ਚੰਡੀਗੜ੍ਹ: ਆਪਰੇਸ਼ਨ ਬਲਿਊ ਸਟਾਰ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਤੋਂ ਹਿਰਾਸਤ 'ਚ ਲਏ ਗਏ 40 ਸਿੱਖਾਂ ਨੂੰ ਕੈਪਟਨ ਸਰਕਾਰ ਮੁਆਵਜ਼ਾ ਦੇਵੇਗੀ। ਦੱਸ ਦਈਏ ਕਿ ਇਨ੍ਹਾਂ ਸਿੱਖਾਂ ਨੂੰ ਰਾਜਸਥਾਨ ਦੀ ਜੋਧਪੁਰ ਜੇਲ੍ਹ ਚ 5-5 ਸਾਲ ਨਜ਼ਰਬੰਦ ਰੱਖਣ ਦੇ ਮਾਮਲੇ 'ਚ ਅਦਾਲਤ ਦੇ ਹੁਕਮਾਂ ਮੁਤਾਬਕ ਪ੍ਰਤੀ ਵਿਅਕਤੀ 6 ਫੀਸਦੀ ਵਿਆਜ ਸਮੇਤ 4 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਕੁੱਲ 365 ਸਿੱਖਾਂ ਨੂੰ ਆਪਰੇਸ਼ਨ ਬਲਿਊ ਸਟਾਰ ਵੇਲੇ ਹਰਿਮੰਦਰ ਸਾਹਿਬ ਚੋਂ ਗ੍ਰਿਫਤਾਰ ਕੀਤਾ ਗਿਆ ਸੀ। ਜਿਨ੍ਹਾਂ ਚੋਂ ਹੁਣ ਤੱਕ ਕੁੱਝ ਕੈਦੀ ਸਿੱਖਾਂ ਦੀ ਮੌਤ ਹੋ ਚੁੱਕੀ ਹੈ ਤੇ ਕਈਆਂ ਨੇ ਕੇਸ ਵਾਪਸ ਲੈ ਲਿਆ ਸੀ। ਜਦਕਿ 40 ਸਿੱਖਾਂ ਵੱਲੋਂ ਲੰਮੀ ਕਾਨੂੰਨੀ ਲੜ੍ਹਾਈ ਤੋਂ ਬਾਅਦ ਮੁਆਵਜ਼ੇ ਦੀ ਆਸ ਬੱਝੀ ਹੈ।

ਅੰਮ੍ਰਿਤਸਰ ਦੀ ਅਦਾਲਤ ਨੇ ਪੀੜਤਾਂ ਦੇ ਹੱਕ 'ਚ ਫੈਸਲਾ ਸੁਣਾਉਂਦਿਆਂ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਨੂੰ ਮੁਆਵਜ਼ਾ ਦੇਣ ਦਾ ਹੁਕਮ ਸੁਣਾਇਆ ਸੀ ਜਿਸ ਤੋਂ ਬਾਅਦ ਪੰਜਾਬ ਸਰਕਾਰ ਆਪਣੇ ਹਿੱਸੇ ਆਉਂਦੀ 2-2 ਲੱਖ ਰੁਪਏ ਮੁਆਵਜ਼ਾ ਰਾਸ਼ੀ ਜੋਧਪੁਰ ਜੇਲ੍ਹ 'ਚ ਨਜ਼ਰਬੰਦ ਕੀਤੇ ਗਏ ਸਿੱਖਾਂ ਨੂੰ ਦੇਵੇਗੀ।