Farmers Protest: ਪੰਜਾਬ ਦੇ ਕਿਸਾਨਾਂ ਨੇ ਅੱਜ ਦਿੱਲੀ ਵੱਲ ਧਾਵਾ ਬੋਲਿਆ ਹੈ। ਬੇਸ਼ੱਕ ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਰੋਕਣ ਲਈ ਹੱਦਾਂ ਸੀਲ ਕਰ ਦਿੱਤੀਆਂ ਹਨ ਪਰ ਪੰਜਾਬ ਸਰਕਾਰ ਕਿਸਾਨਾਂ ਪ੍ਰਤੀ ਨਰਮੀ ਵਰਤ ਰਹੀ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਪੰਜਾਬ ਦੀਆਂ ਸਿਆਸੀ ਪਾਰਟੀਆਂ ਦਾ ਵੀ ਸਮਰਥਨ ਮਿਲ ਰਿਹਾ ਹੈ। ਇਹੀ ਕਾਰਨ ਹੈ ਕਿ ਕਿਸਾਨਾਂ ਦੇ ਹੌਸਲੇ ਬੁਲੰਦ ਹਨ। 


ਹਾਸਲ ਜਾਣਕਾਰੀ ਮੁਤਾਬਕ ਪਿੰਡਾਂ ਤੋਂ ਨਿਕਲ ਦਿੱਲੀ ਵੱਲ ਜਾਣ ਵਾਲੇ ਕਿਸਾਨਾਂ ਨੂੰ ਪੰਜਾਬ ਵਿੱਚ ਕਿਤੇ ਵੀ ਨਹੀਂ ਰੋਕਿਆ ਜਾ ਰਿਹਾ। ਪੰਜਾਬ ਦੇ ਕਿਸਾਨ ਬਗੈਰ ਕਿਸੇ ਰੋਕ-ਟੋਕ ਹਰਿਆਣਾ ਦੀਆਂ ਹੱਦਾਂ ਨੇੜੇ ਪਹੁੰਚ ਗਏ ਹਨ। ਅੱਜ ਕਿਸਾਨ ਹਰਿਆਣਾ ਸਰਕਾਰ ਵੱਲੋਂ ਲਾਈਆਂ ਰੋਕਾਂ ਤੋੜ ਕੇ ਦਿੱਲੀ ਵੱਲ ਜਾਣਗੇ। 



ਦੱਸ ਦਈਏ ਕਿ ਪੰਜਾਬ ਸਰਕਾਰ ਸ਼ੁਰੂ ਤੋਂ ਹੀ ਕਿਸਾਨਾਂ ਦੇ ਨਾਲ ਖੜ੍ਹੀ ਹੈ। ਇਸ ਪਿੱਛੇ ਸਭ ਤੋਂ ਵੱਡਾ ਕਾਰਨ ਇਹ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਲੋਕ ਸਭਾ ਚੋਣਾਂ ਹਨ। ਇਸ ਤੋਂ ਬਾਅਦ ਪੰਚਾਇਤੀ ਚੋਣਾਂ ਵੀ ਤੈਅ ਹਨ। ਅਜਿਹੇ ਵਿੱਚ ਸਰਕਾਰ ਕਿਸਾਨਾਂ ਦੀ ਨਾਰਾਜ਼ਗੀ ਸਹੇੜਣ ਦੇ ਹੱਕ ਵਿੱਚ ਨਹੀਂ। 



ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਉਹ ਨਹੀਂ ਚਾਹੁੰਦੇ ਕਿ ਕਿਸਾਨਾਂ ਨੂੰ ਆਪਣੀਆਂ ਮੰਗਾਂ ਦੀ ਪੂਰਤੀ ਲਈ ਧਰਨਾ ਲਾਉਣ ਪਵੇ। ਇਸ ਲਈ ਮੀਟਿੰਗਾਂ ਰਾਹੀਂ ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਦੂਜੇ ਪਾਸੇ ਕਾਂਗਰਸ ਤੇ ਅਕਾਲੀ ਦਲ ਵੀ ਕਿਸਾਨਾਂ ਦੇ ਨਾਲ ਖੜ੍ਹੇ ਹਨ।



ਹਾਸਲ ਜਾਣਕਾਰੀ ਮੁਤਾਬਕ ਕਿਸਾਨਾਂ ਦੇ ਸੰਘਰਸ਼ ਕਾਰਨ ਹਰਿਆਣਾ ਨੇ ਕੇਂਦਰ ਸਰਕਾਰ ਤੋਂ ਨੀਮ ਫੌਜੀ ਬਲਾਂ ਦੀਆਂ ਟੁਕੜੀਆਂ ਲਈਆਂ ਹਨ ਪਰ ਪੰਜਾਬ ਪੁਲਿਸ ਨੇ ਕੇਂਦਰ ਤੋਂ ਕੋਈ ਟੁਕੜੀ ਨਹੀਂ ਮੰਗੀ। ਇਸ ਦੇ ਨਾਲ ਹੀ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਪੂਰੀ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ।