ਸਾਲ 2015 ਦੇ NDPS ਕੇਸ ਵਿੱਚ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਕਾਰਨ ਪੰਜਾਬ ਵਿੱਚ ਸਿਆਸੀ ਮਾਹੌਲ ਕਾਫ਼ੀ ਭੱਖਿਆ ਹੋਇਆ ਹੈ। ਇਸ ਦੌਰਾਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੀ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੇ ਹਨ।ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਡੀਜੀਪੀ ਗੌਰਵ ਯਾਦਵ ਨੂੰ ਪੱਤਰ ਲਿਖ ਕੇ ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ਬਾਰੇ ਜਾਣਕਾਰੀ ਮੰਗੀ ਹੈ।


ਕਾਂਗਰਸ ਦੇ ਇੱਕ ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਸੀ। ਕਾਂਗਰਸੀ ਵਫ਼ਦ ਵੱਲੋਂ ਰਾਜਪਾਲ ਨੂੰ ਦੱਸਿਆ ਗਿਆ ਸੀ ਕਿ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਪੁਲਿਸ ਨੇ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗਲਤ ਤਰੀਕੇ ਨਾਲ ਗ੍ਰਿਫਤਾਰ ਕੀਤਾ ਹੈ ਅਤੇ ਸੁਪਰੀਮ ਕੋਰਟ ਨੇ ਵੀ ਖਹਿਰਾ ਨੂੰ ਪੁਰਾਣੇ ਮਾਮਲੇ ਵਿੱਚ ਰਾਹਤ ਦਿੱਤੀ ਹੈ, ਜਿਸ ਵਿੱਚ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।


ਇਸ ਸਬੰਧੀ ਰਾਜਪਾਲ ਨੇ ਹੁਣ ਪੰਜਾਬ ਦੇ ਡੀਜੀਪੀ ਨੂੰ ਪੱਤਰ ਲਿਖ ਕੇ ਐਸਆਈਟੀ ਵੱਲੋਂ ਹੁਣ ਤੱਕ ਕੀਤੀ ਕਾਰਵਾਈ ਦੀ ਸਟੇਟਸ ਰਿਪੋਰਟ ਸਮੇਤ ਮਾਮਲੇ ਦੀ ਪੂਰੀ ਜਾਣਕਾਰੀ ਦੇਣ ਲਈ ਕਿਹਾ ਹੈ। ਖਹਿਰਾ ਨੂੰ ਚੰਡੀਗੜ੍ਹ ਤੋਂ ਗ੍ਰਿਫਤਾਰ ਕਰਕੇ ਪੰਜਾਬ ਪੁਲਸ ਦੀ ਟੀਮ ਜਲਾਲਾਬਾਦ ਲੈ ਗਈ, ਉਥੇ ਅਦਾਲਤ 'ਚ ਪੇਸ਼ ਕਰਕੇ ਦੋ ਦਿਨ ਦੇ ਪੁਲਸ ਰਿਮਾਂਡ 'ਤੇ ਲਿਆ ਗਿਆ।


ਸ਼ਨੀਵਾਰ ਨੂੰ ਰਿਮਾਂਡ ਦੀ ਮਿਆਦ ਖਤਮ ਹੋਣ ਤੋਂ ਬਾਅਦ ਅਦਾਲਤ ਨੇ ਖਹਿਰਾ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਸ੍ਰੀ ਮੁਕਤਸਰ ਸਾਹਿਬ ਜੇਲ੍ਹ ਭੇਜ ਦਿੱਤਾ ਹੈ। ਸ੍ਰੀ ਮੁਕਤਸਰ ਸਾਹਿਬ ਦੀ ਜੇਲ੍ਹ ਵਿੱਚ ਕਰੀਬ ਡੇਢ ਘੰਟਾ ਰਹਿਣ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਸੁਰੱਖਿਆ ਕਾਰਨਾਂ ਕਰਕੇ ਉਸ ਨੂੰ ਨਾਭਾ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਸੀ। 


ਦਰਅਲਸ ਸਾਲ 2015 ਵਿੱਚ ਜਲਾਲਾਬਾਦ ਪੁਲਸ ਨੇ ਮਾਰਕੀਟ ਕਮੇਟੀ ਢਿੱਲਵਾਂ ਦੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਸਮੇਤ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਦੇ ਕਬਜ਼ੇ ’ਚੋਂ 1 ਕਿਲੋ ਤੋਂ ਵਧੇਰੇ ਹੈਰੋਇਨ, ਸੋਨੇ ਦੇ ਬਿਸਕੁਟ, ਇੱਕ ਦੇਸੀ .315 ਬੋਰ ਦਾ ਪਿਸਤੌਲ, ਦੋ ਪਾਕਿਸਤਾਨੀ ਸਿਮ ਕਾਰਡ ਅਤੇ ਇੱਕ ਟਾਟਾ ਸਫਾਰੀ ਕਾਰ ਬਰਾਮਦ ਹੋਈ ਹੈ। 


ਇਸ ਮਾਮਲੇ ਵਿੱਚ ਖਹਿਰਾ ਦਾ ਨਾਂ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਨਾਲ ਕਥਿਤ ਸਬੰਧਾਂ ਕਾਰਨ ਸਾਹਮਣੇ ਆਇਆ ਸੀ। ਖਹਿਰਾ ਦੇ ਨਾਲ-ਨਾਲ ਨਿੱਜੀ ਸੁਰੱਖਿਆ ਅਧਿਕਾਰੀ, ਨਿੱਜੀ ਸਹਾਇਕ, ਯੂਕੇ ਨਿਵਾਸੀ ਚਰਨਜੀਤ ਕੌਰ ਅਤੇ ਮੇਜਰ ਸਿੰਘ ਬਾਜਵਾ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ। ਇਸ ਮਾਮਲੇ ਵਿੱਚ 31 ਅਕਤੂਬਰ 2017 ਨੂੰ ਫਾਜ਼ਿਲਕਾ ਅਦਾਲਤ ਨੇ ਨੌਂ ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਸੀ, ਜਿਨ੍ਹਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ।