ਪੰਜਾਬ 'ਚ ਸਾਰੇ ਜਣੇਪੇ ਹਸਪਤਾਲਾਂ 'ਚ ਹੋਣਗੇ, ਗਰਭਵਤੀ ਔਰਤਾਂ ਨਾਲ ਹਮਦਰਦੀ ਤੇ ਸਤਿਕਾਰ ਨਾਲ ਪੇਸ਼ ਆਉਣ ਦੇ ਆਦੇਸ਼
ਸੂਬੇ ਵਿੱਚ ਜਣੇਪੇ ਦੌਰਾਨ ਮਾਵਾਂ ਦੀ ਮੌਤ ਦਰ (ਐਮਐਮਆਰ) ਘਟਾਉਣ ਦੇ ਉਦੇਸ਼ ਨਾਲ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਘਰੇਲੂ ਜਣੇਪਿਆਂ ਵਿਰੁੱਧ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ ....
Punjab News: ਸੂਬੇ ਵਿੱਚ ਜਣੇਪੇ ਦੌਰਾਨ ਮਾਵਾਂ ਦੀ ਮੌਤ ਦਰ (ਐਮਐਮਆਰ) ਘਟਾਉਣ ਦੇ ਉਦੇਸ਼ ਨਾਲ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਘਰੇਲੂ ਜਣੇਪਿਆਂ ਵਿਰੁੱਧ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ ਕਿਉਂਕਿ ਉਚਿਤ ਡਾਕਟਰੀ ਸਹੂਲਤਾਂ ਦੀ ਘਾਟ ਕਾਰਨ ਅਜਿਹੇ ਜਣੇਪੇ ਅਕਸਰ ਮਾਂ ਜਾਂ ਬੱਚੇ ਦੀ ਮੌਤ ਦਾ ਕਾਰਨ ਬਣਦੇ ਹਨ। ਡਾ. ਬਲਬੀਰ ਸਿੰਘ ਨੇ ਕਿਹਾ ਕਿ 2030 ਤੱਕ ਪ੍ਰਤੀ ਲੱਖ 70 ਲਾਈਵ ਬਰਥ ਦੇ ਸਥਾਈ ਵਿਕਾਸ ਟੀਚੇ ਦੀ ਪ੍ਰਾਪਤੀ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਾਮਲੇ ਵਿੱਚ ਸੂਬੇ ਨੂੰ ਮੋਹਰੀ ਬਣਾਉਣ ਲਈ ਵਚਨਬੱਧ ਹੈ।
ਉਨ੍ਹਾਂ ਨੇ ਉੱਚ ਜੋਖਮ ਵਾਲੀਆਂ ਗਰਭ-ਅਵਸਥਾਵਾਂ ਦਾ ਜਲਦੀ ਪਤਾ ਲਗਾਉਣ ਤੇ ਇਸ ਤੋਂ ਬਾਅਦ ਦਿਸ਼ਾ-ਨਿਰਦੇਸ਼ਾਂ ਮੁਤਾਬਕ ਨਿਰਧਾਰਤ ਡਾਕਟਰੀ ਜਾਂਚ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਗਰਭਵਤੀ ਔਰਤਾਂ ਨਾਲ ਹਮਦਰਦੀ ਅਤੇ ਸਤਿਕਾਰ ਨਾਲ ਪੇਸ਼ ਆਇਆ ਜਾਵੇ। ਸੁਰਕਸ਼ਿਤ ਮਾਤ੍ਰਿਤਵ ਆਸ਼ਵਾਸਨ (ਸੁਮਨ) ਪ੍ਰੋਗਰਾਮ ਬਾਰੇ ਵਿਸਥਾਰ ਵਿੱਚ ਦੱਸਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਉਦੇਸ਼ ਗਰਭਵਤੀ ਔਰਤਾਂ ਨੂੰ ਅਸਲੀ ਮਾਇਨੇ ਵਿੱਚ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ।
ਇਨ੍ਹਾਂ ਸੇਵਾਵਾਂ ਵਿੱਚ ਜਣੇਪੇ ਲਈ ਗਰਭਵਤੀ ਔਰਤ ਨੂੰ ਲਿਜਾਣ ਤੇ ਛੱਡਣ ਲਈ ਐਂਬੂਲੈਂਸ ਦੀ ਸਹੂਲਤ, ਬੱਚੇ ਦੇ ਜਨਮ ਤੋਂ ਪਹਿਲਾਂ ਘੱਟੋ ਘੱਟ ਚਾਰ ਵਾਰ ਜਾਂਚ ਦੀ ਸਹੂਲਤ, ਜਣੇਪੇ ਸਬੰਧੀ ਮੁਫਤ ਸੇਵਾਵਾਂ ਆਦਿ ਸ਼ਾਮਲ ਹਨ। ਪ੍ਰੋਗਰਾਮ ਤਹਿਤ 104 ਕਾਲ ਸੈਂਟਰ ਰਾਹੀਂ ਸਮਾਂਬੱਧ ਸ਼ਿਕਾਇਤ ਨਿਵਾਰਣ ਵਿਧੀ ਵੀ ਸਥਾਪਤ ਕੀਤੀ ਗਈ ਹੈ। ਸਿਹਤ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅੱਜ ਇੱਥੇ ਸਿਹਤ ਵਿਭਾਗ ਦੇ ਦਫ਼ਤਰ ਵਿਖੇ ਮਾਵਾਂ ਦੀ ਸਿਹਤ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਇਕ ਸੂਬਾ ਪੱਧਰੀ ਓਰੀਐਂਟੇਸ਼ਨ ਤੇ ਸਮੀਖਿਆ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਵਿੱਚ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਵੀ ਹਾਜ਼ਰ ਹੋਏ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।