ਚੰਡੀਗੜ੍ਹ: ਪੰਜਾਬ ਸਰਕਾਰ ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਕਰ ਰਹੇ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਹੱਕ ਵਿੱਚ ਮੁੜ ਡਟੀ ਹੈ। ਸਰਕਾਰ ਨੇ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਤਬਾਦਲੇ ਮਾਮਲੇ ’ਤੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ ਦਾ ਦਾਅਵਾ ਕੀਤਾ ਹੈ। ਗ੍ਰਹਿ ਵਿਭਾਗ ਵੱਲੋਂ ਤਿਆਰ ਰਿਪੋਰਟ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਵੱਲੋਂ ਚੋਣ ਕਮਿਸ਼ਨ ਨੂੰ ਭੇਜ ਦਿੱਤੀ ਗਈ ਹੈ।
ਸੂਤਰਾਂ ਮੁਤਾਬਕ ਇਸ ਰਿਪੋਰਟ ਵਿੱਚ ਸਰਕਾਰ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਕਮਿਸ਼ਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ ’ਤੇ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਤਬਾਦਲਾ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਇਨ੍ਹਾਂ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਆਈਜੀ ਨੂੰ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਤਾਇਨਾਤ ਕਰ ਦਿੱਤਾ ਸੀ। ਸਰਕਾਰ ਦਾ ਕਹਿਣਾ ਹੈ ਕਿ ਕਮਿਸ਼ਨ ਨੇ ਇਸ ਅਧਿਕਾਰੀ ਨੂੰ ਐਸਆਈਟੀ ਦੇ ਮੈਂਬਰ ਵਜੋਂ ਹਟਾਉਣ ਲਈ ਨਹੀਂ ਕਿਹਾ ਸੀ, ਸਗੋਂ ਮੀਡੀਆ ਨਾਲ ਕਿਸੇ ਵੀ ਤਰ੍ਹਾਂ ਦੀ ਗੱਲ ਕਰਨ ਤੋਂ ਵਰਜਿਆ ਸੀ। ਸਰਕਾਰ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤੋਂ ਬਾਅਦ ਸੰਸਦੀ ਚੋਣਾਂ ਦੇ ਸਮੁੱਚੇ ਅਮਲ ਦੌਰਾਨ ਕਮਿਸ਼ਨ ਦੇ ਨਿਰਦੇਸ਼ਾਂ ਦੀ ਪਾਲਣਾ ਕੀਤੀ ਗਈ ਤੇ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਜ਼ਾਬਤੇ ਦੌਰਾਨ ਗੋਲੀ ਕਾਂਡ ਦੇ ਮਾਮਲੇ ਵਿੱਚ ਦੋਸ਼ ਪੱਤਰ ਦਾਖ਼ਲ ਕਰਨ ਦੇ ਦੋਸ਼ਾਂ ਦੇ ਜਵਾਬ ਵਿਚ ਸਰਕਾਰ ਨੇ ਕਿਹਾ ਕਿ 23 ਮਈ ਨੂੰ ਐਸਆਈਟੀ ਦੇ ਮੈਂਬਰ ਵਜੋਂ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਦੋਸ਼ ਪੱਤਰ ’ਤੇ ਸਿਰਫ਼ ਦਸਤਖ਼ਤ ਕੀਤੇ ਗਏ ਸਨ ਪਰ ਦੋਸ਼ ਪੱਤਰ ਚੋਣ ਜ਼ਾਬਤਾ ਖ਼ਤਮ ਹੋਣ ਤੋਂ ਬਾਅਦ 27 ਮਈ ਨੂੰ ਅਦਾਲਤ ਵਿੱਚ ਦਾਖ਼ਲ ਕੀਤਾ ਗਿਆ।
ਯਾਦ ਰਹੇ ਪੰਜਾਬ ਸਰਕਾਰ ਵੱਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਆਈਜੀ ਕੁੰਵਰ ਵਿਜੈ ਪ੍ਰਤਾਪ ਨੂੰ ਆਈਜੀ ਕ੍ਰਾਈਮ ਤੇ ਸੰਗਠਿਤ ਅਪਰਾਧ ਰੋਕੂ ਯੂਨਿਟ ਦੇ ਮੁਖੀ ਦੇ ਅਹੁਦੇ ਤੋਂ ਹਟਾ ਕੇ ਆਈਜੀ ਕਾਊਂਟਰ ਇੰਟੈਲੀਜੈਂਸ ਵਜੋਂ ਤਾਇਨਾਤ ਕਰਨ ਦੇ ਹੁਕਮ 8 ਅਪਰੈਲ ਨੂੰ ਜਾਰੀ ਕੀਤੇ ਗਏ ਸਨ। ਚੋਣ ਜ਼ਾਬਤਾ ਖ਼ਤਮ ਹੋਣ ਤੋਂ ਬਾਅਦ ਕੈਪਟਨ ਸਰਕਾਰ ਨੇ ਇਸ ਪੁਲਿਸ ਅਧਿਕਾਰੀ ਨੂੰ ਪੁਰਾਣੇ ਅਹੁਦਿਆਂ ’ਤੇ ਤਾਇਨਾਤ ਕਰਨ ਸਬੰਧੀ ਹੁਕਮ 27 ਮਈ ਨੂੰ ਜਾਰੀ ਕੀਤੇ ਸਨ।
ਕੁੰਵਰ ਵਿਜੈ ਪ੍ਰਤਾਪ ਦੇ ਹੱਕ 'ਚ ਡਟੀ ਕੈਪਟਨ ਸਰਕਾਰ, ਚੋਣ ਕਮਿਸ਼ਨ ਨੂੰ ਭੇਜਿਆ ਜਵਾਬ
ਏਬੀਪੀ ਸਾਂਝਾ
Updated at:
13 Jun 2019 04:22 PM (IST)
ਪੰਜਾਬ ਸਰਕਾਰ ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਕਰ ਰਹੇ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਹੱਕ ਵਿੱਚ ਮੁੜ ਡਟੀ ਹੈ। ਸਰਕਾਰ ਨੇ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਤਬਾਦਲੇ ਮਾਮਲੇ ’ਤੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ ਦਾ ਦਾਅਵਾ ਕੀਤਾ ਹੈ। ਗ੍ਰਹਿ ਵਿਭਾਗ ਵੱਲੋਂ ਤਿਆਰ ਰਿਪੋਰਟ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਵੱਲੋਂ ਚੋਣ ਕਮਿਸ਼ਨ ਨੂੰ ਭੇਜ ਦਿੱਤੀ ਗਈ ਹੈ।
- - - - - - - - - Advertisement - - - - - - - - -