Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਪਸ਼ਟ ਕਰ ਦਿੱਤਾ ਹੈ ਕਿ ਜਿਸ ਥਾਣੇ 'ਚ ਨਸ਼ਾ ਵੇਚਿਆ ਗਿਆ, ਉਸ ਥਾਣੇ ਦੇ ਐਸਐਚਓ ਤੇ ਐਸਐਸਪੀ ਜ਼ਿੰਮੇਵਾਰ ਹੋਣਗੇ। ਮੁੱ ਮੰਤਰੀ ਨੇ ਇਹ ਹੁਕਮ ਵੀਰਵਾਰ ਨੂੰ ਚੰਡੀਗੜ੍ਹ 'ਚ ਨਸ਼ਿਆਂ ਦੇ ਮੁੱਦੇ 'ਤੇ ਪੁਲਿਸ ਕਮਿਸ਼ਨਰ, ਐਸਐਸਪੀ ਤੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੌਰਾਨ ਜਾਰੀ ਕੀਤਾ।



ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਸਮੂਹ ਐਸਐਸਪੀਜ਼ ਤੇ ਪੁਲਿਸ ਕਮਿਸ਼ਨਰਾਂ ਨੂੰ ਕਿਹਾ ਗਿਆ ਹੈ ਕਿ ਜੇਕਰ ਸਪੈਸ਼ਲ ਟਾਸਕ ਫੋਰਸ ਨੂੰ ਕੋਈ ਨਸ਼ਾ ਫੜਦਾ ਹੈ ਜਾਂ ਕਿਸੇ ਵੀ ਥਾਂ ਤੋਂ ਸ਼ਿਕਾਇਤ ਮਿਲਦੀ ਹੈ ਤਾਂ ਤੁਰੰਤ ਫਾਰਮ ਦਰਜ ਕੀਤਾ ਜਾਵੇ। ਪੁਲਿਸ ਨੂੰ ਉਸ ਦੀ ਸਪਲਾਈ ਤੱਕ ਪਹੁੰਚਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਨਸ਼ਿਆਂ ਦੀ ਸਮੱਸਿਆ ਨੂੰ ਖਤਮ ਕਰਨ ਲਈ ਰੂਪ ਰੇਖਾ ਤਿਆਰ ਕਰਨ ਲਈ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ।

ਮਾਨ ਨੇ ਕਿਹਾ ਕਿ ਨਸ਼ਾ ਲੈਣ ਵਾਲੇ ਮਰੀਜ਼ ਹਨ ਤਸਕਰ ਨਹੀਂ। ਅਸੀਂ ਉਨ੍ਹਾਂ ਨੂੰ ਹਸਪਤਾਲ ਲੈ ਜਾਵਾਂਗੇ। ਇਸ ਲਈ 208 ਓਟ ਕਲੀਨਕਾਂ ਨੂੰ ਵਧਾ ਕੇ ਇੱਕ ਹਜ਼ਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਛੱਡ ਚੁੱਕੇ ਨੌਜਵਾਨ ਹੁਣ ਨਸ਼ਾ ਕਰਨ ਵਾਲਿਆਂ ਦੀ ਕਾਊਂਸਲਿੰਗ ਕਰਕੇ ਅੱਗੇ ਵਧਣਗੇ। ਸਰਕਾਰ ਉਨ੍ਹਾਂ ਨੂੰ ਪੈਸੇ ਦੇ ਕੇ ਉਨ੍ਹਾਂ ਨੂੰ ਨੌਕਰੀ 'ਤੇ ਰੱਖੇਗੀ। ਮਾਨ ਨੇ ਕਿਹਾ ਕਿ ਸਰਕਾਰ ਨਸ਼ਿਆਂ ਨੂੰ ਖਤਮ ਕਰਨ ਲਈ ਸੁਹਿਰਦਤਾ ਤੇ ਗੰਭੀਰਤਾ ਨਾਲ ਲੱਗੀ ਹੋਈ ਹੈ। ਨਸ਼ੇ ਦੇ ਆਦੀ ਵਿਅਕਤੀਆਂ ਨੂੰ ਮੈਡੀਕਲ ਸਹਾਇਤਾ ਤੋਂ ਇਲਾਵਾ ਕਾਊਂਸਲਿੰਗ ਤੇ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ। ਸਰਕਾਰ ਉਨ੍ਹਾਂ ਦੀ ਟ੍ਰੈਕਿੰਗ ਵੀ ਕਰੇਗੀ, ਤਾਂ ਜੋ ਉਹ ਦੁਬਾਰਾ ਨਸ਼ਾ ਨਾ ਕਰਨ।

ਮਾਨ ਸਰਕਾਰ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਦਾ ਵੀ ਪੁਨਰਗਠਨ ਕਰ ਰਹੀ ਹੈ। ਇਸ ਤਹਿਤ ਹੁਣ ਹਰ ਜ਼ਿਲ੍ਹੇ ਵਿੱਚ ਐਸਟੀਐਫ ਦੀਆਂ 2-2 ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ ਤੇ ਸਰਹੱਦੀ ਖੇਤਰ ਵਿੱਚ 4-4 ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਾਰੇ ਜ਼ਿਲ੍ਹਿਆਂ ਦੇ ਡੀਸੀ, ਐਸਐਸਪੀ ਤੇ ਪੁਲਿਸ ਕਮਿਸ਼ਨਰਾਂ ਨੂੰ ਐਸਟੀਐਫ ਟੀਮਾਂ ਨੂੰ ਪੂਰਾ ਸਹਿਯੋਗ ਦੇਣ ਦੇ ਆਦੇਸ਼ ਜਾਰੀ ਕੀਤੇ ਹਨ।