ਚੰਡੀਗੜ੍ਹ: ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਨੂੰ ਪੂਰੀ ਤਰ੍ਹਾਂ ਨਿਰਪੱਖ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਵੇਗੀ। ਕੈਪਟਨ ਨੇ ਕਿਹਾ ਕਿ ਉਹ ਹਾਈ ਕੋਰਟ ਵੱਲੋਂ ਗੋਲੀਕਾਂਡ ਮਾਮਲੇ ਵਿੱਚ ਐਸਆਈਟੀ ਦੀ ਜਾਂਚ ਰਿਪੋਰਟ ਰੱਦ ਕਰਨ ਜਾਂ ਇਸ ਦੇ ਮੁਖੀ ਨੂੰ ਹਟਾਉਣ ਦੇ ਫੈਸਲੇ ਨੂੰ ਸਿਖਰਲੀ ਅਦਾਲਤ ਵਿੱਚ ਚੁਣੌਤੀ ਦਿੱਤੀ ਜਾਏਗੀ।
ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਨੂੰ ਵੱਡਾ ਝਟਕਾ ਦਿੱਤਾ ਹੈ। ਹਾਈ ਕੋਰਟ ਦੇ ਜੱਜ ਰਾਜਵੀਰ ਸ਼ਰਾਵਤ ਨੇ ਕਿਹਾ ਕਿ ਜਾਂਚ ਟੀਮ ਦੇ ਮੁੱਖ ਮੈਂਬਰ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਇਸ ਮਾਮਲੇ ਵਿੱਚ ਕੀਤੀ ਗਈ ਪੜਤਾਲ ਪੱਖਪਾਤੀ ਜਾਪਦੀ ਹੈ।
ਹਾਈ ਕੋਰਟ ਨੇ ਜਾਂਚ ਟੀਮ ਦੀ ਪੜਤਾਲ ਰਿਪੋਰਟ ਨੂੰ ਰੱਦ ਕਰਦੇ ਹੋਏ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤੇ ਨੇ ਉਹ ਇਸ ਮਾਮਲੇ ਵਿੱਚ ਇੱਕ ਹੋਰ ਜਾਂਚ ਟੀਮ ਬਣਾਵੇ।ਨਵੀਂ ਬਣੀ ਜਾਂਚ ਟੀਮ ਵਿੱਚ ਕੁੰਵਰ ਵਿਜੈ ਪ੍ਰਤਾਪ ਸਿੰਘ ਸ਼ਾਮਲ ਨਹੀਂ ਹੋਣਗੇ।ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਅਜਿਹੀ ਕਮੇਟੀ ਨਹੀਂ ਬਣਦੀ ਤਾਂ ਕੋਟਕਪੂਰਾ ਗੋਲ਼ੀਕਾਂਡ ਦੀ ਜਾਂਚ ਹਰਿਆਣਾ ਸਰਕਾਰ ਨੂੰ ਸੌਂਪੀ ਜਾ ਸਕਦੀ ਹੈ ਜਾਂ ਫਿਰ ਇਹ ਜਾਂਚ CBI ਦੇ ਹਵਾਲੇ ਕਰ ਦਿੱਤੀ ਜਾਵੇਗੀ।
ਐਸਆਈਟੀ ਦੇ ਮੁਖੀ ਕੁੰਵਰ ਵਿਜੇ ਪ੍ਰਤਾਪ ਸਿੰਘ ਅਤੇ ਉਸਦੀ ਨਿਗਰਾਨੀ ਹੇਠ ਹੁਣ ਤੱਕ ਕੀਤੀ ਪੜਤਾਲ 'ਤੇ ਪੂਰਾ ਭਰੋਸਾ ਪ੍ਰਗਟਾਉਂਦੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਇੱਕ ਬਹੁਤ ਹੀ ਸਮਰੱਥ ਅਤੇ ਤਜਰਬੇਕਾਰ ਅਧਿਕਾਰੀ ਹਨ। ਜੋ ਵਿਸ਼ੇਸ਼ ਜਾਂਚ ਟੀਮ ਦੇ ਗਠਨ ਤੋਂ ਬਾਅਦ ਤੋਂ ਹੀ ਇਸ ਕੇਸ' ਤੇ ਨਿਰੰਤਰ ਕੰਮ ਕਰ ਰਹੇ ਹਨ। ਐਸਆਈਟੀ ਵੱਲੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਿੱਚ ਜਾਂਚ ਪੂਰੀ ਤਰ੍ਹਾਂ ਨਿਰਪੱਖ ਅਤੇ ਗੈਰ-ਪੱਖਪਾਤੀ ਢੰਗ ਨਾਲ ਕੀਤੀ ਜਾ ਰਹੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :