(Source: ECI/ABP News/ABP Majha)
ਕੈਪਟਨ ਨੇ ਦਲਿਤ ਵਿਦਿਆਰਥੀਆਂ ਦੀ ਅੱਧੀ ਫ਼ੀਸ ਕੀਤੀ 'ਮੁਆਫ਼', ਬਾਕੀ ਲਈ ਕੇਂਦਰ ਕੋਲ ਅਰਜ਼ੋਈ
ਐਸ.ਸੀ. ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਵਜੀਫਾ ਸਕੀਮ ਕੇਂਦਰੀ ਸਹਾਇਤਾ ਰਾਹੀਂ ਲਾਗੂ ਕੀਤੀ ਜਾ ਰਹੀ ਹੈ ਪਰ ਸਾਲ 2017-18 ਤੋਂ ਲੈ ਕੇ 2019-20 ਤੱਕ ਕੋਈ ਵੀ ਫੰਡ ਜਾਰੀ ਨਹੀਂ ਕੀਤੇ ਗਏ।
ਚੰਡੀਗੜ੍ਹ: ਦਲਿਤ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਵਜ਼ੀਫਾ ਤਹਿਤ ਨਿੱਜੀ ਸਿੱਖਿਆ ਸੰਸਥਾਵਾਂ ਦੇ 200 ਕਰੋੜ ਰੁਪਏ ਦੇ ਬਕਾਏ ਦਾ 40 ਫੀਸਦੀ ਹਿੱਸਾ ਯਾਨੀ ਕਿ 80 ਕਰੋੜ ਰੁਪਏ ਪੰਜਾਬ ਸਰਕਾਰ ਵੱਲੋਂ ਅਦਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਸਕਾਲਰਸ਼ਿਪ ਦੀ ਬਾਕੀ ਰਕਮ ਦੀ ਅਦਾਇਗੀ ਲਈ ਪ੍ਰਧਾਨ ਮੰਤਰੀ ਨੂੰ ਆਖਿਆ ਜਾਵੇਗਾ। ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਵਿੱਚ ਸੂਬੇ ਦੇ ਮੰਤਰੀ ਮੰਡਲ ਦੀ ਹੋਈ ਵਰਚੁਅਲ ਮੀਟਿੰਗ ਵਿੱਚ ਲਿਆ ਗਿਆ।
ਮੰਤਰੀ ਮੰਡਲ ਵੱਲੋਂ ਮੰਤਰੀਆਂ ਦੇ ਸਮੂਹ, ਜਿਸ ਦੀ ਸਥਾਪਨਾ ਉਪਰੋਕਤ ਸਮੇਂ ਲਈ ਐਸ.ਸੀ. ਵਰਗ ਲਈ ਪੋਸਟ ਮੈਟ੍ਰਿਕ ਵਜ਼ੀਫਾ ਸਕੀਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਪੇਸ਼ ਆ ਰਹੀਆਂ ਔਕੜਾਂ ’ਤੇ ਵਿਚਾਰ ਕਰਨ ਲਈ ਕੀਤੀ ਗਈ ਸੀ, ਦੁਆਰਾ ਜਮਾਂ ਕੀਤੀ ਰਿਪੋਰਟ ਨੂੰ ਮਨਜ਼ੂਰੀ ਦੇਣ ਤੋਂ ਇਲਾਵਾ ਇਹ ਫੈਸਲਾ ਵੀ ਕੀਤਾ ਗਿਆ ਕਿ ਸਰਕਾਰ ਵੱਲੋਂ ਇਹ ਬਕਾਏ ਨਿੱਜੀ ਸੰਸਥਾਵਾਂ ਨੂੰ ਸਾਲ 2021-22 ਲਈ ਤਿੰਨ ਇਕ ਸਮਾਨ ਤਿਮਾਹੀ ਕਿਸ਼ਤਾਂ ਵਿੱਚ ਅਦਾ ਕੀਤੇ ਜਾਣਗੇ।
ਮੰਤਰੀਆਂ ਦੇ ਸਮੂਹ ਵਿੱਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ, ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਸ਼ਾਮਿਲ ਸਨ ਅਤੇ ਇਹ ਸਮੂਹ 14 ਜਨਵਰੀ, 2021 ਨੂੰ ਕਾਇਮ ਕੀਤਾ ਗਿਆ ਸੀ।
ਐਸ.ਸੀ. ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਵਜੀਫਾ ਸਕੀਮ ਕੇਂਦਰੀ ਸਹਾਇਤਾ ਰਾਹੀਂ ਲਾਗੂ ਕੀਤੀ ਜਾ ਰਹੀ ਹੈ ਪਰ ਸਾਲ 2017-18 ਤੋਂ ਲੈ ਕੇ 2019-20 ਤੱਕ ਕੋਈ ਵੀ ਫੰਡ ਜਾਰੀ ਨਹੀਂ ਕੀਤੇ ਗਏ। ਐਸ.ਸੀ. ਵਿਦਿਆਰਥੀਆਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਵੇਖਦੇ ਹੋਏ ਅਤੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਮੰਤਰੀਆਂ ਦੇ ਸਮੂਹ ਦੀ ਸਥਾਪਨਾ ਕੀਤੀ ਗਈ ਸੀ।
ਮੰਤਰੀਆਂ ਦੇ ਸਮੂਹ ਨੇ ਇਹ ਵੀ ਸਿਫਾਰਿਸ਼ ਕੀਤੀ ਕਿ ਨਿੱਜੀ ਸਿੱਖਿਆ ਸੰਸਥਾਵਾਂ ਵੱਲੋਂ ਐਸ.ਸੀ. ਵਿਦਿਆਰਥੀਆਂ ਦੇ ਰੋਲ ਨੰਬਰ, ਸਰਟੀਫਿਕੇਟ ਅਤੇ ਡਿਗਰੀਆਂ ਨਹੀਂ ਰੋਕੀਆਂ ਜਾਣਗੀਆਂ ਅਤੇ ਇਸ ਤੋਂ ਇਲਾਵਾ 2017-18 ਤੋਂ ਲੈ ਕੇ 2019-20 ਦੇ ਸੈਸ਼ਨ ਲਈ ਫੀਸ ਦੀ ਵਸੂਲੀ ਹਿੱਤ ਪੰਜਾਬ ਸਰਕਾਰ ਖਿਲਾਫ਼ ਅਦਾਲਤ ਦਾ ਬੂਹਾ ਨਹੀਂ ਖੜਕਾਇਆ ਜਾਵੇਗਾ ਅਤੇ ਨਾ ਹੀ ਕੋਈ ਦਾਅਵਾ ਕੀਤਾ ਜਾਵੇਗਾ। ਮੰਤਰੀਆਂ ਦੇ ਸਮੂਹ ਨੇ ਇਹ ਵੀ ਸੁਝਾਅ ਦਿੱਤਾ ਕਿ ਇਸ ਤੋਂ ਇਲਾਵਾ ਇਨ੍ਹਾਂ ਸੰਸਥਾਵਾਂ ਵੱਲੋਂ ਇਸ ਮਾਮਲੇ ਸਬੰਧੀ ਅਦਾਲਤ ਵਿੱਚ ਦਾਇਰ ਕੇਸ ਵਾਪਸ ਲਏ ਜਾਣਗੇ।
ਇਸ ਤੋਂ ਛੁੱਟ ਆਪਣੀ ਰਿਪੋਰਟ ਵਿੱਚ ਮੰਤਰੀਆਂ ਦੇ ਸਮੂਹ ਨੇ ਇਹ ਵੀ ਕਿਹਾ ਹੈ ਕਿ ਜੇਕਰ ਭਾਰਤ ਸਰਕਾਰ ਵੱਲੋਂ 60 ਫੀਸਦੀ ਹਿੱਸੇ ਦੀ ਅਦਾਇਗੀ ਨਹੀਂ ਕੀਤੀ ਜਾਂਦੀ ਤਾਂ ਸਿੱਖਿਆ ਸੰਸਥਾਵਾਂ ਪੰਜਾਬ ਸਰਕਾਰ ਉੱਤੇ ਫੀਸ ਲਈ ਦਾਅਵਾ ਨਹੀਂ ਕਰ ਸਕਣਗੀਆਂ।
Education Loan Information:
Calculate Education Loan EMI