Punjab News: ਪੰਜਾਬ ਦੇ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਵੱਡਾ ਤੋਹਫਾ ਮਿਲ ਸਕਦਾ ਹੈ। ਪੰਜਾਬ ਸਰਕਾਰ ਮੁਲਾਜ਼ਮਾਂ ਲਈ ਨਵੇਂ ਸਾਲ ਮੌਕੇ ਵੱਡਾ ਐਲਾਨ ਕਰ ਸਕਦੀ ਹੈ। ਇਸ ਲਈ ਮੁਲਾਜ਼ਮ ਜਥੇਬੰਦੀਆਂ ਨਾਲ 30 ਦਸੰਬਰ ਨੂੰ ਮੀਟਿੰਗ ਰੱਖੀ ਗਈ ਹੈ। ਪਹਿਲਾਂ ਇਹ ਮੀਟਿੰਗ 28 ਦਸੰਬਰ ਨੂੰ ਹੋਣੀ ਸੀ।
ਹਾਸਲ ਜਾਣਕਾਰੀ ਮੁਤਾਬਕ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ 28 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਹੈ। ਹੁਣ ਇਹ ਮੀਟਿੰਗ 30 ਦਸੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਵੇਗੀ। ਇਸ ਮੀਟਿੰਗ ਮਗਰੋਂ ਪੰਜਾਬ ਸਰਕਾਰ ਵੱਡਾ ਐਲਾਨ ਕਰ ਸਕਦੀ ਹੈ।
ਦਰਅਸਲ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਹੱਕ ਕਰਨ ਵਿੱਚ ਜੁੱਟ ਗਈ ਹੈ। ਮੁਲਾਜ਼ਮ ਜਥੇਬੰਦੀਆਂ ਦੇ ਧਰਨਿਆਂ-ਮੁਜ਼ਾਹਰਿਆਂ ਕਾਰਨ ਭਗਵੰਤ ਮਾਨ ਸਰਕਾਰ ਉੱਪਰ ਲਗਾਤਾਰ ਸਵਾਲ ਉੱਠ ਰਹੇ ਹਨ। ਇਸ ਲਈ ਪੰਜਾਬ ਸਰਕਾਰ ਹੁਣ ਮੁਲਾਜ਼ਮਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਮਸਲੇ ਹੱਲ ਕਰਨ ਵਿੱਚ ਜੁੱਟ ਗਈ ਹੈ।
ਇਸ ਮੀਟਿੰਗ ਵਿੱਚ ਸਿੱਖਿਆ ਮੰਤਰੀ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਸੁਣਨਗੇ। ਮੰਨਿਆ ਜਾ ਰਿਹਾ ਹੈ ਕਿ ਮੀਟਿੰਗ ਵਿੱਚ ਹਰਜੋਤ ਸਿੰਘ ਬੈਂਸ ਮੁਲਾਜ਼ਮਾਂ ਦੀਆਂ ਕੁਝ ਮੰਗਾਂ ਮੰਨ ਕੇ ਉਨ੍ਹਾਂ ਨੂੰ ਨਵੇਂ ਸਾਲ ਦਾ ਤੋਹਫ਼ਾ ਵੀ ਦੇ ਸਕਦੇ ਹਨ।
ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕੱਚੇ ਕਾਮਿਆਂ ਨੂੰ ਪੱਕਾ ਕਰਨ ਦਾ ਫੈਸਲਾ ਕੀਤਾ ਸੀ। 8736 ਅਧਿਆਪਕਾਂ ਨੂੰ ਪੱਕਾ ਕਰਨ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਨ੍ਹਾਂ ਅਧਿਆਪਕਾਂ ਨੂੰ ਪੱਕਾ ਕਰਨ ਦਾ ਐਲਾਨ ਸੂਬਾ ਸਰਕਾਰ ਵੱਲੋਂ 5 ਸਤੰਬਰ ਨੂੰ ਸਿੱਖਿਆ ਦਿਵਸ ਮੌਕੇ ਕੀਤਾ ਗਿਆ ਸੀ।
ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਸਰਕਾਰੀ ਵਿਭਾਗਾਂ ਵਿੱਚ ਕੰਮ ਕਰਦੇ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਤਿਆਰੀ ਕਰ ਲਈ ਹੈ। ਇਸ ਦੌਰਾਨ ਕੋਈ ਕਾਨੂੰਨੀ ਅੜਚਣ ਨਾ ਆਈ ਤਾਂ ਮੁਲਾਜ਼ਮਾਂ ਨੂੰ ਵਿਸ਼ੇਸ਼ ਕੇਡਰ ਤਹਿਤ ਰੈਗੂਲਰ ਕੀਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।