ਚੰਡੀਗੜ੍ਹ: ਖੱਬੇ ਪੱਖੀ ਕਿਸਾਨ ਲੀਡਰ ਮਨਜੀਤ ਸਿੰਘ ਧਨੇਰ ਦੀ ਸਜ਼ਾ ਮੁਆਫੀ ਦੀ ਖਬਰ ਮਿਲਦਿਆਂ ਹੀ ਸੰਘਰਸ਼ਕਾਰੀਆਂ ਦੇ ਹੌਸਲੇ ਬੁਲੰਦ ਹੋ ਗਏ ਹਨ। ਅੱਜ ਵੱਡੀ ਗਿਣਤੀ ਲੋਕ ਸੰਘਰਸ਼ ਵਾਲੀ ਥਾਂ ਇਕੱਠੇ ਹੋ ਰਹੇ ਹਨ। ਇਸ ਦੇ ਨਾਲ ਹੀ ਲੰਗਰ ਦੀਆਂ ਤਿਆਰੀਆਂ ਚੱਲ਼ ਰਹੀਆਂ ਹਨ। ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ ਸੰਘਰਸ਼ੀਲ ਲੋਕਾਂ ਦੀ ਜਿੱਤ ਹੋਈ ਹੈ ਤੇ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੇ ਮਨਜੀਤ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਮੁਆਫ਼ ਕਰਨ ਦੇ ਫੈਸਲੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ।


ਸੰਘਰਸ਼ ਕਮੇਟੀ ਦੇ ਲੀਡਰ ਨਰਾਇਣ ਦੱਤ ਨੇ ਕਿਹਾ ਕਿ ਸਜ਼ਾ ਮੁਆਫੀ ਦੀ ਫਾਈਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਫਤਰ ਪਹੁੰਚ ਚੁੱਕੀ ਹੈ। ਪੰਜਾਬ ਸਰਕਾਰ ਦੇ ਅਧਿਕਾਰੀਆਂ ਨੇ ਬੁੱਧਵਾਰ ਨੂੰ ਹੀ ਇਸ ਦੀ ਸੂਚਨਾ ਦੇ ਦਿੱਤੀ ਸੀ। ਅੱਜ ਕਿਸੇ ਵੀ ਵੇਲੇ ਨੋਟੀਫਿਕੇਸ਼ਨ ਜਾਰੀ ਹੋ ਸਕਦਾ ਹੈ। ਇਸ ਮਗਰੋਂ ਮਨਜੀਤ ਸਿੰਘ ਦੀ ਰਿਹਾਈ ਸੰਭਵ ਹੋ ਜਾਏਗੀ।

ਕਾਬਲੇਗੌਰ ਹੈ ਲਗਾਤਾਰ ਭਖਦੇ ਸੰਘਰਸ਼ ਨੂੰ ਵੇਖਦਿਆਂ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ’ਤੇ ਲਗਾਤਾਰ ਪੈਰਵੀ ਕੀਤੀ ਜਾ ਰਹੀ ਸੀ। ਧਨੇਰ ਪਿਛਲੇ ਤਕਰੀਬਨ ਡੇਢ ਮਹੀਨੇ ਤੋਂ ਬਰਨਾਲਾ ਦੀ ਸਬ ਜੇਲ੍ਹ ਵਿੱਚ ਬੰਦ ਹੈ ਤੇ ਖੱਬੇ ਪੱਖੀ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਨੇ ਬਰਨਾਲਾ ਜੇਲ੍ਹ ਦੇ ਸਾਹਮਣੇ ਪੱਕਾ ਮੋਰਚਾ ਲਾ ਕੇ ਧਨੇਰ ਦੀ ਰਿਹਾਈ ਲਈ ਸੰਘਰਸ਼ ਭਖਾਇਆ ਹੋਇਆ ਹੈ। ਇਸ ਨਾਲ ਸਰਕਾਰ ਦੀ ਹਾਲਤ ਕਸੂਤੀ ਬਣੀ ਹੋਈ ਸੀ।

ਰਾਜਪਾਲ ਦੇ ਫੈਸਲੇ ਤੋਂ ਬਾਅਦ ਸਰਕਾਰ ਨੂੰ ਵੀ ਸੁਖ਼ ਦਾ ਸਾਹ ਆਏਗਾ। ਯਾਦ ਰਹੇ ਬਰਨਾਲਾ ਦੀਆਂ ਕਚਹਿਰੀਆਂ ਵਿੱਚ 3 ਮਾਰਚ, 2001 ਨੂੰ ਦਲੀਪ ਸਿੰਘ ਨਾਮੀ ਵਿਅਕਤੀ ਦੇ ਹੋਏ ਕਤਲ ਦੇ ਮਾਮਲੇ ਵਿੱਚ ਮਨਜੀਤ ਸਿੰਘ ਧਨੇਰ, ਨਰਾਇਣ ਦੱਤ ਤੇ ਮਾਸਟਰ ਪ੍ਰੇਮ ਕੁਮਾਰ ਨੂੰ ਪੁਲਿਸ ਵੱਲੋਂ ਨਾਮਜ਼ਦ ਕੀਤਾ ਗਿਆ ਸੀ। ਬਰਨਾਲਾ ਦੀ ਸੈਸ਼ਨ ਕੋਰਟ ਵੱਲੋਂ ਉਕਤ ਤਿੰਨਾਂ ਆਗੂਆਂ ਨੂੰ ਸਜ਼ਾ ਸੁਣਾਈ ਗਈ ਸੀ।

ਕਿਰਨਜੀਤ ਕੌਰ ਐਕਸ਼ਨ ਕਮੇਟੀ ਦੇ ਉਕਤ ਤਿੰਨੋਂ ਮੋਹਰੀ ਆਗੂਆਂ ਦੇ ਮਾਮਲੇ ਦਾ ਰੋਚਕ ਪਹਿਲੂ ਇਹ ਵੀ ਹੈ ਕਿ ਪੰਜਾਬ ਸਰਕਾਰ ਦੀ ਸਿਫਾਰਸ਼ ’ਤੇ ਰਾਜਪਾਲ ਵੱਲੋਂ ਸਾਲ 2008 ਵਿੱਚ ਨਰਾਇਣ ਦੱਤ, ਮਨਜੀਤ ਧਨੇਰ ਤੇ ਮਾਸਟਰ ਪ੍ਰੇਮ ਕੁਮਾਰ ਦੀ ਸਜ਼ਾ ਮੁਆਫ਼ ਕਰ ਦਿੱਤੀ ਗਈ ਸੀ ਪਰ ਹਾਈਕੋਰਟ ਨੇ ਰਾਜਪਾਲ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਸੀ।

ਹਾਈਕੋਰਟ ਦੇ ਫੈਸਲੇ ਕਾਰਨ ਹੀ ਮਨਜੀਤ ਸਿੰਘ ਧਨੇਰ ਦੀਆਂ ਮੁਸ਼ਕਲਾਂ ਵਧ ਗਈਆਂ ਸਨ ਤੇ ਐਕਸ਼ਨ ਕਮੇਟੀ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਸੀ। ਐਕਸ਼ਨ ਕਮੇਟੀ ਨੇ ਹਾਈਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਵੀ ਚੁਣੌਤੀ ਦਿੱਤੀ ਪਰ ਉਥੋਂ ਵੀ ਨਿਰਾਸ਼ਾ ਹੀ ਪੱਲੇ ਪਈ ਸੀ। ਸੁਪਰੀਮ ਕੋਰਟ ਨੇ 3 ਸਤੰਬਰ ਨੂੰ ਮਨਜੀਤ ਸਿੰਘ ਧਨੇਰ ਦੀ ਅਪੀਲ ਖਾਰਜ ਕਰਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਸੁਣਾਈ ਉਮਰ ਕੈਦ ਦੀ ਸਜ਼ਾ ਬਹਾਲ ਰੱਖੀ ਸੀ।

ਆਖਰ ਕੀ ਹੈ ਮਾਮਲਾ?

ਬਰਨਾਲਾ ਜ਼ਿਲ੍ਹੇ ਦੇ ਪਿੰਡ ਮਹਿਲ ਕਲਾਂ ਦੇ ਅਧਿਆਪਕ ਦਰਸ਼ਨ ਸਿੰਘ ਦੀ ਧੀ ਕਿਰਨਜੀਤ ਕੌਰ ਨੂੰ 29 ਜੁਲਾਈ, 1997 ਨੂੰ ਕਾਲਜ ਤੋਂ ਵਾਪਸ ਪਰਤਦਿਆਂ ਅਗਵਾ ਕਰ ਕੇ ਸਮੂਹਿਕ ਬਲਾਤਕਾਰ ਕਰਨ ਤੋਂ ਬਾਅਦ ਕਤਲ ਕਰ ਕੇ ਲਾਸ਼ ਨੂੰ ਖੇਤਾਂ ਵਿੱਚ ਦੱਬ ਦਿੱਤਾ ਗਿਆ ਸੀ। ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮਹਿਲ ਕਲਾਂ ਦੇ ਚਰਚਿਤ ਪਰਿਵਾਰ ਨਾਲ ਸਬੰਧਤ ‘ਕਾਕਿਆਂ’ ਉਪਰ ਅਗਵਾ, ਕਤਲ ਤੇ ਬਲਾਤਕਾਰ ਦੇ ਦੋਸ਼ ਲੱਗੇ। ਐਕਸ਼ਨ ਕਮੇਟੀ ਦੀ ਅਗਵਾਈ ਹੇਠ ਚੱਲੇ ਸੰਘਰਸ਼ ਦੀ ਬਦੌਲਤ ਹੀ ਕਿਰਨਜੀਤ ਦੇ ਅਸਲ ਦੋਸ਼ੀਆਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ।