Punjab News: ਗੰਨੇ ਦਾ ਭਾਅ 401 ਰੁਪਏ ਪ੍ਰਤੀ ਕੁਇੰਟਲ ਦੇਣ ’ਚ ਪੰਜਾਬ ਦੇਸ਼ ਭਰ ’ਚੋਂ ਮੋਹਰੀ, ਖੇਤੀਬਾੜੀ ਸੈਕਟਰ ਨੂੰ ਹੋਰ ਖੁਸ਼ਹਾਲ ਬਣਾਉਣ ਲਈ ਸੂਬਾ ਸਰਕਾਰ ਕਰ ਰਹੀ ਆਹ ਕੰਮ
ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵੱਲੋਂ ਦੇਸ਼ ਭਰ ’ਚੋਂ ਗੰਨੇ ਦਾ ਸਭ ਤੋਂ ਵੱਧ 401 ਰੁਪਏ ਪ੍ਰਤੀ ਕੁਇੰਟਲ ਰੇਟ ਦਿੱਤਾ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਹਾਲ ਹੀ ’ਚ ਪਿੜਾਈ ਸੀਜ਼ਨ 2024-25 ਲਈ ਗੰਨੇ
Punjab News: ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵੱਲੋਂ ਦੇਸ਼ ਭਰ ’ਚੋਂ ਗੰਨੇ ਦਾ ਸਭ ਤੋਂ ਵੱਧ 401 ਰੁਪਏ ਪ੍ਰਤੀ ਕੁਇੰਟਲ ਰੇਟ ਦਿੱਤਾ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਹਾਲ ਹੀ ’ਚ ਪਿੜਾਈ ਸੀਜ਼ਨ 2024-25 ਲਈ ਗੰਨੇ ਦੇ ਸਟੇਟ-ਐਗਰੀਡ ਪ੍ਰਾਈਜ਼ (ਐੱਸ.ਏ.ਪੀ.) ’ਚ 10 ਰੁਪਏ ਦਾ ਵਾਧਾ ਕੀਤਾ ਹੈ, ਜਿਸ ਨਾਲ ਇਹ ਰੇਟ 401 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ। ਪੰਜਾਬ ਸਰਕਾਰ ਨੇ ਸਹਿਕਾਰੀ ਖੰਡ ਮਿੱਲਾਂ ਦਾ ਪਿੜਾਈ ਸੀਜ਼ਨ 2023-24 ਲਈ ਸਾਰੀ ਅਦਾਇਗੀ ਕਲੀਅਰ ਕਰ ਦਿੱਤੀ ਹੈ। ਇਨ੍ਹਾਂ ਪਹਿਲਕਦਮੀਆਂ ਸਦਕਾ 2024-25 ਦੌਰਾਨ ਗੰਨੇ ਦੀ ਫ਼ਸਲ ਅਧੀਨ ਰਕਬੇ ’ਚ 5000 ਹੈਕਟੇਅਰ ਦਾ ਵਾਧਾ ਹੋਇਆ ਹੈ।
ਕਿਸਾਨੀ ਨੂੰ ਹੁਲਾਰਾ ਦੇਣ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਆਹ ਕੰਮ
ਖੇਤੀਬਾੜੀ ਸੈਕਟਰ ਨੂੰ ਹੋਰ ਖੁਸ਼ਹਾਲ ਅਤੇ ਕਾਮਯਾਬ ਬਣਾਉਣ ਤੇ ਸੂਬੇ ਦੇ ਮਿਹਨਤਕਸ਼ ਕਿਸਾਨਾਂ ਦੀ ਆਮਦਨ ’ਚ ਹੋਰ ਵਾਧਾ ਕਰਨ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਉਤਸ਼ਾਹਿਤ ਕਰਨ ਦੇ ਨਾਲ-ਨਾਲ ਗੰਨੇ ਦੇ ਰੇਟ ’ਚ ਵਾਧਾ, ਹਾਈਬ੍ਰਿਡ ਮੱਕੀ ਦੇ ਬੀਜਾਂ ’ਤੇ ਸਬਸਿਡੀ, ਝੋਨੇ ਦੀ ਸਿੱਧੀ ਬਿਜਾਈ (ਡੀ.ਐੱਸ.ਆਰ.) ਲਈ ਵਿੱਤੀ ਸਹਾਇਤਾ, ਕਿਸਾਨਾਂ ਨੂੰ ਖੇਤੀ ਮੋਟਰਾਂ ਲਈ ਮੁਫ਼ਤ ਬਿਜਲੀ ਸਮੇਤ ਹੋਰ ਵੀ ਪਹਿਲਕਦਮੀਆਂ ਕੀਤੀਆਂ ਗਈਆਂ ਹਨ।
ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕੀਤੇ ਜਾ ਰਹੇ ਇਹ ਯਤਨ
ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ (ਡੀ.ਐੱਸ.ਆਰ.) ਤਕਨੀਕ ਅਪਣਾਉਣ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਸਰਕਾਰ ਦੇ ਇਸ ਉਪਰਾਲੇ ਨੂੰ ਕਿਸਾਨਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਸਾਉਣੀ ਸੀਜ਼ਨ-2024 ਦੌਰਾਨ ਕੁੱਲ 2.53 ਲੱਖ ਏਕੜ ਰਕਬੇ ’ਚ ਡੀ.ਐੱਸ.ਆਰ. ਅਧੀਨ ਬਿਜਾਈ ਕੀਤੀ ਗਈ ਜਦਕਿ ਸਾਉਣੀ ਸੀਜ਼ਨ-2023 ਦੌਰਾਨ 1.70 ਲੱਖ ਏਕੜ ਰਕਬੇ ’ਚ ਬਿਜਾਈ ਕੀਤੀ ਗਈ ਸੀ।
ਇਸ ਅਨੁਸਾਰ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਡੀ.ਐੱਸ.ਆਰ. ਅਧੀਨ 48.8 ਫ਼ੀਸਦੀ ਰਕਬੇ ਦਾ ਵਾਧਾ ਹੋਇਆ ਹੈ। ਖੇਤੀਬਾੜੀ ਵਿਭਾਗ ਵਲੋਂ ਸਾਲ 2023 ਦੌਰਾਨ 17,112 ਕਿਸਾਨਾਂ ਨੂੰ 20.05 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਸਰਕਾਰ ਨੇ ਕਿਸਾਨਾਂ ਨੂੰ ਉਨ੍ਹਾਂ ਦੇ ਟਿਊਬਵੈੱਲਾਂ ਲਈ ਮੁਫ਼ਤ ਬਿਜਲੀ ਦੀ ਸਹੂਲਤ ਨੂੰ ਜਾਰੀ ਰੱਖਿਆ ਹੈ ਅਤੇ ਇਸ ਮੰਤਵ ਲਈ 2024-25 ਦੌਰਾਨ 9331 ਕਰੋੜ ਰੁਪਏ ਰੱਖੇ ਗਏ ਹਨ।
ਸਰਕਾਰ ਦੀ ਫ਼ਸਲੀ ਵਿਭਿੰਨਤਾ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਿਆ ਹੈ। ਬਾਸਮਤੀ ਦੀ ਕਾਸ਼ਤ ਅਧੀਨ ਰਕਬੇ ’ਚ ਘੱਟੋ-ਘੱਟ 14 ਫ਼ੀਸਦੀ ਵਾਧਾ ਹੋਇਆ ਹੈ। ਇਸ ਸਾਉਣੀ ਸੀਜ਼ਨ ਦੌਰਾਨ 6.80 ਲੱਖ ਹੈਕਟੇਅਰ ਰਕਬੇ ’ਚ ਬਾਸਮਤੀ ਦੀ ਬਿਜਾਈ ਕੀਤੀ ਗਈ, ਜੋ 2023 ’ਚ 5.96 ਲੱਖ ਹੈਕਟੇਅਰ ਸੀ। ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਬਾਸਮਤੀ ਪੈਦਾ ਕਰਨ ਦੇ ਯੋਗ ਬਣਾਉਣ ਲਈ ਬਾਸਮਤੀ ’ਤੇ ਵਰਤੀਆਂ ਜਾਣ ਵਾਲੀਆਂ 10 ਕੀਟਨਾਸ਼ਕਾਂ ’ਤੇ ਵੀ ਪਾਬੰਦੀ ਲਾ ਦਿੱਤੀ ਹੈ।
ਐਗਰੀਕਲਚਰਲ ਐਂਡ ਪ੍ਰੋਸੈਸਡ ਫੂਡ ਪ੍ਰੋਡਕਟਸ ਐਕਸਪੋਰਟ ਡਿਵੈਲਪਮੈਂਟ ਅਥਾਰਟੀ (ਏ.ਪੀ.ਈ.ਡੀ.ਏ.) ਦੇ ਤਾਲਮੇਲ ਨਾਲ ਬਾਸਮਤੀ ਐਕਸਟੈਂਸ਼ਨ-ਰਿਸਰਚ ਸੈਂਟਰ ਤੇ ਰੈਜ਼ੀਡਿਊ ਟੈਸਟਿੰਗ ਲੈਬ ਦੀ ਸਥਾਪਨਾ ਕੀਤੀ ਜਾ ਰਹੀ ਹੈ, ਜਿਸ ਨਾਲ ਪੰਜਾਬ ਦੇ ਬਾਸਮਤੀ ਨਿਰਯਾਤ ਨੂੰ ਵੱਡਾ ਹੁਲਾਰਾ ਮਿਲੇਗਾ।