ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਤੇ ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਦੱਸਣਯੋਗ ਹੈ ਕਿ ਕਾਂਗਰਸ ਸਰਕਾਰ ਦੇ ਸਮੇਂ ਕੈਬਨਿਟ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ‘ਤੇ ਵਜੀਫਾ ਘੁਟਾਲੇ ਦੇ ਦੋਸ਼ ਲੱਗੇ ਸਨ। ਉਸ ਸਮੇਂ ਵਜੀਫੇ ਦੀ ਰਕਮ ਵਿੱਚ 63.91 ਕਰੋੜ ਰੁਪਏ ਦੀ ਹੇਰਾਫੇਰੀ ਹੋਣ ਦੀ ਸੂਚਨਾ ਸੀ। ਦੋਸ਼ ਲੱਗੇ ਸਨ ਕਿ 39 ਕਰੋੜ ਰੁਪਏ ਦੀ ਵਜ਼ੀਫ਼ਾ ਰਾਸ਼ੀ ਵੰਡਣ ਦਾ ਕੋਈ ਰਿਕਾਰਡ ਨਹੀਂ ਸੀ। ਇਸ ਦੇ ਨਾਲ ਹੀ ਉਨ੍ਹਾਂ ਕਾਲਜਾਂ ਤੇ ਯੂਨੀਵਰਸਿਟੀਆਂ ਨੂੰ 16.91 ਕਰੋੜ ਰੁਪਏ ਹੋਰ ਜਾਰੀ ਕੀਤੇ ਗਏ, ਜਿਨ੍ਹਾਂ ਤੋਂ 8 ਕਰੋੜ ਰੁਪਏ ਵਸੂਲੇ ਜਾਣੇ ਸਨ। ਹਾਲਾਂਕਿ ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਮੰਤਰੀ ਖਿਲਾਫ ਜਾਂਚ ਬਿਠਾਈ ਸੀ, ਜਿਸ ‘ਚ ਕੈਬਨਿਟ ਮੰਤਰੀ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਸੀ।