ਚੰਡੀਗੜ੍ਹ: ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਤੇ ਪੈਨਸ਼ਨ ਧਾਰਕਾਂ ਲਈ ਮਹਿੰਗਾਈ ਭੱਤੇ 'ਚ 6% ਵਾਧਾ ਦੇਣ ਲਈ ਰਾਜ਼ੀ ਹੋ ਗਈ ਹੈ। ਡੀਏ ਦੀ ਇਹ ਕਿਸ਼ਤ ਪਹਿਲੀ ਫਰਵਰੀ 2019 ਤੋਂ ਲਾਗੂ ਹੋਵੇਗੀ। ਸਰਕਾਰ ਦੇ ਇਸ ਫੈਸਲੇ ਨਾਲ ਸਵਾ ਤਿੰਨ ਲੱਖ ਕਰਮਚਾਰੀਆਂ ਤੇ ਤਿੰਨ ਲੱਖ ਪੈਨਸ਼ਨ ਧਾਰਕਾਂ ਨੂੰ ਲਾਭ ਹੋਵੇਗਾ।


ਸ਼ੁੱਕਰਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਹੋਈ ਕੈਬਨਿਟ ਬੈਠਕ ਵਿੱਚ ਇਹ ਫੈਸਲਾ ਲਿਆ ਗਿਆ। ਬੈਠਕ ਮਗਰੋਂ ਜਾਣਕਾਰੀ ਦਿੰਦੇ ਹੋਏ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਦੱਸਿਆ ਕਿ ਸਰਕਾਰ ਦੇ ਇਸ ਐਲਾਨ ਨਾਲ ਸੂਬੇ ਦੇ ਖ਼ਜ਼ਾਨੇ 'ਤੇ 720 ਕਰੋੜ ਰੁਪਏ ਦਾ ਬੋਝ ਪਵੇਗਾ। ਕੈਬਨਿਟ ਬੈਠਕ ਵਿੱਚ ਸਰਕਾਰ ਨੇ ਪੱਤਰਕਾਰਾਂ ਨੂੰ ਵੀ ਪੈਨਸ਼ਨ ਦੇਣ ਦਾ ਐਲਾਨ ਕੀਤਾ ਹੈ।

ਇਸ ਦੇ ਨਾਲ ਹੀ ਬੈਠਕ ਵਿੱਚ ਫੈਸਲਾ ਹੋਇਆ ਹੈ ਕਿ ਸਾਰੇ ਵਿਧਾਇਕ ਆਪਣੀ ਜਾਇਦਾਦ ਦੇ ਵੇਰਵੇ ਸਰਕਾਰ ਕੋਲ ਜਮ੍ਹਾ ਕਰਵਾਉਣਗੇ। ਇਹ ਵੇਰਵੇ ਹਰ ਸਾਲ ਜਨਵਰੀ ਮਹੀਨੇ ਵਿੱਚ ਦੇਣੇ ਲਾਜ਼ਮੀ ਹੋਣਗੇ।