ਪੰਜਾਬ ਕੋਲ ਦੁਨੀਆ ਦੇ ਨਕਸ਼ੇ ਤੇ ਆਪਣੀ ਅਮੀਰ ਵਿਰਾਸਤ ਦਿਖਾਉਣ ਲਈ ਕਾਫ਼ੀ ਕੁਝ ਮੌਜੂਦ: ਅਨਮੋਲ ਗਗਨ ਮਾਨ
Anmol Gagan Mann: ਉਨ੍ਹਾਂ ਕਿਹਾ ਕਿ ਆਪਣੇ ਸੱਭਿਆਚਾਰ ਬਾਰੇ ਦੱਸਣਾ ਤੇ ਦਿਖਾਉਣਾ ਸਮੇਂ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਨੇ ਪੰਜਾਬੀ ਭਾਸ਼ਾ ਦੇ ਨਾਲ-ਨਾਲ ਸੱਭਿਆਚਾਰ ਨੂੰ ਸਾਂਭਣ ਲਈ ਵੀ ਚੰਗਾ ਕੰਮ ਕੀਤਾ ਹੈ
Patiala News: "ਪੰਜਾਬ ਕੋਲ ਦੁਨੀਆ ਦੇ ਨਕਸ਼ੇ ਤੇ ਆਪਣੀ ਅਮੀਰ ਵਿਰਾਸਤ ਦਿਖਾਉਣ ਲਈ ਕਾਫ਼ੀ ਕੁਝ ਮੌਜੂਦ ਹੈ ਪਰ ਪਿਛਲੀਆਂ ਸਰਕਾਰਾਂ ਦੌਰਾਨ ਸੈਰ ਸਪਾਟੇ ਨੂੰ ਤਵੱਜੋ ਨਾ ਦੇਣ ਕਰਕੇ ਪੰਜਾਬ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਵਿੱਚ ਸਫਲ ਨਹੀਂ ਹੋ ਸਕਿਆ ਪਰ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬੇ ਵਿਚ ਟੂਰਿਜ਼ਮ ਨੂੰ ਪ੍ਰਫੁੱਲਿਤ ਕਰਨ ਲਈ ਕੰਮ ਸ਼ੁਰੂ ਕੀਤਾ ਗਿਆ ਹੈ।" ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ ਤੇ ਸ਼ਿਕਾਇਤ ਨਿਵਾਰਨ ਵਿਭਾਗਾਂ ਦੇ ਮੰਤਰੀ ਅਨਮੋਲ ਗਗਨ ਮਾਨ ਨੇ ਕੀਤਾ। ਉਹ ਪੰਜਾਬੀ ਯੂਨੀਵਰਸਿਟੀ ਵਿੱਚ ਚੱਲ ਰਹੀ ਸਰਬ ਭਾਰਤੀ ਪੰਜਾਬੀ ਕਾਨਫ਼ਰੰਸ ਦੌਰਾਨ ਹੋਈ ਸੰਗੀਤਕ ਸ਼ਾਮ ਵਿੱਚ ਪਹੁੰਚੇ ਸੀ।
ਉਨ੍ਹਾਂ ਕਿਹਾ ਕਿ ਆਪਣੇ ਸੱਭਿਆਚਾਰ ਬਾਰੇ ਦੱਸਣਾ ਤੇ ਦਿਖਾਉਣਾ ਸਮੇਂ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਨੇ ਪੰਜਾਬੀ ਭਾਸ਼ਾ ਦੇ ਨਾਲ-ਨਾਲ ਸੱਭਿਆਚਾਰ ਨੂੰ ਸਾਂਭਣ ਲਈ ਵੀ ਚੰਗਾ ਕੰਮ ਕੀਤਾ ਹੈ ਤੇ ਆਉਣ ਵਾਲੇ ਦਿਨਾਂ ਵਿਚ ਯੂਨੀਵਰਸਿਟੀ ਦੇ ਮਾਹਿਰਾਂ ਨਾਲ ਮੀਟਿੰਗ ਕਰਕੇ ਟੂਰਿਜ਼ਮ ਦੇ ਖੇਤਰ ਵਿਚ ਕੀਤੇ ਜਾਣ ਵਾਲੇ ਉਸਾਰੂ ਕੰਮਾਂ ਸੰਬੰਧੀ ਚਰਚਾ ਕੀਤੀ ਜਾਵੇਗੀ।
ਇਸ ਮੌਕੇ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਵੀ ਮੌਜੂਦ ਸਨ। ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਅਰਵਿੰਦ ਨੇ ਕਿਹਾ ਕਿ ਯੂਨੀਵਰਸਿਟੀ ਵਲੋਂ ਟੂਰਿਜ਼ਮ ਵਿਭਾਗ ਵੀ ਚਲਾਇਆ ਜਾ ਰਿਹਾ ਹੈ ਤੇ ਵੱਖ-ਵੱਖ ਕਾਲਜਾਂ ਵਿਚ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਕੋਰਸ ਕਰਵਾਏ ਜਾ ਰਹੇ ਹਨ। ਸੰਗੀਤਕ ਸ਼ਾਮ ਦੇ ਕੁਆਰਡੀਨੇਟਰ ਡਾ. ਨਿਵੇਦਿਤਾ ਸਿੰਘ ਦੀ ਅਗਵਾਈ ਵਿਚ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵਲੋਂ ਰਾਗ ਆਧਾਰਤ ਗਾਇਣ ਕੀਤਾ ਗਿਆ। ਇਸ ਮੌਕੇ ਡਾ. ਭੀਮ ਇੰਦਰ, ਡਾ. ਸਤਨਾਮ ਸਿੰਘ ਸੰਧੂ, ਡਾ. ਅਲੰਕਾਰ ਸਿੰਘ ਵੀ ਮੌਜੂਦ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।