ਪੜਚੋਲ ਕਰੋ
Advertisement
ਸ਼੍ਰੋਮਣੀ ਕਮੇਟੀ ਦੀ ਕਾਰਵਾਈ ਤੋਂ ਕੈਪਟਨ ਸਰਕਾਰ ਨਾਖੁਸ਼, ਰੰਧਾਵਾ ਨੇ ਲਿਖੀ ਜਥੇਦਾਰ ਨੂੰ ਚਿੱਠੀ
ਪੰਜਾਬ ਸਰਕਾਰ ਇਤਰਾਜ਼ ਜਤਾਇਆ ਹੈ ਕਿ ਸਰਕਾਰ ਨੇ ਐਸਜੀਪੀਸੀ ਨਾਲ ਪ੍ਰਕਾਸ਼ ਪੁਰਬ ਦੇ ਸਮਾਗਮ ਮਨਾਉਣ ਦਾ ਫੈਸਲਾ ਕੀਤਾ ਸੀ ਪਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਵਾਲੇ ਵਫ਼ਦ ਦਾ ਹਿੱਸਾ ਬਣ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪ੍ਰਕਾਸ਼ ਪੁਰਬ ਵਿੱਚ ਸ਼ਾਮਲ ਹੋਣ ਦਾ ਸੱਦਾ ਪੱਤਰ ਦੇਣ ਚਲੇ ਗਏ।
ਚੰਡੀਗੜ੍ਹ: ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਵਿਭਾਗ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮਨਾਉਣ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਭਾਏ ਜਾ ਰਹੇ ਇਤਰਾਜ਼ਯੋਗ ਰੋਲ ਸਬੰਧੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਗਿਆਨੀ ਹਰਪ੍ਰੀਤ ਸਿੰਘ ਨੂੰ ਚਿੱਠੀ ਲਿਖੀ ਹੈ। ਦਰਅਸਲ ਪੰਜਾਬ ਸਰਕਾਰ ਇਤਰਾਜ਼ ਜਤਾਇਆ ਹੈ ਕਿ ਸਰਕਾਰ ਨੇ ਐਸਜੀਪੀਸੀ ਨਾਲ ਪ੍ਰਕਾਸ਼ ਪੁਰਬ ਦੇ ਸਮਾਗਮ ਮਨਾਉਣ ਦਾ ਫੈਸਲਾ ਕੀਤਾ ਸੀ ਪਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਵਾਲੇ ਵਫ਼ਦ ਦਾ ਹਿੱਸਾ ਬਣ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪ੍ਰਕਾਸ਼ ਪੁਰਬ ਵਿੱਚ ਸ਼ਾਮਲ ਹੋਣ ਦਾ ਸੱਦਾ ਪੱਤਰ ਦੇਣ ਚਲੇ ਗਏ।
ਰੰਧਾਵਾ ਨੇ ਚਿੱਠੀ ਵਿੱਚ ਲਿਖਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਇਸ ਕਾਰਵਾਈ ਨਾਲ ਜਿੱਥੇ ਸਿੱਖ ਜਗਤ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਕਾਰ ਨੂੰ ਠੇਸ ਪਹੁੰਚੀ ਹੈ, ਉੱਥੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦਾ 550ਵਾਂ ਇਤਿਹਾਸਕ ਦਿਹਾੜਾ ਰਲ-ਮਿਲ ਕੇ ਮਨਾਉਣ ਦੇ ਕੀਤੇ ਗਏ ਯਤਨਾਂ ਨੂੰ ਵੀ ਢਾਹ ਲੱਗੀ ਹੈ।
ਰੰਧਾਵਾ ਨੇ ਲਿਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਫ਼ਤਰ ਅੰਦਰ ਬਹੁਤ ਹੀ ਸਦਭਾਵਨਾ ਵਾਲੇ ਮਾਹੌਲ ਵਿੱਚ ਹੋਈ ਮੀਟਿੰਗ ਵਿੱਚ ਫੈਸਲਾ ਹੋਇਆ ਸੀ ਕਿ ਗੁਰਦੁਆਰਾ ਸਾਹਿਬਾਨ ਦੇ ਅੰਦਰਲੇ ਸਾਰੇ ਸਮਾਗਮ ਸ਼੍ਰੋਮਣੀ ਕਮੇਟੀ ਕਰੇਗੀ ਤੇ ਬਾਹਰਲੇ ਪ੍ਰਬੰਧ ਪੰਜਾਬ ਸਰਕਾਰ ਕਰੇਗੀ। ਇਹ ਵੀ ਤੈਅ ਹੋਏਆ ਸੀ ਕਿ ਮੁੱਖ ਸਮਾਗਮ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨ, ਸਮਾਪਤੀ ਸਮੇਂ ਅਰਦਾਸ ਕਰਨ, ਹੁਕਮਨਾਮਾ ਲੈਣ ਤੇ ਕੜਾਹ ਪ੍ਰਸ਼ਾਦ ਵਰਤਾਉਣ ਦੀ ਸੇਵਾ ਵੀ ਸ਼੍ਰੋਮਣੀ ਕਮੇਟੀ ਕਰੇਗੀ।
ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਇਹ ਇਤਿਹਾਸਕ ਪ੍ਰਕਾਸ਼ ਪੁਰਬ ਪੰਜਾਬ ਵਿੱਚ ਮਨਾਉਣ ਲਈ ਦੋ ਹੀ ਪ੍ਰਮੁੱਖ ਧਿਰਾਂ ਹਨ। ਇੱਕ ਲੋਕਾਂ ਦੁਆਰਾ ਚੁਣੀ ਹੋਈ ਪੰਜਾਬ ਸਰਕਾਰ ਤੇ ਦੂਜੀ ਸਿੱਖ ਜਗਤ ਦੀ ਨੁਮਾਇੰਦਾ ਜਮਾਤ ਸ਼੍ਰੋਮਣੀ ਕਮੇਟੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦਿਲੀ ਇੱਛਾ ਇਹ ਹੈ ਕਿ ਇਹ ਇਤਿਹਾਸਕ ਦਿਹਾੜਾ ਦੋਵੇਂ ਧਿਰਾਂ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਦੇਖ ਰੇਖ ਤੇ ਰਹਿਨੁਮਾਈ ਹੇਠ ਰਲ ਮਿਲ ਕੇ ਮਨਾਉਣ। ਹੁਣ ਸ਼੍ਰੋਮਣੀ ਕਮੇਟੀ ਨੇ ਸਮੁੱਚੇ ਸਿੱਖ ਪੰਥ ਦੀ ਨੁਮਾਇੰਦਾ ਜਥੇਬੰਦੀ ਵਜੋਂ ਆਪਣੇ ਫ਼ਰਜ਼ ਨਿਭਾਉਣ ਦੀ ਥਾਂ ਇੱਕ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਪਿਛਲੱਗ ਬਣ ਕੇ ਸਿੱਖ ਪੰਥ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।
ਇਸ ਦੇ ਨਾਲ ਹੀ ਉਨ੍ਹਾਂ ਲਿਖਿਆ ਕਿ ਸ਼੍ਰੋਮਣੀ ਕਮੇਟੀ ਦੇ ਇਸ ਕਦਮ ਨਾਲ ਪੰਜਾਬ ਸਰਕਾਰ ਵੱਲੋਂ ਬਾਬੇ ਨਾਨਕ ਦਾ ਇਤਿਹਾਸਕ ਪ੍ਰਕਾਸ਼ ਪੁਰਬ ਸਾਂਝੇ ਤੌਰ ਉੱਤੇ ਮਨਾਉਣ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਨੁਕਸਾਨ ਪਹੰਚਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਚੁੱਕੇ ਗਏ ਇਸ ਕਦਮ ਨਾਲ ਦੋਹਾਂ ਧਿਰਾਂ ਦਾ ਆਪਸੀ ਵਿਸ਼ਵਾਸ਼ ਤਿੜਕਿਆ ਹੈ ਤੇ ਬੇਲੋੜੇ ਸ਼ੱਕ ਸੁਭੇ ਉੱਭਰੇ ਹਨ।
ਹਾਲਾਂਕਿ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਤਿਹਾਸਕ ਦਿਹਾੜੇ ਉਤੇ ਹੋਣ ਵਾਲੇ ਮੁੱਖ ਸਮਾਗਮ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਮੂਲੀਅਤ ਉੱਤੇ ਕੋਈ ਇਤਰਾਜ਼ ਨਹੀਂ, ਪਰ ਜਿਸ ਢੰਗ ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੀ ਸੌੜੀ ਸਿਆਸਤ ਤਹਿਤ ਇਹ ਸੱਦਾ ਦੇ ਕੇ ਆਏ ਹਨ, ਉਸ ਨਾਲ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਲੱਗੀ ਹੈ। ਬਿਹਤਰ ਇਹ ਹੋਣਾ ਸੀ ਕਿ ਕਮੇਟੀ ਨਾਲ ਹੋਣ ਵਾਲੀ ਮੁੱਖ ਮੰਤਰੀ ਦੀ ਮੀਟਿੰਗ ਵਿੱਚ ਜਿਹੜੀਆਂ ਪ੍ਰਮੁੱਖ ਸਿਆਸੀ, ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਨੂੰ ਬੁਲਾਉਣ ਦਾ ਫੈਸਲਾ ਹੁੰਦਾ, ਉਨ੍ਹਾਂ ਨੂੰ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵੱਲੋਂ ਸਾਂਝੇ ਤੌਰ ਉੱਤੇ ਸੱਦਾ ਪੱਤਰ ਭੇਜੇ ਜਾਂਦੇ ਤੇ ਮੋਦੀ ਨੂੰ ਵੀ ਪੰਜਾਬ ਦੇ ਮੁੱਖ ਮੰਤਰੀ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਾਂਝੇ ਤੌਰ ਉਤੇ ਸੱਦਾ ਦੇਣ ਜਾਂਦੇ।
ਉਨ੍ਹਾਂ ਕਿਹਾ ਕਿ ਇਸ ਤਿੜਕੇ ਵਿਸ਼ਵਾਸ਼ ਨੂੰ ਮੁੜ ਬਹਾਲ ਕਰਨ ਲਈ ਸਾਨੂੰ ਗੁਰੂ ਸਾਹਿਬਾਨ ਵੱਲੋਂ ਵਿਖਾਏ ਗਏ ਮਾਰਗ ਉਤੇ ਤੁਰਨਾ ਚਾਹੀਦਾ ਹੈ। ਉਨ੍ਹਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਬੇਨਤੀ ਕੀਤੀ ਕਿ ਉਹ ਤੁਰੰਤ ਦੋਵੇਂ ਧਿਰਾਂ ਦੀ ਇੱਕ ਸਾਂਝੀ ਇਕੱਤਰਤਾ ਬੁਲਾ ਕੇ ਇਸ ਇਤਿਹਾਸਕ ਦਿਹਾੜੇ ਨੂੰ ਸਿੱਖ ਸਿਧਾਂਤਾਂ, ਇਤਿਹਾਸਕ ਪ੍ਰੰਪਰਾਵਾਂ ਤੇ ਪੰਥਕ ਰਹੁਰੀਤਾਂ ਅਨੁਸਾਰ ਮਨਾਉਣ ਲਈ ਆਪਣੀ ਰਹਿਨੁਮਾਈ ਦੇਣ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਯਾਤਰਾ
ਪੰਜਾਬ
ਦੇਸ਼
Advertisement