Gurdaspur News: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ, ਗੁਰਦਾਸਪੁਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿੱਜੀ ਖਾਦ ਵੇਚਣ ਵਾਲਿਆਂ ਦੇ ਸਟਾਕ ਦੀ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਜ਼ਿਲ੍ਹੇ ਵਿੱਚ ਯੂਰੀਆ ਖਾਦ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾ ਸਕੇ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਇੱਕ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਖਾਦਾਂ ਦੀ ਕਾਲਾਬਾਜ਼ਾਰੀ ਰੋਕਣ ਲਈ ਹੈਲਪਲਾਈਨ ਨੰਬਰ 1800-180-1852 ਜਾਰੀ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਵਿੱਚ ਸਥਾਪਤ ਇਸ ਕੰਟਰੋਲ ਰੂਮ ਵਿੱਚ ਦਿਨ ਰਾਤ ਅਧਿਕਾਰੀ ਅਤੇ ਕਰਮਚਾਰੀ ਡਿਊਟੀ 'ਤੇ ਤਾਇਨਾਤ ਹਨ ਅਤੇ ਉਹ ਕੰਟਰੋਲ ਰੂਮ ਦੇ ਹੈਲਪਲਾਈਨ ਨੰਬਰ 'ਤੇ ਆਉਣ ਵਾਲੀ ਹਰ ਕਾਲ ਨੂੰ ਸੁਣਨਗੇ ਅਤੇ ਇਸ 'ਤੇ ਤੁਰੰਤ ਢੁਕਵੀਂ ਕਾਰਵਾਈ ਕਰਨਗੇ। ਉਨ੍ਹਾਂ ਕਿਹਾ ਕਿ ਕਿਸਾਨ ਇਸ ਹੈਲਪਲਾਈਨ ਨੰਬਰ 'ਤੇ ਖਾਦਾਂ ਦੀ ਜਮ੍ਹਾਂਖੋਰੀ ਜਾਂ ਕਾਲਾਬਾਜ਼ਾਰੀ ਦੀ ਰਿਪੋਰਟ ਕਰ ਸਕਦੇ ਹਨ।

ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਯੂਰੀਆ ਖਾਦ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਸਾਰੇ ਡੀਲਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਲਾਇਸੈਂਸ ਅਤੇ ਹੋਰ ਜ਼ਰੂਰੀ ਦਸਤਾਵੇਜ਼ ਪੂਰੇ ਰੱਖਣ ਅਤੇ ਇਸ ਵਿੱਚ ਕੋਈ ਵੀ ਲਾਪਰਵਾਹੀ ਨਾ ਦਿਖਾਉਣ। ਇਸ ਤੋਂ ਇਲਾਵਾ, ਖਾਦਾਂ ਦਾ ਸਟਾਕ ਅਤੇ ਰੇਟ ਰੋਜ਼ਾਨਾ ਸਟਾਕ ਬੋਰਡ 'ਤੇ ਲਿਖਿਆ ਜਾਵੇ। ਉਨ੍ਹਾਂ ਕਿਹਾ ਕਿ ਡੀਲਰਾਂ ਵੱਲੋਂ ਕਿਸਾਨਾਂ ਨੂੰ ਜੋ ਵੀ ਖੇਤੀਬਾੜੀ ਸਮੱਗਰੀ ਵੇਚੀ ਜਾਂਦੀ ਹੈ, ਉਸ ਲਈ ਇੱਕ ਢੁਕਵਾਂ ਬਿੱਲ ਜਾਰੀ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਸਿਰਫ਼ ਜ਼ਰੂਰੀ ਸਮੱਗਰੀ ਹੀ ਵੇਚੀ ਜਾਵੇ, ਕਿਸਾਨਾਂ ਨੂੰ ਕੋਈ ਹੋਰ ਬੇਲੋੜੀ ਵਸਤੂ ਨਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਬਿਨਾਂ ਬਿੱਲ ਦੇ ਖਾਦ, ਦਵਾਈ ਜਾਂ ਬੀਜ ਵੇਚਦਾ ਪਾਇਆ ਜਾਂਦਾ ਹੈ, ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਖਾਦ, ਕੀਟਨਾਸ਼ਕ ਜਾਂ ਬੀਜ ਖਰੀਦਦੇ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰ ਕਰਦਾ ਹੈ, ਤਾਂ ਸਬੰਧਤ ਖੇਤੀਬਾੜੀ ਅਫ਼ਸਰ, ਮੁੱਖ ਖੇਤੀਬਾੜੀ ਅਫ਼ਸਰ ਜਾਂ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਨੂੰ 1800-180-1852 ਨੰਬਰ 'ਤੇ ਲਿਖਤੀ ਸ਼ਿਕਾਇਤ ਕੀਤੀ ਜਾ ਸਕਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।