ਚੰਡੀਗੜ੍ਹ: ਪੰਜਾਬ ਸਰਕਾਰ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 2500 ਰੁਪਏ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਹੈ। ਇਹ ਮੁਆਵਜ਼ਾ ਉਨ੍ਹਾਂ ਕਿਸਾਨਾਂ ਨੂੰ ਮਿਲੇਗਾ ਜਿਨ੍ਹਾਂ ਨੇ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਾਈ ਬਲਕਿ ਖੇਤਾਂ ਵਿੱਚ ਹੀ ਵਾਹਿਆ ਹੈ। ਖੇਤੀਬਾੜੀ ਵਿਭਾਗ ਦੇ ਸਕੱਤਰ ਕਾਹਨ ਸਿੰਘ ਪੰਨੂ ਨੇ ਦੱਸਿਆ ਕਿ ਗ਼ੈਰ-ਬਾਸਮਤੀ ਝੋਨਾ ਲਾਉਣ ਵਾਲੇ ਪੰਜ ਏਕੜ ਤੱਕ ਦੀ ਮਾਲਕੀ ਵਾਲੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਬਦਲੇ 2500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਮਿਲੇਗਾ।

ਉਂਜ, ਇਸ ਮੁਆਵਜ਼ੇ ਦਾ ਹੱਕਦਾਰ ਉਹ ਕਿਸਾਨ ਹੋਵੇਗਾ, ਜਿਸ ਕੋਲ ਆਪਣੇ, ਪਤਨੀ ਤੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਨਾਂ ’ਤੇ ਕੁੱਲ 5 ਏਕੜ ਤੱਕ ਹੀ ਜ਼ਮੀਨ ਮਾਲਕੀ ਹੈ। ਇਸ ਜ਼ਮੀਨ ਜਾਂ ਇਸ ਦੇ ਕਿਸੇ ਹਿੱਸੇ ਵਿੱਚ ਗੈਰ-ਬਾਸਮਤੀ ਝੋਨੇ ਦੀ ਖੇਤੀ ਕਰਦਾ ਹੋਵੇ ਤੇ ਖੇਤ ਦੇ ਕਿਸੇ ਵੀ ਹਿੱਸੇ ਵਿੱਚ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਈ ਹੋਵੇ।

ਮੁਆਵਜ਼ਾ ਹਾਸਲ ਕਰਨ ਸਬੰਧੀ ਉਕਤ ਸ਼ਰਤਾਂ ਪੂਰੀਆਂ ਕਰਦੇ ਕਿਸਾਨ ਪਰਿਵਾਰ ਦੇ ਮੁਖੀ ਵੱਲੋਂ ਪਿੰਡ ਦੀ ਪੰਚਾਇਤ ਕੋਲ ਉਪਲਬਧ ਸਵੈ-ਘੋਸ਼ਣਾ ਪੱਤਰ ਵਿੱਚ ਮੰਗੀ ਗਈ ਜਾਣਕਾਰੀ ਭਰ ਕੇ 30 ਨਵੰਬਰ ਤੱਕ ਪੰਚਾਇਤ ਨੂੰ ਦਿੱਤੀ ਜਾਵੇ। ਇਸ ਦੀ ਤਸਦੀਕ ਕਰਨ ਉਪਰੰਤ ਮੁਆਵਜ਼ੇ ਦੀ ਰਾਸ਼ੀ ਯੋਗ ਕਿਸਾਨ ਦੇ ਖਾਤੇ ਵਿੱਚ ਆਵੇਗੀ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਰਹਿੰਦ-ਖੂੰਹਦ ਨੂੰ ਬਿਲਕੁਲ ਅੱਗ ਨਾ ਲਾਉਣ ਕਿਉਂਕਿ ਅਜਿਹਾ ਕਰਨਾ ਸਿੱਧੇ ਤੌਰ ’ਤੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਹੈ। ਇਹ ਕਦਮ ਚੁੱਕਣ ਵਾਲੇ ਕਿਸਾਨਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।