Punjab News: ਪੰਜਾਬ ਸਰਕਾਰ ਵੱਲੋਂ ਪਰਲਜ਼ ਗਰੁੱਪ 'ਤੇ ਸ਼ਿਕੰਜਾ, ਸੀਐਮ ਭਗਵੰਤ ਮਾਨ ਵੱਲੋਂ ਗਰੁੱਪ ਦੀਆਂ ਜਾਇਦਾਦਾਂ ਦੀ ਰੈੱਡ ਐਂਟਰੀ ਪਾਉਣ ਦਾ ਆਦੇਸ਼
ਸੀਐਮ ਭਗਵੰਤ ਮਾਨ ਨੇ ਕਿਹਾ ਹੈ ਕਿ ਪਰਲਜ਼ ਗਰੁੱਪ ਦੀਆਂ ਜਾਇਦਾਦਾਂ ਦੀਆਂ ਮਾਲ ਰਿਕਾਰਡ ’ਚ ਰੈੱਡ ਐਂਟਰੀਆਂ ਕੀਤੀਆਂ ਜਾਣ ਤਾਂ ਜੋ ਕੋਈ ਵੀ ਗਰੁੱਪ ਦੀਆਂ ਜਾਇਦਾਦਾਂ ਨੂੰ ਵੇਚ ਜਾਂ ਖਰੀਦ ਨਾ ਸਕੇ।
Punjab News: ਪੰਜਾਬ ਸਰਕਾਰ ਨੇ ਪਰਲਜ਼ ਗਰੁੱਪ ਉੱਪਰ ਸ਼ਿਕੰਜਾ ਕੱਸ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪਰਲਜ਼ ਗਰੁੱਪ ਦੀਆਂ ਸਾਰੀਆਂ ਜਾਇਦਾਦਾਂ ਦੀ ਸ਼ਨਾਖ਼ਤ ਕਰਨ ਦੇ ਆਦੇਸ਼ ਦਿੱਤੇ ਹਨ। ਸੀਐਮ ਭਗਵੰਤ ਮਾਨ ਨੇ ਕਿਹਾ ਹੈ ਕਿ ਪਰਲਜ਼ ਗਰੁੱਪ ਦੀਆਂ ਜਾਇਦਾਦਾਂ ਦੀਆਂ ਮਾਲ ਰਿਕਾਰਡ ’ਚ ਰੈੱਡ ਐਂਟਰੀਆਂ ਕੀਤੀਆਂ ਜਾਣ ਤਾਂ ਜੋ ਕੋਈ ਵੀ ਗਰੁੱਪ ਦੀਆਂ ਜਾਇਦਾਦਾਂ ਨੂੰ ਵੇਚ ਜਾਂ ਖਰੀਦ ਨਾ ਸਕੇ।
ਹਾਸਲ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਤੇ ਐਸਐਸਪੀਜ਼ ਨਾਲ ਵੀਡਿਓ ਕਾਨਫਰੰਸਿੰਗ ਰਾਹੀਂ ਮੀਟਿੰਗ ਕਰਕੇ ਆਪੋ-ਆਪਣੇ ਜ਼ਿਲ੍ਹਿਆਂ ’ਚ ਪਰਲਜ਼ ਗਰੁੱਪ ਦੀਆਂ ਸਾਰੀਆਂ ਜਾਇਦਾਦਾਂ ਦੀ ਸ਼ਨਾਖ਼ਤ ਕਰਨ ਦੇ ਆਦੇਸ਼ ਦਿੱਤੇ ਹਨ।
ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ DCs ਤੇ SSPs ਨਾਲ ਮੀਟਿੰਗ ਕਰ ਪਰਲ ਗਰੁੱਪ ਦੇ ਪੀੜ੍ਹਤਾਂ ਨੂੰ ਇਨਸਾਫ਼ ਦਿਵਾਉਣ ਲਈ ਪਰਲ ਗਰੁੱਪ ਦੀਆਂ ਜਾਇਦਾਦਾਂ ਦੀ ਪਛਾਣ, ਰੈੱਡ ਐਂਟਰੀ ਤੇ ਖਰੀਦ 'ਤੇ ਤੁਰੰਤ ਰੋਕ ਲਗਾਉਣ ਲਈ ਕਿਹਾ...
— Bhagwant Mann (@BhagwantMann) February 22, 2023
ਅਸੀਂ ਲੋਕਾਂ ਦੇ ਖੂਨ ਪਸੀਨੇ ਦੀ ਕਮਾਈ ਦਾ ਇੱਕ-ਇੱਕ ਪੈਸਾ ਦਵਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਾਂ... pic.twitter.com/hRP0DIXxZh
ਮੁੱਖ ਮੰਤਰੀ ਨੇ ਕਿਹਾ ਕਿ ਪਰਲਜ਼ ਗਰੁੱਪ ਨੇ ਸੂਬੇ ਦੇ ਲੋਕਾਂ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ, ਜਿਸ ਲਈ ਇਸ ਨੂੰ ਜ਼ਰੂਰ ਜਵਾਬਦੇਹ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਹਰੇਕ ਡਿਪਟੀ ਕਮਿਸ਼ਨਰ ਆਪਣੇ ਜ਼ਿਲ੍ਹੇ ’ਚ ਸਮੂਹ ਦੀਆਂ ਜਾਇਦਾਦਾਂ ਦੀ ਸ਼ਨਾਖ਼ਤ ਕਰ ਕੇ ਰਿਪੋਰਟ ਸੂਬਾ ਸਰਕਾਰ ਨੂੰ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਅਤੇ ਜਸਟਿਸ ਲੋਢਾ ਕਮੇਟੀ ਦੇ ਨਿਰਦੇਸ਼ਾਂ ਅਨੁਸਾਰ ਸੂਬਾ ਪੱਧਰੀ ਸੂਚੀ ਤਿਆਰ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਜਾਂ ਸੀਨੀਅਰ ਪੁਲੀਸ ਕਪਤਾਨ ਜਾਇਦਾਦਾਂ ਦੀ ਸ਼ਨਾਖ਼ਤ ਕਰਨ ਲਈ ਐਸਡੀਐਮ ਤੇ ਡੀਐੱਸਪੀਜ਼ ਨੂੰ ਸਬ-ਡਿਵੀਜ਼ਨਾਂ ਦੇ ਨੋਡਲ ਅਫ਼ਸਰ ਨਿਯੁਕਤ ਕਰਨ। ਸੀਐਮ ਮਾਨ ਨੇ ਕਿਹਾ ਕਿ ਮਾਲ ਰਿਕਾਰਡ ’ਚ ਰੈੱਡ ਐਂਟਰੀਆਂ ਕੀਤੀਆਂ ਜਾਣ ਤਾਂ ਜੋ ਕੋਈ ਵੀ ਸਮੂਹ ਦੀਆਂ ਜਾਇਦਾਦਾਂ ਨੂੰ ਵੇਚ ਜਾਂ ਖਰੀਦ ਨਾ ਸਕੇ।
ਮੁੱਖ ਮੰਤਰੀ ਨੇ ਮੁੱਖ ਸਕੱਤਰ ਤੇ ਪੁਲਿਸ ਡਾਇਰੈਕਟਰ ਜਨਰਲ ਨੂੰ ਕਿਹਾ ਕਿ ਉਹ ਇਸ ਕੰਮ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਲਈ ਨਿੱਜੀ ਤੌਰ ’ਤੇ ਨਿਗਰਾਨੀ ਕਰਨ। ਇਸ ਮੌਕੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏਵੇਨੂ ਪ੍ਰਸਾਦ, ਡਾਇਰੈਕਟਰ ਜਨਰਲ ਪੁਲੀਸ ਗੌਰਵ ਯਾਦਵ ਤੇ ਹੋਰ ਅਧਿਕਾਰੀ ਮੌਜੂਦ ਸਨ।