(Source: ECI/ABP News)
Fatehgarh Sahib: 20 ਤੋਂ 30 ਦਸੰਬਰ ਤੱਕ ਕੋਈ ਵੀ ਖੁਸ਼ੀ ਦਾ ਸਮਾਗਮ ਨਹੀਂ ਕਰਵਾਏਗੀ ਪੰਜਾਬ ਸਰਕਾਰ
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ 20 ਤੋਂ 30 ਦਸੰਬਰ ਤੱਕ ਕੋਈ ਵੀ ਖੁਸ਼ੀ ਦਾ ਸਮਾਗਮ ਨਹੀਂ ਕਰਵਾਏਗੀ। ਉਨ੍ਹਾਂ ਕਿਹਾ ਕਿ ਇਹ ਸੂਬਾ ਸਰਕਾਰ ਵੱਲੋਂ ਦਸਮੇਸ਼ ਪਿਤਾ ਦੇ ਪਰਿਵਾਰ ਦੀ ਮਹਾਨ ਕੁਰਬਾਨੀ ਨੂੰ ਨਿਮਾਣੀ ਜਿਹੀ ਸ਼ਰਧਾਜਲੀ ਹੋਵੇਗੀ।
![Fatehgarh Sahib: 20 ਤੋਂ 30 ਦਸੰਬਰ ਤੱਕ ਕੋਈ ਵੀ ਖੁਸ਼ੀ ਦਾ ਸਮਾਗਮ ਨਹੀਂ ਕਰਵਾਏਗੀ ਪੰਜਾਬ ਸਰਕਾਰ Punjab government will not organize any happy event from 20 to 30 December Fatehgarh Sahib: 20 ਤੋਂ 30 ਦਸੰਬਰ ਤੱਕ ਕੋਈ ਵੀ ਖੁਸ਼ੀ ਦਾ ਸਮਾਗਮ ਨਹੀਂ ਕਰਵਾਏਗੀ ਪੰਜਾਬ ਸਰਕਾਰ](https://feeds.abplive.com/onecms/images/uploaded-images/2023/12/07/1c11cba0d0abad5c6a94b625870705121701956240070674_original.jpg?impolicy=abp_cdn&imwidth=1200&height=675)
Punjab News: ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸ਼ਹੀਦ ਜੋੜ ਮੇਲ ਦੌਰਾਨ ਅਕੀਦਤ ਭੇਟ ਕਰਨ ਲਈ ਫਤਹਿਗੜ੍ਹ ਸਾਹਿਬ ਆਉਣ ਵਾਲੇ ਹਜ਼ਾਰਾਂ ਸ਼ਰਧਾਲੂਆਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਪਵਿੱਤਰ ਧਰਤੀ ਨਾ ਸਿਰਫ਼ ਸਿੱਖਾਂ, ਸਗੋਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਦਾ ਸਰੋਤ ਹੈ ਅਤੇ ਸਾਡੇ ਵਿੱਚੋਂ ਹਰ ਕੋਈ ਹਰੇਕ ਸਾਲ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜ਼ਰੀ ਦੀ ਸ਼ਹਾਦਤ ਅੱਗੇ ਸਿਰ ਝੁਕਾਉਣ ਲਈ ਇੱਥੇ ਪੁੱਜਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸ਼ਹੀਦੀ ਜੋੜ ਮੇਲ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ ’ਤੇ ਇਸ ਕੰਮ ਦੀ ਨਿਗਰਾਨੀ ਕਰਨਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਸ ਕਾਰਜ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਵਿੱਤਰ ਧਰਤੀ ’ਤੇ ਮਾਤਾ ਗੁਜਰੀ ਜੀ ਸਮੇਤ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫਤਹਿ ਸਿੰਘ ਦੀ ਸ਼ਹਾਦਤ ਨੇ ਯੁੱਗਾਂ ਤੋਂ ਪੰਜਾਬੀਆਂ ਨੂੰ ਅਨਿਆਂ, ਜਬਰ ਅਤੇ ਜ਼ੁਲਮ ਵਿਰੁੱਧ ਲੜਨ ਲਈ ਪ੍ਰੇਰਿਆ ਹੈ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਵੱਲੋਂ ਨਿੱਕੀ ਉਮਰ ਵਿੱਚ ਜੋ ਮਹਾਨ ਕੁਰਬਾਨੀ ਦਿੱਤੀ ਗਈ ਹੈ, ਉਸ ਦੀ ਦੁਨੀਆ ਭਰ ਵਿੱਚ ਕੋਈ ਮਿਸਾਲ ਨਹੀਂ ਮਿਲਦੀ।
ਮੁੱਖ ਮੰਤਰੀ ਨੇ ਕਿਹਾ ਕਿ ਹਰ ਸਾਲ ਸ਼ਹੀਦੀ ਸਭਾ ਦੌਰਾਨ ਲੱਖਾਂ ਸ਼ਰਧਾਲੂ ਇਸ ਪਵਿੱਤਰ ਅਸਥਾਨ ਦੇ ਦਰਸ਼ਨਾਂ ਲਈ ਆਉਂਦੇ ਹਨ, ਇਸ ਲਈ ਸੂਬਾ ਸਰਕਾਰ ਵੱਲੋਂ ਇਸ ਨਗਰ ਦੀ ਮੁਕੰਮਲ ਰੂਪ ਵਿੱਚ ਨੁਹਾਰ ਬਦਲੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਅਸਥਾਨ ’ਤੇ ਆਉਣ ਵਾਲੇ ਸ਼ਰਧਾਲੂਆਂ ਨੂੰ ਸਹੂਲਤਾਂ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਸ਼ਰਧਾਲੂ ਨੂੰ ਯਾਤਰਾ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਇਸ ਲਈ ਬਣਦੀ ਵਿਵਹਾਰਕ ਵਿਵਸਥਾ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਦਸੰਬਰ ਦਾ ਮਹੀਨਾ, ਜਿਸ ਦੌਰਾਨ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਮੁੱਚੇ ਪਰਿਵਾਰ ਨੂੰ ਸ਼ਹੀਦ ਕੀਤਾ ਗਿਆ ਸੀ, ਸਮੁੱਚੀ ਮਨੁੱਖਤਾ ਲਈ ਸੋਗ ਦਾ ਮਹੀਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ 20 ਤੋਂ 30 ਦਸੰਬਰ ਤੱਕ ਕੋਈ ਵੀ ਖੁਸ਼ੀ ਦਾ ਸਮਾਗਮ ਨਹੀਂ ਕਰਵਾਏਗੀ। ਉਨ੍ਹਾਂ ਕਿਹਾ ਕਿ ਇਹ ਸੂਬਾ ਸਰਕਾਰ ਵੱਲੋਂ ਦਸਮੇਸ਼ ਪਿਤਾ ਦੇ ਪਰਿਵਾਰ ਦੀ ਮਹਾਨ ਕੁਰਬਾਨੀ ਨੂੰ ਨਿਮਾਣੀ ਜਿਹੀ ਸ਼ਰਧਾਜਲੀ ਹੋਵੇਗੀ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)