Punjab News: ਉੱਤਰ ਪ੍ਰਦੇਸ਼ ਦੇ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਪੰਜਾਬ ਦੀ ਜੇਲ੍ਹ ਵਿੱਚ ਰੱਖਣ ਤੇ ਉਸ ਦਾ ਕੇਸ ਲੜਣ ਉੱਤੇ ਆਇਆ ਖ਼ਰਚਾ ਪੰਜਾਬ ਸਰਕਾਰ ਨੇ ਹੁਣ ਤਤਕਾਲੀ ਗ੍ਰਹਿ ਮੰਤਰੀ ਤੇ ਜੇਲ੍ਹ ਮੰਤਰੀ ਤੋਂ ਵਸੂਲਣ ਦਾ ਮਨ ਬਣਾ ਲਿਆ ਹੈ। ਇਸ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਅੰਸਾਰੀ ਦੇ ਕੇਸ ਲੜਣ ਦਾ ਖ਼ਰਚਾ ਪੰਜਾਬ ਸਰਕਾਰ ਨਹੀਂ ਦੇਵੇਗੀ ਇਹ ਖ਼ਰਚਾ ਉਸ ਵੇਲੇ ਦੇ ਗ੍ਰਹਿ ਮੰਤਰੀ ਤੇ ਜੇਲ੍ਹ ਮੰਤਰੀ ਤੋਂ ਵਸੂਲਿਆ ਜਾਵੇਗਾ।


ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ,   UP ਦੇ ਗੈਂਗਸਟਰ ਅੰਸਾਰੀ ਨੂੰ ਆਪਣੀ ਦੋਸਤੀ ਨਿਭਾਉਣ ਲਈ ਪੰਜਾਬ ਦੀ ਜੇਲ੍ਹ ਚ ਰੱਖਣ ਅਤੇ ਉਸਦਾ ਕੇਸ ਸੁਪਰੀਮ ਕੋਰਟ ਚ ਲੜਣ ਦੀ ਫੀਸ 55 ਲੱਖ ਪੰਜਾਬ ਦੇ ਖ਼ਜ਼ਾਨੇ ਚੋਂ ਨਹੀ ਦਿੱਤੇ ਜਾਣਗੇ .. ਉਸ ਵੇਲੇ ਦੇ ਗ੍ਰਹਿ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਇਹ ਪੈਸਾ ਵਸੂਲਿਆ ਜਾਵੇਗਾ..ਪੈਸਾ ਨਾ ਦੇਣ ਦੀ ਸੂਰਤ ਵਿੱਚ ਉਹਨਾਂ ਦੀ ਪੈਨਸ਼ਨ ਅਤੇ ਹੋਰ ਸਰਕਾਰੀ ਸਹੂਲਤਾਂ ਰੱਦ ਕੀਤੀਆਂ ਜਾਣਗੀਆ..






ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਉੱਤਰ ਪ੍ਰਦੇਸ਼ ਦੇ ਗੈਂਗਸਟਰ ਮੁਖਤਾਰ ਅੰਸਾਰੀ ਨਾਲ ਸਬੰਧਤ ਲੱਖਾਂ ਰੁਪਏ ਦੇ ਕਾਨੂੰਨੀ ਖ਼ਰਚੇ ਦੀ ਅਦਾਇਗੀ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਸਬੰਧੀ ਕਰੀਬ 55 ਲੱਖ ਰੁਪਏ ਦੀ ਅਦਾਇਗੀ ਵਾਲੀ ਫਾਈਲ ਵਾਪਸ ਮੋੜ ਦਿੱਤੀ ਗਈ ਹੈ। ਇਹ ਬਿੱਲ ਸੁਪਰੀਮ ਕੋਰਟ ਦੇ ਇੱਕ ਸੀਨੀਅਰ ਵਕੀਲ ਦਾ ਸੀ, ਜਿਸ ਨੇ ਕੈਪਟਨ ਸਰਕਾਰ ਵੇਲੇ ਪੰਜਾਬ ਦੀ ਰੋਪੜ ਜੇਲ੍ਹ ਵਿੱਚ ਮੁਖਤਾਰ ਅੰਸਾਰੀ ਦੀ ਮੌਜੂਦਗੀ ਕਾਇਮ ਰੱਖਣ ਸਬੰਧੀ ਸੁਪਰੀਮ ਕੋਰਟ ’ਚ ਕੇਸ ਲੜਿਆ ਸੀ। ਇਸ ਵਕੀਲ ਦੀ ਹਰ ਪੇਸ਼ੀ ਪੰਜਾਬ ਸਰਕਾਰ ਨੂੰ ਕਰੀਬ 11 ਲੱਖ ਰੁਪਏ ਵਿੱਚ ਪਈ ਸੀ।


ਦੱਸ ਦਈਏ ਕਿ ਇਸ ਬਾਰੇ ਮੁੱਖ ਮੰਤਰੀ ਮਾਨ ਨੇ ਕਿਹਾ ਸੀ ਕਿ ਅੰਸਾਰੀ ਨੂੰ ਪੰਜਾਬ 'ਚ ਰੱਖਣ ਦਾ ਕੋਈ ਮਤਲਬ ਨਹੀਂ ਬਣਦਾ ਸੀ ਪਰ ਪੁਰਾਣੀ ਸਰਕਾਰ ਦੇ ਨੇਤਾਵਾਂ ਨੇ ਉਸ ਨਾਲ ਦੋਸਤੀ ਨਿਭਾਈ ਤੇ ਇਸ 'ਤੇ 55 ਲੱਖ ਰੁਪਏ ਦਾ ਖਰਚਾ ਆਇਆ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਦੇ ਲੋਕਾਂ ਦੇ ਟੈਕਸ ਦਾ ਪੈਸਾ ਅੰਸਾਰੀ 'ਤੇ ਕਿਸੇ ਵੀ ਕੀਮਤ 'ਤੇ ਖਰਚ ਨਹੀਂ ਹੋਣ ਦਿੱਤਾ ਜਾਵੇਗਾ।