ਵੱਡੀ ਖ਼ਬਰ! ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਪਾਲਿਸੀ ਲਈ ਵਾਪਸ
ਪੰਜਾਬ ਵਿੱਚ ਲੈਂਡ ਪੂਲਿੰਗ ਪਾਲਿਸੀ ਨੂੰ ਲੈਕੇ ਥਾਂ-ਥਾਂ 'ਤੇ ਪ੍ਰਦਰਸ਼ਨ ਚੱਲ ਰਹੇ ਸਨ, ਜਿਸ ਨੂੰ ਲੈਕੇ ਅੱਜ ਵੱਡੀ ਖ਼ਬਰ ਸਾਹਮਣੇ ਆਈ ਹੈ।

Punjab News: ਕਿਸਾਨਾਂ ਲਈ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਰਾਹਤ ਦਿੰਦਿਆਂ ਹੋਇਆਂ ਲੈਂਡ ਪੂਲਿੰਗ ਪਾਲਿਸੀ ਵਾਪਸ ਲੈ ਲਈ ਹੈ।
ਇਸ ਸਬੰਧੀ ਪੰਜਾਬ ਸਰਕਾਰ ਦੇ ਹਾਊਸਿੰਗ ਅਤੇ ਸ਼ਹਿਰੀ ਵਿਕਾਸ ਦੇ ਪ੍ਰਮੁੱਖ ਸਕੱਤਰ ਨੇ ਇੱਕ ਪੱਤਰ ਜਾਰੀ ਕੀਤਾ ਹੈ। ਇਸ ਵਿੱਚ ਕਿਹਾ ਗਿਆ ਹੈ ਕਿ 14 ਮਈ, 2025 ਨੂੰ ਲਿਆਂਦੀ ਗਈ ਪੰਜਾਬ ਭੂਮੀ ਨੀਤੀ ਅਤੇ ਇਸ ਨਾਲ ਸਬੰਧਤ ਸੋਧਾਂ ਨੂੰ ਵਾਪਸ ਲਿਆ ਜਾ ਰਿਹਾ ਹੈ। ਇਸ ਨੀਤੀ ਤਹਿਤ ਜਾਰੀ ਕੀਤਾ ਗਿਆ ਇਰਾਦਾ ਪੱਤਰ (LOI), ਰਜਿਸਟ੍ਰੇਸ਼ਨ ਅਤੇ ਕੋਈ ਵੀ ਹੋਰ ਕੰਮ ਵਾਪਸ ਲਿਆ ਜਾਂਦਾ ਹੈ।
ਤੁਹਾਨੂੰ ਦੱਸ ਦਈਏ ਕਿ ਪੰਜਾਬ ਦੇ ਕਿਸਾਨ ਲਗਾਤਾਰ ਇਸ ਨੀਤੀ ਦਾ ਵਿਰੋਧ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਨੀਤੀ ਰਾਹੀਂ ਸਰਕਾਰ ਉਨ੍ਹਾਂ ਦੀ ਜ਼ਮੀਨ ਹੜੱਪਣਾ ਚਾਹੁੰਦੀ ਹੈ। ਇਹ ਮਾਮਲਾ ਹਾਈ ਕੋਰਟ ਵਿੱਚ ਵੀ ਪਹੁੰਚਿਆ। ਹਾਈ ਕੋਰਟ ਨੇ ਕੁਝ ਦਿਨ ਪਹਿਲਾਂ ਇਸ ਮਾਮਲੇ ਵਿੱਚ 4 ਹਫ਼ਤਿਆਂ ਦੀ ਸਟੇਅ ਲਗਾਈ ਸੀ। ਇਸ ਮਾਮਲੇ ਦੀ ਸੁਣਵਾਈ 10 ਸਤੰਬਰ ਨੂੰ ਹਾਈ ਕੋਰਟ ਵਿੱਚ ਹੋਵੇਗੀ।
ਜ਼ਿਕਰ ਕਰ ਦਈਏ ਕਿ ਲੈਂਡ ਪੂਲਿੰਗ ਪਾਲਿਸੀ ਦਾ ਪੰਜਾਬ ਵਿੱਚ ਕਾਫੀ ਵਿਰੋਧ ਕੀਤਾ ਜਾ ਰਿਹਾ ਸੀ। ਜਿੱਥੇ ਪਿਛਲੇ ਦਿਨੀਂ ਕਿਸਾਨਾਂ ਨੇ ਲੁਧਿਆਣਾ ਵਿੱਚ ਵੱਡਾ ਇਕੱਠ ਕੀਤਾ ਅਤੇ ਅੱਜ ਵੀ ਸਾਈਕਲ ਰੈਲੀ ਕੱਢੀ ਗਈ।
ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਪੰਜਾਬ ਸਰਕਾਰ ਵਿਰੁੱਧ ਲੈਂਡ ਪੂਲਿੰਗ ਪਾਲਿਸੀ ਨੂੰ ਲੈਕੇ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਸੀ।























