ਚੰਡੀਗੜ੍ਹ: ਭਾਰਤ ਸਰਕਾਰ ਵੱਲੋਂ ਪਾਕਿਸਤਾਨ ਨੂੰ ਜਾਣ ਵਾਲਾ ਪਾਣੀ ਬੰਦ ਕਰਨ ਦੇ ਫੈਸਲੇ ਮਗਰੋਂ ਹੁਣ ਪੰਜਾਬ ਸਰਕਾਰ ਪਾਕਿਸਤਾਨ ਦਾ ਪਾਣੀ ਬੰਦ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਰਹੀ ਹੈ। ਪੰਜਾਬ ਸਰਕਾਰ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਤੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਕਸਬਾ ਦੀਨਾਨਗਰ ਅਧੀਨ ਪੈਂਦੇ ਮਕੋੜਾ ਪਤਨ ਵਿੱਚ ਰਾਵੀ ਦਰਿਆ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਰਾਵੀ ਦਰਿਆ ’ਤੇ ਡੈਮ ਬਣਾ ਕੇ ਪਾਕਿਸਤਾਨ ਨੂੰ ਜਾਣ ਵਾਲਾ ਪਾਣੀ ਰੋਕਿਆ ਜਾਵੇਗਾ।

ਦੱਸ ਦੇਈਏ ਕਿ ਇਸ ਮਕੋੜਾ ਪਤਨ ’ਤੇ ਰਾਵੀ ਤੇ ਉੱਜ ਦਰਿਆ ਦਾ ਮੇਲ ਹੁੰਦਾ ਹੈ। ਇਸੇ ਲਈ ਇਸ ਥਾਂ ’ਤੇ ਡੈਮ ਬਣਾ ਕੇ ਦੋਵਾਂ ਦਰਿਆਵਾਂ ਦਾ ਪਾਣੀ ਪਾਕਿਸਤਾਨ ਜਾਣੋਂ ਰੋਕਿਆ ਜਾ ਸਕਦਾ ਹੈ। ਪੰਜਾਬ ਸਰਕਾਰ ਵੱਲੋਂ ਜਲਦ ਹੀ ਭਾਰਤ ਸਰਕਾਰ ਨੂੰ ਇਸ ਸਬੰਧੀ ਪ੍ਰਸਤਾਵ ਬਣਾ ਕੇ ਭੇਜਿਆ ਜਾਵੇਗਾ। ਇਸ ਪ੍ਰੋਜੈਕਟ ਲਈ ਲਗਪਗ 400 ਕਰੋੜ ਰੁਪਏ ਦਾ ਖ਼ਰਚ ਕੀਤਾ ਜਾਵੇਗਾ। ਇਸ ਨਾਲ ਗੁਰਦਾਸਪੁਰ ਜ਼ਿਲ੍ਹੇ ਦੇ 6 ਸ਼ਹਿਰਾਂ ਤੇ 100 ਦੇ ਕਰੀਬ ਪਿੰਡਾਂ ਨੂੰ ਫਾਇਦਾ ਮਿਲੇਗਾ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੁਖ ਸਰਕਾਰੀਆ ਤੇ ਅਰੁਣਾ ਚੌਧਰੀ ਨੇ ਦੱਸਿਆ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਬਿਆਨ ਦਿੱਤਾ ਸੀ ਕਿ ਪਾਕਿਸਤਾਨ ਨੂੰ ਜਾਣ ਵਾਲੇ ਪਾਣੀ ਰੋਕੇ ਜਾਣਗੇ, ਇਸ ਲਈ ਉਨ੍ਹਾਂ ਪਹਿਲਾਂ ਤੋਂ ਹੀ ਇਸ ਸਬੰਧੀ ਪ੍ਰੋਪੋਜ਼ਲ ਤਿਆਰ ਕਰ ਲਿਆ ਸੀ। ਉਨ੍ਹਾਂ ਕਿਹਾ ਕਿ ਉਹ ਗਡਕਰੀ ਨੂੰ ਮਿਲ ਕੇ ਆਪਣਾ ਪ੍ਰਸਤਾਵ ਪੇਸ਼ ਕਰਨਗੇ। ਡੈਮ ਦੇ ਬਣਨ ਨਾਲ ਪੰਜਾਬ ਦੇ ਕਿਸਾਨਾਂ ਨੂੰ 6 ਮਹੀਨੇ ਦੀ ਬਜਾਏ ਹੁਣ 12 ਮਹੀਨੇ ਪਾਣੀ ਮਿਲੇਗਾ ਜਿਸ ਨਾਲ ਕਿਸਾਨਾਂ ਨੂੰ ਕਾਫ਼ੀ ਫ਼ਾਇਦਾ ਮਿਲੇਗਾ।