ਚੰਡੀਗੜ੍ਹ: ਸ਼ੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਮਹਾਨ ਸਿੱਖ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਜਨਮ ਦਿਹਾੜੇ 'ਤੇ ਗਜ਼ਟਿਡ ਛੁੱਟੀ ਸਬੰਧੀ ਪੈਦਾ ਹੋਈ ਉਲਝਣ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਦੇ ਬੁਲਾਰੇ ਨੇ ਅੱਜ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਾਲ ਹੀ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਭਾਈ ਜੈਤਾ ਜੀ ਦੇ ਜਨਮ ਦਿਹਾੜੇ 'ਤੇ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਸੀ।
ਪੰਜਾਬ ਸਰਕਾਰ ਦੇ ਬੁਲਾਰੇ ਨੇ ਅੱਗੇ ਇਹ ਵੀ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਨੇ ਭਾਈ ਜੈਤਾ ਜੀ ਦੇ ਸ਼ਹੀਦੀ ਦਿਹਾੜੇ ਜੋ ਕਿ ਇਸ ਸਾਲ 23 ਦਸੰਬਰ ਨੂੰ ਮਨਾਇਆ ਜਾ ਰਿਹਾ ਹੈ, 'ਤੇ ਨਾ ਤਾਂ ਕੋਈ ਗਜ਼ਟਿਡ ਅਤੇ ਨਾ ਹੀ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਦੇ ਨਾਲ ਹੀ ਬੁਲਾਰੇ ਨੇ ਅੱਗੇ ਦੱਸਿਆ ਕਿ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਵਸ ਇਸ ਸਾਲ 5 ਸਤੰਬਰ ਨੂੰ ਸੀ ਅਤੇ ਹੁਣ ਮੁੱਖ ਮੰਤਰੀ ਚੰਨੀ ਦੇ ਐਲਾਨ ਅਨੁਸਾਰ ਇਹ ਛੁੱਟੀ ਅਗਲੇ ਸਾਲ ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ (Gazetted Holiday List) ਵਿੱਚ 5 ਸਤੰਬਰ, 2022 ਵਜੋਂ ਸ਼ਾਮਲ ਕੀਤੀ ਜਾਵੇਗੀ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਨੇ ਬਾਬਾ ਜੈਤਾ ਜੀ ਦੇ ਸ਼ਹੀਦੀ ਦਿਹਾੜੇ 'ਤੇ ਛੁੱਟੀ ਦਾ ਐਲਾਨ ਨਹੀਂ ਕੀਤਾ ਸੀ। ਇਸ ਕਰਕੇ ਇਸ ਸਾਲ ਦੀ 23 ਦਸੰਬਰ ਨੂੰ ਵੀ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ ਤੋਂ ਇਲਾਵਾ ਵਿਦਿਅਕ ਅਦਾਰੇ ਪਹਿਲਾਂ ਵਾਂਗ ਖੁੱਲ੍ਹੇ ਰਹਿਣਗੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ