NRI Punjabian nal Milni programs: ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਅਤੇ ਸ਼ਿਕਾਇਤਾਂ ਨੂੰ ਛੇਤੀ ਅਤੇ ਤਸੱਲੀਬਖ਼ਸ਼ ਢੰਗ ਨਾਲ ਨਜਿੱਠਣ ਲਈ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਨਾਮਕ ਚਾਰ ਪ੍ਰੋਗਰਾਮਾਂ ਦਾ ਆਯੋਜਨ ਕਰੇਗੀ।


ਇਹ ਜਾਣਕਰੀ ਦਿੰਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ  ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਸਮਾਗਮਾਂ ਦੀ ਸ਼ੁਰੂਆਤ 3 ਫ਼ਰਵਰੀ ਨੂੰ ਪਠਾਨਕੋਟ ਤੋਂ ਹੋਵੇਗੀ, ਜਿੱਥੇ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਹੁਸ਼ਿਆਪੁਰ ਆਦਿ ਜ਼ਿਲਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ।


ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸੇ ਤਰਾਂ ਹੀ 9 ਫ਼ਰਵਰੀ ਨੂੰ ਐਸ.ਬੀ.ਐਸ ਨਗਰ (ਨਵਾਂ ਸ਼ਹਿਰ) ਵਿਖੇ ਐਸ.ਬੀ.ਐਸ ਨਗਰ, ਰੂਪਨਗਰ, ਜਲੰਧਰ, ਕਪੂਰਥਲਾ ਅਤੇ ਐਸ.ਏ.ਐਸ ਨਗਰ (ਮੁਹਾਲੀ) ਆਦਿ ਜ਼ਿਲ੍ਹਿਆਂ ਜਦਕਿ 16 ਫ਼ਰਵਰੀ ਨੂੰ ਸੰਗਰੂਰ ਵਿਖੇ ਸੰਗਰੂਰ, ਪਟਿਆਲਾ, ਬਰਨਾਲਾ, ਫਤਿਹਗੜ੍ਹ ਸਾਹਿਬ, ਮਲੇਰਕੋਟਲਾ, ਬਠਿੰਡਾ, ਲੁਧਿਆਣਾ ਅਤੇ ਮਾਨਸਾ ਆਦਿ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਹੱਲ ਕੀਤੇ ਜਾਣਗੇ। 


ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ 22 ਫ਼ਰਵਰੀ ਨੂੰ ਫਿਰੋਜ਼ਪੁਰ ਵਿਖੇ ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਤਰਨ ਤਾਰਨ, ਮੋਗਾ ਅਤੇ ਸ੍ਰੀ ਮੁਕਤਸਰ ਸਾਹਿਬ ਆਦਿ ਜ਼ਿਲ੍ਹਿਆਂ ਨੂੰ ਕਵਰ ਕੀਤਾ ਜਾਵੇਗਾ।


ਧਾਲੀਵਾਲ ਨੇ ਦੱਸਿਆ ਕਿ ਪ੍ਰਵਾਸੀ ਪੰਜਾਬੀ 11 ਜਨਵਰੀ ਤੋਂ 30 ਜਨਵਰੀ, 2024 ਤੱਕ ਵਿਭਾਗ ਦੀ ਵੈਬਸਾਈਟ:  nri.punjab.gov.in ਅਤੇ ਵੱਟਸਅੱਪ ਨੰਬਰ 9056009884 `ਤੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ।


ਪ੍ਰਵਾਸੀ ਪੰਜਾਬੀਆਂ ਨੂੰ ਇਨ੍ਹਾਂ ਮਿਲਣੀ ਸਮਾਗਮਾਂ ਵਿੱਚ ਵਧ-ਚੜ੍ਹ ਕੇ ਪਹੁੰਚਣ ਦੀ ਅਪੀਲ ਕਰਦਿਆਂ ਸ. ਧਾਲੀਵਾਲ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪਿਛਲੇ ਸਾਲ ਦਸੰਬਰ, 2022 ਵਿੱਚ ਵੀ 5 ਸਫ਼ਲ ਮਿਲਣੀ ਪ੍ਰੋਗਰਾਮ ਕਰਵਾਏ ਸਨ, ਜਿਸ ਦੌਰਾਨ ਪ੍ਰਵਾਸੀ ਪੰਜਾਬੀਆਂ ਨੇ 605 ਵੱਖ-ਵੱਖ ਸ਼ਿਕਾਇਤਾਂ ਦਰਜ ਕਰਵਾਈਆਂ ਸਨ, ਜਿਨ੍ਹਾਂ ਦਾ ਹੱਲ ਕੀਤਾ ਜਾ ਚੁੱਕਾ ਹੈ। 


ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵੀ ਐਨ.ਆਰ.ਆਈ. ਪੁਲੀਸ ਵਿੰਗ ਕੋਲ ਲਗਾਤਾਰ ਆਨਲਾਈਨ ਸ਼ਿਕਾਇਤਾਂ ਆ ਰਹੀਆਂ ਹਨ, ਜਿਨ੍ਹਾਂ ਦਾ 15 ਐਨ.ਆਰ.ਆਈ. ਪੁਲੀਸ ਥਾਣਿਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੂਬਾ ਪੱਧਰ ‘ਤੇ ਸਮਾਂਬੱਧ ਢੰਗ ਨਾਲ ਤਸੱਲੀਬਖ਼ਸ਼ ਹੱਲ ਕੀਤਾ ਜਾ ਰਿਹਾ ਹੈ।


ਇਸ ਮੌਕੇ ਪ੍ਰਮੁੱਖ ਸਕੱਤਰ ਐਨ.ਆਰ.ਆਈ. ਮਾਮਲੇ ਵਿਭਾਗ ਦਿਲੀਪ ਕੁਮਾਰ, ਏ.ਡੀ.ਜੀ.ਪੀ. ਪ੍ਰਵੀਨ ਕੁਮਾਰ ਸਿਨਹਾ, ਵਿਸ਼ੇਸ਼ ਸਕੱਤਰ ਐਨ.ਆਰ.ਆਈ. ਮਾਮਲੇ ਵਿਭਾਗ ਕੰਵਲਪ੍ਰੀਤ ਬਰਾੜ ਅਤੇ ਪਰਮਜੀਤ ਸਿੰਘ ਤੋਂ ਇਲਾਵਾ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।
 


 


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 


Join Our Official Telegram Channel: https://t.me/abpsanjhaofficial