ਚੰਡੀਗੜ੍ਹ: ਸੁਪਰੀਮ ਕੋਰਟ ਦੀ ਟਿੱਪਣੀ ਮਗਰੋਂ ਪੰਜਾਬ ਸਰਕਾਰ ਨੇ ਨਾਜਾਇਜ਼ ਸ਼ਰਾਬ ਉੱਪਰ ਸ਼ਿਕੰਜਾ ਕੱਸਣ ਦੀ ਤਿਆਰੀ ਵਿੱਢ ਦਿੱਤੀ ਹੈ। ਸਰਕਾਰੀ ਸੂਤਰਾਂ ਮੁਤਾਬਕ ਆਬਕਾਰੀ ਵਿਭਾਗ ਤੇ ਆਬਕਾਰੀ ਪੁਲਿਸ ਵੱਲੋਂ ਨਜਾਇਜ਼ ਸ਼ਰਾਬ ਵਿਰੁੱਧ ਸਾਂਝੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਆਮ ਲੋਕਾਂ ਨੂੰ ਨਾਜਾਇਜ਼ ਸ਼ਰਾਬ ਦੇ ਧੰਦੇ ਵਿਰੁੱਧ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ।
ਦੱਸ ਦਈਏ ਕਿ ਪਿਛਲੇ ਦਿਨੀਂ ਸੁਪਰੀਮ ਕੋਰਟ ਜੱਜ ਨੇ ਟਿੱਪਣੀ ਕੀਤੀ ਸੀ ਕਿ ਪੰਜਾਬ ਵਿੱਚ ਥਾਂ-ਥਾਂ ਸ਼ਰਾਬ ਦੀਆਂ ਭੱਠੀਆਂ ਚੱਲ ਰਹੀਆਂ ਹਨ। ਪੁਲਿਸ ਕੋਈ ਕਾਰਵਾਈ ਨਹੀਂ ਕਰ ਰਹੀ। ਇਸ ਨਾਲ ਪੰਜਾਬ ਦੀ ਨੌਜਵਾਨੀ ਤਬਾਹ ਹੋ ਜਾਏਗੀ। ਇਸ ਮਗਰੋਂ ਪੰਜਾਬ ਸਰਕਾਰ ਦੀ ਕਾਫੀ ਅਲੋਚਨਾ ਹੋਈ ਸੀ।
ਸਰਕਾਰੀ ਬੁਲਾਰੇ ਮੁਤਾਬਕ ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਚੀਮਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਏਆਈਜੀ ਆਬਕਾਰੀ ਤੇ ਕਰ ਗੁਰਜੋਤ ਸਿੰਘ ਕਲੇਰ ਵੱਲੋਂ ਨਜਾਇਜ਼ ਸ਼ਰਾਬ ਦੇ ਕਾਰੋਬਾਰ ਵਿਰੁੱਧ ਆਬਕਾਰੀ ਵਿਭਾਗ ਤੇ ਪੰਜਾਬ ਪੁਲਿਸ ਦੇ ਸਾਂਝੇ ਆਪ੍ਰੇਸ਼ਨਾਂ ਨੂੰ ਹੋਰ ਤੇਜ ਕਰਨ ਤੇ ਇਸ ਬੁਰਾਈ ਵਿਰੁੱਧ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਪੰਜਾਬ ਪੁਲਿਸ ਦੇ ਆਬਕਾਰੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਇਹ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਏਆਈਜੀ ਗੁਰਜੋਤ ਸਿੰਘ ਕਲੇਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਚੱਲ ਰਹੇ ਆਬਕਾਰੀ ਮਾਮਲਿਆਂ ਦੀ ਗੰਭੀਰਤਾ ਪ੍ਰਤੀ ਆਬਕਾਰੀ ਪੁਲਿਸ ਫੋਰਸ ਨੂੰ ਹੋਰ ਜਾਗਰੂਕ ਕਰਨ, ਪੁਲਿਸ ਤੇ ਆਬਕਾਰੀ ਅਧਿਕਾਰੀਆਂ ਵਿਚਕਾਰ ਤਾਲਮੇਲ ਨੂੰ ਸੁਧਾਰਨ, ਚੱਲ ਰਹੀਆਂ ਜਾਂਚਾਂ ਨੂੰ ਹੋਰ ਤੇਜ਼ ਕਰਨ, ਨਵੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਆਬਕਾਰੀ ਪੁਲਿਸ ਨੂੰ ਹਾਈਟੈਕ ਬਣਾਉਣਾ ਲਈ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਤੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕਲੇਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਆਬਕਾਰੀ ਵਿਭਾਗ ਦੇ ਕਿਸੇ ਕਰਮਚਾਰੀ ਜਾਂ ਅਧਿਕਾਰੀ ਨੂੰ ਨਾਲ ਲਏ ਬਿਨਾਂ ਆਬਕਾਰੀ ਪੁਲਿਸ ਛਾਪੇਮਾਰੀ ਨਹੀਂ ਕਰੇਗੀ, ਜ਼ਿਲ੍ਹਾ ਪੁਲਿਸ ਦੀ ਤਰਜ਼ 'ਤੇ ਸਾਰੇ ਆਬਕਾਰੀ ਪੁਲਿਸ ਇੰਚਾਰਜ ਹੈੱਡ ਕਾਂਸਟੇਬਲ ਦੇ ਰੈਂਕ ਤੋਂ ਉੱਪਰ ਦਾ ਇੱਕ ਅਫ਼ਸਰ ਰੋਜ਼ਾਨਾ 24 ਘੰਟੇ ਡਿਊਟੀ ਲਈ ਤਾਇਨਾਤ ਕਰਨਗੇ ਤੇ ਉਸ ਦੀ ਐਂਟਰੀ ਡਾਇਰੀ ਵਿੱਚ ਦਰਜ ਕੀਤੀ ਜਾਵੇਗੀ ਤੇ ਚਾਰ ਤੋਂ ਪੰਜ ਪੁਲਿਸ ਕਰਮਚਾਰੀ ਐਮਰਜੈਂਸੀ ਡਿਊਟੀ ਲਈ ਦਫਤਰ ਵਿੱਚ ਮੌਜੂਦ ਰਹਿਣਗੇ। ਉਨ੍ਹਾਂ ਕਿਹਾ ਕਿ ਆਬਕਾਰੀ ਪੁਲਿਸ ਅਧਿਕਾਰੀਆਂ ਨੂੰ ਹਾਈ ਪ੍ਰੋਫਾਈਲ ਕੇਸਾਂ ਵਿੱਚ ਕਿਸੇ ਵੀ ਵੱਡੇ ਅੱਪਡੇਟ ਸਬੰਧੀ ਸੂਚਨਾ ਤੁਰੰਤ ਹੈੱਡਕੁਆਰਟਰ ਨਾਲ ਸਾਂਝੀ ਕਰਨ ਲਈ ਕਿਹਾ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ‘ਰੰਗਲਾ ਪੰਜਾਬ ਮਿਸ਼ਨ’ ਨੂੰ ਸਾਕਾਰ ਕਰਨ ਲਈ ਆਮ ਲੋਕਾਂ ਨੂੰ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਵਿਰੁੱਧ ਜਾਗਰੂਕ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਲੇਰ ਨੇ ਕਿਹਾ ਕਿ ਆਬਕਾਰੀ ਵਿਭਾਗ ਤੇ ਆਬਕਾਰੀ ਪੁਲੀਸ ਵੱਲੋਂ ਜਲਦੀ ਹੀ ਇਸ ਬੁਰਾਈ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ।