ਚੰਡੀਗੜ੍ਹ: ਹਵਾ ਪ੍ਰਦੂਸ਼ਣ ਦਾ ਮੁੱਦਾ ਗਰਮਾਉਣ ਮਗਰੋਂ ਪੰਜਾਬ ਸਰਕਾਰ ਨੇ ਵੀ ਸਖਤੀ ਦੇ ਸੰਕੇਤ ਦਿੱਤੇ ਹਨ। ਅਗਲੇ ਦਿਨਾਂ ਵਿੱਚ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਸਖਤ ਕਾਰਵਾਈ ਹੋ ਸਕਦੀ ਹੈ। ਵਾਤਾਵਰਨ ਤੇ ਜਲਵਾਯੂ ਪਰਿਵਰਤਨ ਵਿਭਾਗ ਦੇ ਡਾਇਰੈਕਟਰ ਕਾਹਨ ਸਿੰਘ ਪੰਨੂ ਨੇ ਇਸ ਬਾਰੇ ਅਫਸਰਾਂ ਨੂੰ ਨਿਰਦੇਸ਼ ਦਿੱਤੇ ਹਨ।

ਉਨ੍ਹਾਂ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਾਏ ਜਾਣ ਤੋਂ ਰੋਕਣ ਲਈ ਜਿਹੜੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ। ਇਸ ਦੇ ਨਾਲ ਹੀ ਪਰਾਲੀ ਨੂੰ ਅੱਗ ਲਾਏ ਜਾਣ ’ਤੇ ਸਬੰਧਤ ਵਿਅਕਤੀ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਣੀ ਯਕੀਨੀ ਬਣਾਈ ਜਾਵੇ।

ਪੰਨੂ ਨੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਦੌਰੇ ਦੌਰਾਨ ਪਰਾਲੀ ਨੂੰ ਅੱਗ ਲਾ ਰਹੇ ਪਿੰਡ ਬਦੀਨਪੁਰ ਦੇ ਕਿਸਾਨ ਨੂੰ ਪਰਾਲੀ ਸਾੜਨੋਂ ਰੋਕਿਆ। ਇਸ ਕਿਸਾਨ ਨੂੰ ਜੁਰਮਾਨਾ ਕੀਤਾ ਗਿਆ ਤੇ ਉਸ ਖ਼ਿਲਾਫ਼ ਐਫਆਈਆਰ ਵੀ ਦਰਜ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸੰਭਾਲ ਲਈ ਆਧੁਨਿਕ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ, ਜਿਸ ਦੀ ਵਰਤੋਂ ਕਰਦਿਆਂ ਕਿਸਾਨ ਪਰਾਲੀ ਨਾ ਸਾੜ ਕੇ ਵਾਤਾਵਰਨ ਦੀ ਸੰਭਾਲ ਵਿੱਚ ਯੋਗਦਾਨ ਪਾਉਣ।

ਇਸ ਬਾਰੇ ਪ੍ਰਮੁੱਖ ਸਕੱਤਰ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਰਾਜੀ ਪੀ ਸ੍ਰੀਵਾਸਤਵਾ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਨਿਰਦੇਸ਼ਾਂ ਅਨੁਸਾਰ ਕਿਸਾਨਾਂ ਨੂੰ ਪਹਿਲਾਂ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਵਾਤਾਵਰਨ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਲਈ ਜਾਗਰੂਕ ਕੀਤਾ ਜਾਵੇ, ਜੇਕਰ ਫਿਰ ਵੀ ਕੋਈ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਤੋਂ ਨਹੀਂ ਹਟਦਾ ਤਾਂ ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।