Punjab Anti Narcotics Task Force: ਪੰਜਾਬ ਸਰਕਾਰ ਨੇ ਅੱਜ ਤੋਂ ਨਸ਼ਾ ਤਸਕਰਾਂ ਖਿਲਾਫ ਆਰਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਨ ਲਈ ਸਰਕਾਰ ਵੱਲੋਂ ਹੁਣ ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ। ਅੱਜ ਸੀਐਮ ਭਗਵੰਤ ਮਾਨ ਨੇ ਮੋਹਾਲੀ ਵਿੱਚ ਫੋਰਸ ਦੇ ਦਫ਼ਤਰ ਦਾ ਉਦਘਾਟਨ ਕੀਤਾ। ਇਸ ਮੌਕੇ ਸਰਕਾਰ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਨ ਲਈ ਨਵਾਂ ਵਟਸਐਪ ਨੰਬਰ ਵੀ ਜਾਰੀ ਕੀਤਾ ਗਿਆ।


ਇਸ ਦੇ ਨਾਲ ਹੀ ਨਸ਼ਾ ਤਸਕਰਾਂ ਬਾਰੇ ਕੋਈ ਵੀ ਜਾਣਕਾਰੀ ਦੇਣ ਲਈ ਚੈਟ ਬੋਟ ਨੰਬਰ ਜਾਰੀ ਕੀਤਾ ਗਿਆ ਹੈ। ਇਸ ਦੇ ਲਈ ਲੋਕਾਂ ਨੂੰ 9779100200 'ਤੇ ਕਾਲ ਕਰਨਾ ਹੋਵੇਗਾ। ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇਗਾ। ਤੁਹਾਨੂੰ ਮੈਸੇਜ ਦਾ ਜਵਾਬ ਵੀ ਮਿਲੇਗਾ। ਕਾਰਵਾਈ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇਗੀ।



ਦੱਸ ਦਈਏ ਕਿ ਮੁਹਾਲੀ ਪੁਲਿਸ ਵੱਲੋਂ ਟਾਸਕ ਫੋਰਸ ਇੰਟੈਲੀਜੈਂਸ ਤੇ ਟੈਕਨੀਕਲ ਯੂਨਿਟ ਦੀ ਸਥਾਪਨਾ ਕੀਤੀ ਗਈ ਹੈ। ਇੱਥੇ ਮਾਹਿਰਾਂ ਦੀ ਵਿਸ਼ੇਸ਼ ਟੀਮ ਤਾਇਨਾਤ ਕੀਤੀ ਗਈ ਹੈ। ਇਹ ਟੀਮ ਵਟਸਐਪ ਤੋਂ ਲੈ ਕੇ ਜੋ ਵੀ ਤਕਨੀਕਾਂ ਤਸਕਰ ਅੱਜਕੱਲ੍ਹ ਵਰਤ ਰਹੇ ਹਨ, ਉਨ੍ਹਾਂ 'ਤੇ ਨਜ਼ਰ ਰੱਖੇਗੀ। ਇਸ ਤੋਂ ਇਲਾਵਾ ਜੋ ਵੀ ਜਾਣਕਾਰੀ ਮਿਲੇਗੀ, ਇਸ ਨੂੰ ਤੁਰੰਤ ਟੀਮਾਂ ਨਾਲ ਸਾਂਝਾ ਕੀਤਾ ਜਾਵੇਗਾ। ਇਸ ਪਿੱਛੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਕੋਸ਼ਿਸ਼ ਹੈ।







ਦੱਸ ਦਈਏ ਕਿ ਇਸ ਤੋਂ ਪਹਿਲਾਂ ਸਰਕਾਰ ਵੱਲੋਂ 40 ਕਰੋੜ ਰੁਪਏ ਦੀ ਲਾਗਤ ਨਾਲ 6 ਸਰਹੱਦੀ ਜ਼ਿਲ੍ਹਿਆਂ ਵਿੱਚ ਕੈਮਰੇ ਲਾਉਣ ਦਾ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਸੂਬੇ ਦੀ 553 ਕਿਲੋਮੀਟਰ ਸਰਹੱਦ ਪਾਕਿਸਤਾਨ ਨਾਲ ਲੱਗਦੀ ਹੈ। ਇਸ ਦੇ ਨਾਲ ਹੀ ਹੁਣ ਪਾਕਿਸਤਾਨ ਤੋਂ ਡ੍ਰੋਨ ਰਾਹੀਂ ਹਥਿਆਰ ਤੇ ਨਸ਼ੀਲੇ ਪਦਾਰਥ ਆ ਰਹੇ ਹਨ। 



ਇਸ ਦੌਰਾਨ ਲਗਾਏ ਗਏ ਕੈਮਰਿਆਂ ਦਾ ਫੋਕਸ ਸਰਹੱਦ ਤੋਂ 5 ਕਿਲੋਮੀਟਰ ਦੇ ਖੇਤਰ 'ਤੇ ਰਹੇਗਾ। ਇਸ ਦੌਰਾਨ 20 ਕਰੋੜ ਰੁਪਏ ਦੀ ਲਾਗਤ ਨਾਲ ਰਣਨੀਤਕ ਥਾਵਾਂ 'ਤੇ ਕੈਮਰੇ ਲਗਾਏ ਜਾ ਰਹੇ ਹਨ। ਗਤੀਸ਼ੀਲਤਾ ਵਧਾਉਣ 'ਤੇ 10 ਕਰੋੜ ਰੁਪਏ ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ 'ਤੇ 10 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।