Punjab Government: ਮਾਨ ਸਰਕਾਰ ਦਾ ਵੱਡਾ ਦਾਅਵਾ, 8 ਮਹੀਨਿਆਂ ਵਿੱਚ ਦਿੱਤੀਆਂ 21000 ਤੋਂ ਵੱਧ ਸਰਕਾਰੀ ਨੌਕਰੀਆਂ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਸਰਕਾਰ ਨੂੰ ਅਜੇ ਅੱਠ ਮਹੀਨਿਆਂ ਦਾ ਸਮਾਂ ਹੋਇਆ ਹੈ ਪਰ ਹੁਣ ਤੱਕ 21 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ।
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪਹਿਲੀ ਵਾਰ ਕਿਸੇ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ ਅੱਠ ਮਹੀਨਿਆਂ ਦੇ ਸਮੇਂ ਵਿਚ 21000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ ਹਨ।
ਮੁੱਖ ਮੰਤਰੀ ਇੱਥੇ ਮਿਊਂਸਪਲ ਭਵਨ ਵਿਖੇ ਪੰਜਾਬ ਰਾਜ ਬਿਜਲੀ ਨਿਗਮ ਦੇ 603 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡਣ ਮੌਕੇ ਸੰਬੋਧਨ ਕਰ ਰਹੇ ਸਨ। ਇਨ੍ਹਾਂ 603 ਉਮੀਦਵਾਰਾਂ ਵਿਚ 476 ਕਲਰਕ, 68 ਜੇ.ਈ. (ਇਲੈਕਟ੍ਰੀਕਲ) ਅਤੇ 59 ਜੇ.ਈ. (ਸਬ-ਸਟੇਸ਼ਨ) ਸਨ।
ਅੱਜ #PSPCL ‘ਚ 603 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ…ਪੰਜਾਬੀਆਂ ਨਾਲ ਰੁਜ਼ਗਾਰ ਦਾ ਵਾਅਦਾ ਕਰਕੇ ਆਏ ਸੀ…ਹੁਣ ਤੱਕ 8 ਮਹੀਨਿਆਂ ‘ਚ ਲਗਭਗ 21 ਹਜ਼ਾਰ ਤੋਂ ਜ਼ਿਆਦਾ ਨੌਜਵਾਨਾਂ ਨੂੰ ਰੁਜ਼ਗਾਰ ਦੇ ਚੁੱਕੇ ਹਾਂ…
— Bhagwant Mann (@BhagwantMann) November 26, 2022
ਸਾਡਾ ਮਕਸਦ ਹੈ ਲੋਕਾਂ ਦੇ ਘਰਾਂ ਦੇ ਚੁੱਲ੍ਹਿਆਂ ਦੀ ਅੱਗ ਮੱਘਦੀ ਰਹੇ… pic.twitter.com/qcYLwbOiY5
ਮੁੱਖ ਮੰਤਰੀ ਨੇ ਕਿਹਾ ਕਿ ਵਿਆਪਕ ਪੱਧਰ ਉਤੇ ਸ਼ੁਰੂ ਕੀਤੀ ਇਸ ਭਰਤੀ ਮੁਹਿੰਮ ਸਰਕਾਰ ਦੀ ਨੌਜਵਾਨਾਂ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੀ ਹੈ ਕਿਉਂਕਿ ਦੇਸ਼ ਦੇ ਇਤਿਹਾਸ ਵਿਚ ਪਹਿਲੀ ਵਾਰ ਕਿਸੇ ਸਰਕਾਰ ਨੇ ਏਨੇ ਥੋੜ੍ਹੇ ਸਮੇਂ ਵਿਚ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਦੇ ਦਰਵਾਜੇ ਖੋਲ੍ਹੇ ਹਨ।
ਉਨ੍ਹਾਂ ਦੱਸਿਆ ਕਿ ਆਮ ਆਦਮੀ ਸਰਕਾਰ ਨੂੰ ਅਜੇ ਅੱਠ ਮਹੀਨਿਆਂ ਦਾ ਸਮਾਂ ਹੋਇਆ ਹੈ ਪਰ ਹੁਣ ਤੱਕ 21 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਵੇਲੇ ਕਈ ਵਿਭਾਗਾਂ ਵਿਚ ਭਰਤੀ ਚੱਲ ਰਹੀ ਹੈ, ਜਿਸ ਨਾਲ ਹੋਰ ਨੌਜਵਾਨ ਨੌਕਰੀ ਹਾਸਲ ਕਰਨ ਦੇ ਯੋਗ ਹੋਣਗੇ।
ਪਾਰਦਰਸ਼ੀ ਭਰਤੀ ਪ੍ਰਕਿਰਿਆ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਨੌਜਵਾਨਾਂ ਨੂੰ ਨੌਕਰੀ ਸਿਰਫ ਤੇ ਸਿਰਫ ਮੈਰਿਟ ਦੇ ਆਧਾਰ ਉਤੇ ਮਿਲੇਗੀ ਅਤੇ ਨੌਕਰੀ ਹਾਸਲ ਕਰਨਾ ਯੋਗ ਨੌਜਵਾਨ ਦਾ ਹੱਕ ਹੁੰਦਾ ਹੈ। ਇਸ ਮਾਮਲੇ ਵਿਚ ਮੈਂ ਨਾ ਕਿਸੇ ਦੀ ਸਿਫਾਰਸ਼ ਮੰਨਦਾ ਹਾਂ ਅਤੇ ਨਾ ਹੀ ਕਿਸੇ ਦੀ ਸਿਫਾਰਸ਼ ਚੱਲਣ ਦਿੰਦਾ ਹਾਂ ਕਿਉਂਕਿ ਨੌਜਵਾਨ ਮੇਰੇ ਉਤੇ ਬਹੁਤ ਵਿਸ਼ਵਾਸ ਕਰਦੇ ਹਨ ਤੇ ਇਸ ਭਰੋਸੇ ਨੂੰ ਮੈਂ ਕਿਸੇ ਵੀ ਕੀਮਤ ਉਤੇ ਟੁੱਟਣ ਨਹੀਂ ਦੇਵਾਂਗਾ।”
ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇਣ ਦੇ ਵਾਅਦੇ ਨੂੰ ਨਿਭਾਉਂਦੇ ਹੋਏ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੀ.ਐਸ.ਪੀ.ਸੀ.ਐਲ. ਵਿਚ ਸਹਾਇਕ ਲਾਈਨਮੈਨਾਂ ਦੀਆਂ 2100 ਅਸਾਮੀਆਂ ਅਗਲੇ ਮਹੀਨੇ ਭਰੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਪ੍ਰੀਖਿਆ ਹੋ ਚੁੱਕੀ ਹੈ ਅਤੇ ਨਤੀਜਾ ਵੀ ਇਸੇ ਹਫ਼ਤੇ ਐਲਾਨਿਆ ਜਾ ਰਿਹਾ ਹੈ ਅਤੇ ਅਗਲੇ ਮਹੀਨੇ ਚੁਣੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ, ਜਿਸ ਨਾਲ ਵੱਡੀ ਗਿਣਤੀ ਵਿਚ ਹੋਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਹਾਸਲ ਹੋਣਗੀਆਂ।