Farmers Protest: ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਪੰਜਾਬ, ਹਰਿਆਣਾ ਤੇ ਕੇਂਦਰ ਸਰਕਾਰਾਂ ਐਕਸ਼ਨ ਮੋਡ ਵਿੱਚ ਹਨ। ਹਰਿਆਣਾ ਸਰਕਾਰ ਜਿੱਥੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਸਖਤੀ ਦੀਆਂ ਤਿਆਰੀਆਂ ਕਰ ਰਹੀ ਹੈ, ਉੱਥੇ ਹੀ ਕੇਂਦਰ ਸਰਕਾਰ 13 ਫਰਵਰੀ ਤੋਂ ਪਹਿਲਾਂ ਨਾਰਾਜ਼ ਕਿਸਾਨਾਂ ਨੂੰ ਸ਼ਾਂਤ ਕਰਨ ਲਈ ਆਖਰੀ ਕੋਸ਼ਿਸ਼ ਕਰਨ ਜਾ ਰਹੀ ਹੈ। ਇਸ ਲਈ ਕੇਂਦਰੀ ਤਾਲਮੇਲ ਕਮੇਟੀ ਨੇ 12 ਫਰਵਰੀ ਨੂੰ ਗੱਲਬਾਤ ਲਈ ਕਿਸਾਨਾਂ ਨੂੰ ਸੱਦਾ ਭੇਜਿਆ ਹੈ।


ਹਾਸਲ ਜਾਣਕਾਰੀ ਮੁਤਾਬਕ ਕੇਂਦਰ ਸਰਕਾਰ ਵੱਲੋਂ ਇਹ ਸੱਦਾ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੂੰ ਦਿੱਤਾ ਗਿਆ ਹੈ। ਦੂਜੇ ਪਾਸੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਚੁੱਕੇ ਜਾ ਰਹੇ ਕਦਮਾਂ ਤੋਂ ਕਿਸਾਨ ਨਾਰਾਜ਼ ਹਨ। ਇਸ ਲਈ ਕਿਸਾਨਾਂ ਨੇ ਵੀ ਦਿੱਲੀ ਕੂਚ ਦੀਆਂ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ।


ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਕੇਂਦਰੀ ਮੰਤਰੀ ਪਿਊਸ਼ ਗੋਇਲ, ਅਰਜੁਨ ਮੁੰਡਾ ਤੇ ਕੇਂਦਰੀ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਐਸਕੇਐਮ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੂੰ ਗੱਲਬਾਤ ਲਈ ਸੱਦਾ ਦਿੱਤਾ ਹੈ। ਕਿਸਾਨਾਂ ਨੇ ਇਸ ਸਬੰਧੀ ਦੇਰ ਰਾਤ ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਨਾਲ ਵੀ ਵਿਚਾਰ ਵਟਾਂਦਰਾ ਕੀਤਾ ਤੇ ਮੀਟਿੰਗ ਵਿੱਚ ਜਾਣ ਦਾ ਫੈਸਲਾ ਕੀਤਾ ਹੈ।


ਹਾਸਲ ਜਾਣਕਾਰੀ ਮੁਤਾਬਕ ਇਹ ਮੀਟਿੰਗ 12 ਫਰਵਰੀ ਨੂੰ ਸ਼ਾਮ 5 ਵਜੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ, ਪੰਜਾਬ ਸੈਕਟਰ 26 ਵਿਖੇ ਹੀ ਹੋਵੇਗੀ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਵੀ ਸ਼ਾਮਲ ਹੋਣ ਦੀ ਉਮੀਦ ਹੈ। ਦੇਰ ਸ਼ਾਮ ਸੱਦੇ ਨੂੰ ਪ੍ਰਵਾਨ ਕਰਦਿਆਂ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਦੇ ਵੱਖ-ਵੱਖ ਉੱਚ ਅਧਿਕਾਰੀਆਂ ਨਾਲ ਗੱਲਬਾਤ ਵੀ ਕੀਤੀ। ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਗੱਲਬਾਤ ਦੌਰਾਨ ਕਿਸਾਨਾਂ ਨੇ ਹਰਿਆਣਾ ਸਰਕਾਰ ਦੀਆਂ ਗਤੀਵਿਧੀਆਂ ਦਾ ਵਿਰੋਧ ਕੀਤਾ ਹੈ।


ਸਰਵਣ ਸਿੰਘ ਪੰਧੇਰ ਅਨੁਸਾਰ ਪੰਜਾਬ ਸਰਕਾਰ ਨੇ ਗੱਲਬਾਤ ਦੌਰਾਨ ਹਰਿਆਣਾ ਸਰਕਾਰ ਨੂੰ ਅਜਿਹੇ ਕਦਮ ਚੁੱਕਣ ਤੋਂ ਗੁਰੇਜ਼ ਕਰਨ ਲਈ ਕਿਹਾ ਹੈ। ਇੰਟਰਨੈੱਟ ਸੇਵਾਵਾਂ ਬੰਦ ਕਰਨਾ ਵੀ ਅਣਮਨੁੱਖੀ ਹੈ। ਕਿਸਾਨ ਜਥੇਬੰਦੀਆਂ ਨੇ ਵੀ ਇਸ ਦਾ ਵਿਰੋਧ ਕੀਤਾ ਹੈ। ਇਸ ਦੌਰਾਨ ਸਰਵਣ ਸਿੰਘ ਪੰਧੇਰ ਨੇ ਸਮੁੱਚੇ ਦੇਸ਼ ਦੇ ਆਗੂਆਂ ਨੂੰ 13 ਫਰਵਰੀ ਨੂੰ ਦਿੱਲੀ ਆਉਣ ਦਾ ਸੱਦਾ ਦਿੱਤਾ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਹ ਮਾਰਚ ਸ਼ਾਂਤਮਈ ਹੋਵੇਗਾ। ਅਸੀਂ ਉਦੋਂ ਤੱਕ ਦਿੱਲੀ ਵਿੱਚ ਡਟੇ ਰਹਾਂਗੇ ਜਦੋਂ ਤੱਕ ਕੇਂਦਰ ਉਨ੍ਹਾਂ ਦੇ ਵਿਚਾਰ ਨਹੀਂ ਮੰਨਦਾ।


ਕਿਸਾਨਾਂ ਨੂੰ ਰੋਕਣ ਲਈ 8 ਫਰਵਰੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਕਿਸਾਨ ਆਗੂਆਂ ਤੇ ਕੇਂਦਰੀ ਮੰਤਰੀਆਂ ਦੀ ਮੀਟਿੰਗ ਕੀਤੀ ਸੀ ਜਿਸ ਵਿੱਚ ਕੇਂਦਰੀ ਮੰਤਰੀ ਪਿਊਸ਼ ਗੋਇਲ, ਅਰਜੁਨ ਮੁੰਡਾ ਤੇ ਨਿਤਿਆਨੰਦ ਰਾਏ ਨੇ ਸ਼ਿਰਕਤ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਕੀਤੇ ਗਏ ਵਾਅਦਿਆਂ ਦੀ ਚਰਚਾ ਕੀਤੀ ਗਈ। ਕਿਸਾਨਾਂ ਦੇ ਕੇਸ ਵਾਪਸ ਲੈਣ, ਨਕਲੀ ਬੀਜ ਤੇ ਸਪਰੇਅ ਬਣਾਉਣ ਵਾਲੀਆਂ ਕੰਪਨੀਆਂ ਖ਼ਿਲਾਫ਼ ਸਖ਼ਤ ਕਾਰਵਾਈ ਸਮੇਤ ਹੋਰ ਮੰਗਾਂ ’ਤੇ ਸਮਝੌਤਾ ਹੋਇਆ ਹੈ।


ਇਹ ਵੀ ਪੜ੍ਹੋ: WhatsApp 'ਚ ਆਇਆ ਖਾਸ ਫੀਚਰ, ਹੁਣ ਤੁਸੀਂ ਸਿਰਫ ਲਾਕ ਸਕ੍ਰੀਨ ਤੋਂ ਹੀ ਕਰ ਸਕਦੇ ਹੋ ਇਹ ਜ਼ਰੂਰੀ ਕੰਮ


ਐਸਕੇਐਮ ਦੀ ਤਰਫੋਂ ਜਗਜੀਤ ਸਿੰਘ ਡੱਲੇਵਾਲ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ, ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਜਰਨੈਲ ਸਿੰਘ, ਦਿਲਬਾਗ ਹਰੀਗੜ੍ਹ, ਤੇਜਵੀਰ ਸਿੰਘ, ਰਮਨਦੀਪ ਸਿੰਘ ਅਤ ਗੁਰਮੀਤ ਸਿੰਘ ਹਾਜ਼ਰ ਸਨ। ਕਿਸਾਨ ਆਗੂਆਂ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਜੋ ਉਨ੍ਹਾਂ ਦਾ ਮੁੱਖ ਮੁੱਦਾ ਹੈ, 'ਤੇ ਅਜੇ ਤੱਕ ਸਹਿਮਤੀ ਨਹੀਂ ਬਣੀ। ਜੇਕਰ 13 ਤੋਂ ਪਹਿਲਾਂ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਕਿਸਾਨ ਦਿੱਲੀ ਵੱਲ ਮਾਰਚ ਕਰਨਗੇ।


ਇਹ ਵੀ ਪੜ੍ਹੋ: Ludhiana News: ਵਿਆਹਾਂ 'ਚ ਫਾਇਰ ਕੱਢਣ ਵਾਲਿਆਂ ਦੀ ਸ਼ਾਮਤ! ਹੁਣ ਹਥਿਆਰਾਂ ਦੇ ਲਾਇਸੰਸ ਹੋਣਗੇ ਰੱਦ