ਚੰਡੀਗੜ੍ਹ: ਪਿਛਲੇ ਕੁਝ ਮਹੀਨਿਆਂ ਦੌਰਾਨ ਪੰਜਾਬ ਵਿੱਚ ਡ੍ਰੋਨਜ਼ ਦੇ ਮੰਡਰਾਉਣ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਕਈ ਵਾਰ ਡ੍ਰੋਨ ਨਾਲ ਹਥਿਆਰ ਤੇ ਨਸ਼ੀਲੇ ਪਦਾਰਥ ਵੀ ਸੁੱਟੇ ਗਏ ਹਨ। ਇਹ ਮਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਕੋਲ ਵੀ ਉਠਾਇਆ ਹੈ। ਕੈਪਟਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਖੁਫੀਆ ਜਾਣਕਾਰੀ ਵੀ ਸਾਂਝੀ ਕੀਤੀ ਹੈ।


ਉਧਰ, ਕੇਂਦਰੀ ਖ਼ੁਫ਼ੀਆ ਤੇ ਸੁਰੱਖਿਆ ਏਜੰਸੀਆਂ ਵੱਲੋਂ ਵੀ ਰਾਜ ਵਿੱਚ ਅੱਤਵਾਦੀ ਗਤੀਵਿਧੀਆਂ ਵਧਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਇਸ ਦੇ ਮੱਦੇਨਜ਼ਰ ਰਾਜ ਸਰਕਾਰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਧਾਰਮਿਕ ਸਥਾਨਾਂ, ਭਾਜਪਾ ਤੇ ਆਰਐਸਐਸ ਦਫਤਰਾਂ ਦੀ ਸੁਰੱਖਿਆ ਵਧਾਉਣ ਜਾ ਰਹੀ ਹੈ।


ਪਿਛਲੇ ਦਿਨੀਂ, ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰਾਲੇ ਤੋਂ ਕੌਮਾਂਤਰੀ ਸਰਹੱਦ 'ਤੇ ਹਥਿਆਰਬੰਦ ਪੁਲਿਸ ਬਲ ਤਾਇਨਾਤ ਕਰਨ ਦੀ ਮੰਗ ਵੀ ਕੀਤੀ ਸੀ। ਉਸ ਦੇ 24 ਘੰਟਿਆਂ ਅੰਦਰ ਹੀ ਕੇਂਦਰ ਦੀਆਂ ਖੁਫੀਆ ਏਜੰਸੀਆਂ ਨੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦੀਆਂ ਪਿਛਲੇ 10 ਸਾਲਾਂ ਦੌਰਾਨ ਵਾਪਰੀਆਂ ਅੱਤਵਾਦੀ ਘਟਨਾਵਾਂ ਦੀਆਂ ਰਿਪੋਰਟਾਂ ਬਣਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ।


ਪੰਜਾਬ ਸਰਹੱਦੀ ਸੂਬਾ ਹੈ ਤੇ ਇਸ ਦੇ ਬਹੁਤ ਸਾਰੇ ਜ਼ਿਲ੍ਹੇ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਹਨ। ਇੱਥੋਂ ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਹੋਣ ਦੀ ਸੰਭਾਵਨਾ ਬਣੀ ਹੀ ਰਹਿੰਦੀ ਹੈ। ਭਾਵੇਂ 24 ਘੰਟੇ ਬੀਐਸਐਫ ਤਾਇਨਾਤ ਰਹਿੰਦੀ ਹੈ ਪਰ ਪੰਜਾਬ ਨੂੰ ਹੋਰ ਪੁਲਿਸ ਬਲਾਂ ਦੀ ਲੋੜ ਹੈ। ਇਸ ਲਈ ਸਰਕਾਰ ਸਖਤ ਸੁਰੱਖਿਆ ਪ੍ਰਬੰਧ ਕਰਨ ਦੇ ਨਾਲ-ਨਾਲ ਹਥਿਆਰਬੰਦ ਪੁਲਿਸ ਬਲ ਵੀ ਤਾਇਨਾਤ ਕਰੇਗੀ ਤਾਂ ਜੋ ਕਿਸੇ ਵੀ ਗੜਬੜੀ ਨਾਲ ਤੁਰੰਤ ਨਜਿੱਠਿਆ ਜਾ ਸਕੇ।


ਸੂਤਰਾਂ ਮੁਤਾਬਕ ਰਾਜ ਪੁਲਿਸ ਤੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਸਾਂਝੇ ਤੌਰ 'ਤੇ ਵੱਡੇ ਪੱਧਰ 'ਤੇ ਸੁਰੱਖਿਆ ਯੋਜਨਾ ਤਿਆਰ ਕਰਨ ਦਾ ਫੈਸਲਾ ਕੀਤਾ ਹੈ। ਨਵੀਂ ਸੁਰੱਖਿਆ ਯੋਜਨਾ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਰਾਜਸਥਾਨ, ਦਿੱਲੀ, ਚੰਡੀਗੜ੍ਹ, ਉੱਤਰ ਪ੍ਰਦੇਸ਼ ਵਰਗੇ ਰਾਜਾਂ ਦੇ ਡੀਜੀਪੀਜ਼ ਦੀ ਸਾਂਝੀ ਮੀਟਿੰਗ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ।


ਦੂਜੇ ਪਾਸੇ ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਵੱਖ-ਵੱਖ ਏਜੰਸੀਆਂ ਦੇ ਸਹਿਯੋਗ ਨਾਲ ਵਿਸ਼ੇਸ਼ ਸੁਰੱਖਿਆ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਇਸ ਵਿੱਚ ਸਾਰੇ ਵਰਗਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਸਰਹੱਦ ਤੋਂ ਸੰਵੇਦਨਸ਼ੀਲ ਜ਼ਿਲ੍ਹਿਆਂ ਤੱਕ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।ਉਧਰ, ਬੁੱਧਵਾਰ ਨੂੰ ਡੀਜੀਪੀ ਦਫਤਰ ਨੇ ਅੰਮ੍ਰਿਤਸਰ, ਜਲੰਧਰ, ਤਰਨਤਾਰਨ, ਗੁਰਦਾਸਪੁਰ, ਫ਼ਿਰੋਜ਼ਪੁਰ, ਫਾਜ਼ਿਲਕਾ, ਲੁਧਿਆਣਾ, ਮੋਹਾਲੀ, ਪਟਿਆਲਾ, ਬਠਿੰਡਾ, ਫਗਵਾੜਾ ਤੇ ਮੋਗਾ ਵਿੱਚ ਸੁਰੱਖਿਆ ਹੋਰ ਵਧਾਉਣ ਦੇ ਆਦੇਸ਼ ਦਿੱਤੇ ਹਨ ਕਿਉਂਕਿ ਇਨ੍ਹਾਂ ਜ਼ਿਲ੍ਹਿਆਂ ਵਿੱਚ ਲੋਕਾਂ ਦੀ ਆਵਾਜਾਈ ਜ਼ਿਆਦਾ ਹੈ ਤੇ ਉਨ੍ਹਾਂ ਦੀ ਆਬਾਦੀ ਵੀ ਜ਼ਿਆਦਾ ਹੈ, ਇਸ ਲਈ ਸਰਕਾਰ ਇਨ੍ਹਾਂ ਜ਼ਿਲ੍ਹਿਆਂ ਵਿੱਚ ਪਹਿਲ ਦੇ ਆਧਾਰ 'ਤੇ ਸੁਰੱਖਿਆ ਸਖਤ ਕਰੇਗੀ।


ਸੁਰੱਖਿਆ ਪ੍ਰਬੰਧਾਂ ਨੂੰ ਸਖਤ ਕਰਨ ਲਈ ਰਾਜ ਭਰ ਵਿੱਚ ‘ਹਾਈ ਅਲਰਟ’ ਵੀ ਜਾਰੀ ਕੀਤਾ ਗਿਆ ਹੈ, ਜਦੋਂਕਿ ਸਬੰਧਤ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਸੁਰੱਖਿਆ ਪ੍ਰਬੰਧਾਂ ਤਹਿਤ ‘ਹਾਈ ਅਲਰਟ’ ਦੀਆਂ ਹਦਾਇਤਾਂ ਸਤੰਬਰ ਦੇ ਅੰਤ ਤੱਕ ਜਾਰੀ ਰਹਿਣਗੀਆਂ।


ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਈਐਸਆਈ ਤੇ ਪਾਕਿਸਤਾਨ ਆਧਾਰਤ ਖਾਲਿਸਤਾਨੀ ਅੱਤਵਾਦੀ ਸੰਗਠਨਾਂ ਦੁਆਰਾ ਵਿਕਸਤ ਕੀਤੀ ਗਈ ਪ੍ਰਣਾਲੀ ਕਾਰਨ ਪੰਜਾਬ ਵਿੱਚ ਭਾਰਤ-ਪਾਕਿ ਸਰਹੱਦ ਦੇ ਨਾਲ ਕੰਡਿਆਲੀ ਤਾਰ ਬੇਅਸਰ ਹੋ ਗਈ ਹੈ। 15 ਅਗਸਤ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ 'ਤੇ ਵਿਸ਼ੇਸ਼ ਨਜ਼ਰ ਰੱਖਣ ਲਈ ਕਿਹਾ ਗਿਆ ਹੈ।


ਇਹ ਵੀ ਪੜ੍ਹੋ: ਕੈਨੇਡਾ ’ਚ ਐਤਕੀਂ ਭਾਰਤ ਦੇ ਆਜ਼ਾਦੀ ਦਿਹਾੜੇ ਦੀਆਂ ਹੋਣਗੀਆਂ ਖ਼ੂਬ ਰੌਣਕਾਂ, ਪਾਬੰਦੀਆਂ ਹਟਣ ਮਗਰੋਂ ਜੋਸ਼


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904