ਚੰਡੀਗੜ੍ਹ: ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੈਪਟਨ ਸਰਕਾਰ ਨੇ ਨਵੀਂ ਤਰਕੀਬ ਸੋਚੀ ਹੈ। ਆਏ ਦਿਨ ਕਿਤੇ ਨਾ ਕਿਤੇ ਧਾਰਮਿਕ ਗ੍ਰੰਥਾਂ ਦੀ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਕੈਪਟਨ ਸਰਕਾਰ ਨੇ ਸੂਬਾ ਭਰ ਵਿੱਚ ਧਾਰਮਿਕ ਥਾਵਾਂ ਦੇ ਆਸ-ਪਾਸ ਸੀਸੀਟੀਵੀ ਕੈਮਰੇ ਲਾਉਣ ਦੇ ਹੁਕਮ ਦਿੱਤੇ ਹਨ।

ਪੰਜਾਬ ਸਰਕਾਰ ਨੇ ਪਿੰਡਾਂ ਦੀਆਂ ਪੰਚਾਇਤਾਂ ਅਤੇ ਨਗਰ ਨਿਗਮਾਂ ਨੂੰ ਸਾਰੇ ਗੁਰਦੁਆਰਿਆਂ, ਮਸਜਿਦਾਂ, ਮੰਦਰਾਂ, ਚਰਚਾਂ ਦੀਆਂ ਇਮਾਰਤਾਂ ਦੇ ਆਲੇ-ਦੁਆਲੇ ਤੇ ਪਿੰਡਾਂ-ਸ਼ਹਿਰਾਂ ਦੇ ਪ੍ਰਮੁੱਖ ਟਿਕਾਣਿਆਂ 'ਤੇ ਸੀਸੀਟੀਵੀ ਕੈਮਰੇ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਫੈਸਲਾ ਪੰਜਾਬ ਨਿੱਤ ਦਿਨ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ, ਧਾਰਮਿਕ ਥਾਵਾਂ ਦੇ ਨੇੜੇ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਸੂਬੇ 'ਚ ਅਮਨ-ਸ਼ਾਂਤੀ ਨੂੰ ਢਾਹ ਲਾਉਣ ਵਾਲੀ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਦੇ ਮੱਦੇਨਜ਼ਰ ਲਿਆ ਗਿਆ ਹੈ।

ਸਰਕਾਰ ਵੱਲੋਂ ਜਾਰੀ ਹੁਕਮਾਂ ਮੁਤਾਬਕ ਪਿੰਡਾਂ ਦੀਆਂ ਪੰਚਾਇਤਾਂ ਅਤੇ ਨਗਰ ਨਿਗਮ ਵੱਲੋਂ ਆਪਣੇ ਫੰਡਾਂ ਵਿੱਚੋਂ ਗੁਰਦੁਆਰਿਆਂ, ਮੰਦਰਾਂ, ਚਰਚਾਂ ਅਤੇ ਮਸਜਿਦਾਂ ਦੀਆਂ ਇਮਾਰਤਾਂ ਦੇ ਆਸ-ਪਾਸ ਸੀਸੀਟੀਵੀ ਕੈਮਰੇ ਲਗਵਾਏ ਜਾਣਗੇ। ਕੈਪਟਨ ਅਮਰਿੰਦਰ ਸਿੰਘ ਨੇ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਹਿਮ ਕਦਮ ਚੁੱਕਣ ਦਾ ਫੈਸਲਾ ਕੀਤਾ ਹੈ। ਹਾਲ ਹੀ 'ਚ ਵਿਧਾਨ ਸਭਾ ਚ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਦੇਣ ਸਬੰਧੀ ਇਕ ਬਿਲ ਵੀ ਪਾਸ ਕੀਤਾ ਗਿਆ ਹੈ।