ਪੜਚੋਲ ਕਰੋ
ਇੱਕ ਮੰਚ ਤੋਂ ਹੋਣਗੇ ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਮਾਗਮ
ਸਿੰਘ ਸਾਹਿਬ ਨੇ ਕਿਹਾ ਕਿ ਚੰਗੀ ਗੱਲ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੀਤੇ ਗਏ ਆਦੇਸ਼ ਦੀ ਪਾਲਣਾ ਕਰਦਿਆਂ ਇਹ ਇਤਿਹਾਸਕ ਦਿਹਾੜਾ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਮਨਾਉਣ ਲਈ ਸ਼੍ਰੋਮਣੀ ਕਮੇਟੀ ਅਤੇ ਪੰਜਾਬ ਸਰਕਾਰ ਨੇ ਯਤਨ ਆਰੰਭੇ ਹਨ।

ਅੰਮ੍ਰਿਤਸਰ: ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਸਮਾਗਮਾਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨਾਲ ਪੰਜਾਬ ਸਰਕਾਰ ਦੇ ਤਿੰਨ ਮੰਤਰੀ ਸੁਖਜਿੰਦਰ ਰੰਧਾਵਾ, ਓਪੀ ਸੋਨੀ ਅਤੇ ਚਰਨਜੀਤ ਚੰਨੀ ਨੇ ਮੁਲਾਕਾਤ ਕੀਤੀ। ਇਸ ਦੌਰਾਨ ਫੈਸਲਾ ਹੋਇਆ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮ ਇੱਕ ਮੰਚ ਤੋਂ ਹੋਣਗੇ। ਬੈਠਕ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਮੁੱਚੇ ਵਿਸ਼ਵ ਦੇ ਸਰਬਸਾਂਝੇ ਰਹਿਬਰ ਹਨ ਅਤੇ ਉਨ੍ਹਾਂ ਦਾ 550ਵਾਂ ਪ੍ਰਕਾਸ਼ ਪੁਰਬ ਸਿੱਖ ਜਗਤ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਵੱਲੋਂ ਰਲ-ਮਿਲ ਕੇ ਮਨਾਇਆ ਜਾਵੇਗਾ। ਸਿੰਘ ਸਾਹਿਬ ਨੇ ਕਿਹਾ ਕਿ ਚੰਗੀ ਗੱਲ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੀਤੇ ਗਏ ਆਦੇਸ਼ ਦੀ ਪਾਲਣਾ ਕਰਦਿਆਂ ਇਹ ਇਤਿਹਾਸਕ ਦਿਹਾੜਾ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਮਨਾਉਣ ਲਈ ਸ਼੍ਰੋਮਣੀ ਕਮੇਟੀ ਅਤੇ ਪੰਜਾਬ ਸਰਕਾਰ ਨੇ ਯਤਨ ਆਰੰਭੇ ਹਨ। ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮਾਂ ਦੀ ਜ਼ਿੰਮੇਵਾਰੀ ਸ਼੍ਰੋਮਣੀ ਕਮੇਟੀ ਵੱਲੋਂ ਨਿਭਾਈ ਜਾਵੇਗੀ ਅਤੇ ਸਾਰੀਆਂ ਧਿਰਾਂ ਇੱਕਜੁਟਤਾ ਨਾਲ ਇਨ੍ਹਾਂ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਯੋਗਦਾਨ ਪਾਉਣਗੀਆਂ। ਉਨ੍ਹਾਂ ਆਖਿਆ ਕਿ ਇਸ ਮੌਕੇ ’ਤੇ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣਗੀਆਂ, ਜਿਨ੍ਹਾਂ ਦੀ ਰਿਹਾਇਸ਼, ਲੰਗਰ, ਪਾਰਕਿੰਗ ਆਦਿ ਦੇ ਪ੍ਰਬੰਧਾਂ ਲਈ ਸਾਂਝੇ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅੱਜ ਦੀ ਇਕੱਤਰਤਾ ਮੁੱਢਲੇ ਤੌਰ ’ਤੇ ਕੀਤੀ ਗਈ ਹੈ ਅਤੇ ਇਸ ਸਬੰਧ ਵਿਚ ਇਕੱਤਰਤਾਵਾਂ ਜਾਰੀ ਰਹਿਣਗੀਆਂ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮੇਂ ਸਾਰੇ ਸਮਾਗਮ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਕੌਮੀ ਇਕਜੁਟਤਾ ਨਾਲ ਹੀ ਹੋਣਗੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















