ਪੰਜਾਬ ਸਰਕਾਰ ਦਾ ਦਾਅਵਾ, 90 ਫੀਸਦੀ ਪਰਿਵਾਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ, ਲੋਕਾਂ ਨੂੰ 1,278 ਕਰੋੜ ਦਾ ਲਾਭ ਹੋਵੇਗਾ
ਪੰਜਾਬ ਸਰਕਾਰ ਨੇ ਟਿਊਬਵੈੱਲਾਂ ਦਾ ਲੋਡ ਵਧਾਉਣ ਦੀ ਫੀਸ 4750 ਰੁਪਏ ਪ੍ਰਤੀ ਐਚ.ਪੀ. ਤੋਂ ਘਟਾ ਕੇ 2500 ਰੁਪਏ ਪ੍ਰਤੀ ਐਚ.ਪੀ. ਕਰ ਦਿੱਤੀ ਹੈ, ਜਿਸ ਦੇ ਨਤੀਜੇ ਵਜੋਂ 1,87,000 ਕਿਸਾਨਾਂ ਨੂੰ ਲਾਭ ਹੋਇਆ।
ਚੰਡੀਗੜ੍ਹ: ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਹਰ ਘਰ ਨੂੰ ਮੁਫਤ ਬਿਜਲੀ ਦੇਣ ਦੇ ਚੋਣ ਵਾਅਦੇ ਨੂੰ ਪੂਰਾ ਕਰ ਦਿੱਤਾ ਹੈ। ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੋਟਾਂ ਬਟੋਰਨ ਲਈ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਧੋਖਾ ਦਿੰਦੀਆਂ ਰਹੀਆਂ ਹਨ ਪਰ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਹੀ ਬਿਜਲੀ ਬਿੱਲ ਜ਼ੀਰੋ ਕਰਨ ਦਾ ਵਾਅਦਾ ਪੂਰਾ ਕਰ ਦਿੱਤਾ ਹੈ।
ਬਿਜਲੀ ਮੰਤਰੀ ਨੇ ਕਿਹਾ ਕਿ ਸਾਰੇ ਘਰੇਲੂ ਖਪਤਕਾਰਾਂ ਨੂੰ 5,629 ਕਰੋੜ ਰੁਪਏ ਦੀ ਸਾਲਾਨਾ ਸਬਸਿਡੀ ਦਾ ਲਾਭ ਦਿੰਦਿਆਂ 600 ਯੂਨਿਟ ਮੁਫ਼ਤ ਬਿਜਲੀ (300 ਯੂਨਿਟ ਪ੍ਰਤੀ ਮਹੀਨਾ) ਦੀ ਸਹੂਲਤ ਦਿੱਤੀ ਗਈ ਹੈ। ਇਸ ਦੇ ਨਾਲ ਹੀ ਘਰੇਲੂ ਖਪਤਕਾਰਾਂ ਲਈ 7 ਕਿਲੋਵਾਟ ਤੱਕ 3 ਰੁਪਏ ਪ੍ਰਤੀ ਯੂਨਿਟ ਦੀ ਸਬਸਿਡੀ ਜਾਰੀ ਰੱਖੀ ਗਈ ਜਿਸ ਨਾਲ 1,278 ਕਰੋੜ ਰੁਪਏ ਦਾ ਲਾਭ ਹੋਵੇਗਾ। ਬਿਜਲੀ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਲਗਭਗ 90 ਫੀਸਦ ਪਰਿਵਾਰਾਂ ਦਾ ਬਿਜਲੀ ਬਿੱਲ ਹੁਣ “ਜ਼ੀਰੋ” ਆ ਰਿਹਾ ਹੈ ਤੇ ਜਨਵਰੀ, 2023 ਤੱਕ ਇਹ ਅੰਕੜਾ ਹੋਰ ਵਧਣ ਦੀ ਉਮੀਦ ਹੈ।
Power Minister Harbhajan Singh ETO said that the Punjab Govt has fulfilled the promise of Zero electricity bill. The Power Minister said that with this about 90% households are now getting “ZERO” bills which is expected to increase in January, 2023. pic.twitter.com/8VsxWzOgxC
— Government of Punjab (@PunjabGovtIndia) January 4, 2023
ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਸਾਰੀਆਂ ਰਿਹਾਇਸ਼ੀ ਇਕਾਈਆਂ ਨੂੰ ਮੁਫਤ ਬਿਜਲੀ ਦੇਣ ਦੇ ਨਾਲ-ਨਾਲ 31 ਦਸੰਬਰ, 2021 ਤੱਕ ਦੇ ਸਾਰੇ ਬਕਾਇਆ ਬਿੱਲਾਂ ਨੂੰ ਮੁਆਫ ਕਰ ਦਿੱਤਾ ਗਿਆ ਹੈ। ਉਹਨਾਂ ਅੱਗੇ ਕਿਹਾ ਕਿ ਬਿਜਲੀ ਦੇ ਕੱਟੇ ਸਾਰੇ ਕੁਨੈਕਸ਼ਨ ਮੁੜ ਬਹਾਲ ਕਰ ਦਿੱਤੇ ਗਏ ਹਨ।
ਬਿਜਲੀ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਿਸਾਨਾਂ ਨੂੰ ਟਿਊਬਵੈੱਲਾਂ ਲਈ ਮੁਫਤ ਬਿਜਲੀ ਦੇਣ ਦਾ ਲਾਲਚ ਦਿੱਤਾ ਪਰ ਕਿਸਾਨਾਂ ਨੂੰ ਅਨੇਕਾਂ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ ਅਤੇ ਉਹਨਾਂ ਨੂੰ ਕਦੇ ਵੀ ਨਿਰਵਿਘਨ ਬਿਜਲੀ ਸਪਲਾਈ ਨਹੀਂ ਦਿੱਤੀ ਗਈ, ਜਿਸ ਕਾਰਨ ਕਿਸਾਨਾਂ ਨੂੰ ਸਿੰਚਾਈ ਲਈ ਕਾਫੀ ਦਿੱਕਤਾਂ ਦਰਪੇਸ਼ ਆਈਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸਿਰਫ਼ ਖੇਤੀਬਾੜੀ ਖਪਤਕਾਰਾਂ ਲਈ ਮੁਫ਼ਤ ਬਿਜਲੀ ਜਾਰੀ ਨਹੀਂ ਰੱਖੀ ਸਗੋਂ ਪਹਿਲੀ ਵਾਰ ਝੋਨੇ ਦੇ ਸੀਜ਼ਨ ਦੌਰਾਨ ਬਿਨਾਂ ਕਿਸੇ ਕੱਟ ਦੇ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਹੈ।
ਕਿਸਾਨਾਂ ਲਈ ਹੋਰ ਲਾਭ ਦਿੰਦਿਆਂ ਪੰਜਾਬ ਸਰਕਾਰ ਨੇ ਟਿਊਬਵੈੱਲਾਂ ਦਾ ਲੋਡ ਵਧਾਉਣ ਦੀ ਫੀਸ 4750 ਰੁਪਏ ਪ੍ਰਤੀ ਐਚ.ਪੀ. ਤੋਂ ਘਟਾ ਕੇ 2500 ਰੁਪਏ ਪ੍ਰਤੀ ਐਚ.ਪੀ. ਕਰ ਦਿੱਤੀ ਹੈ, ਜਿਸ ਦੇ ਨਤੀਜੇ ਵਜੋਂ 1,87,000 ਕਿਸਾਨਾਂ ਨੂੰ ਲਾਭ ਹੋਇਆ।