Punjab News: ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਲੰਬੇ ਸਮੇਂ ਤੋਂ ਤਕਰਾਰ ਚੱਲ ਰਿਹਾ ਹੈ। ਪੰਜਾਬ ਵਿਧਾਨ ਸਭਾ 'ਚ ਪਾਸ ਕੀਤੇ ਬਿੱਲਾਂ 'ਤੇ ਰਾਜਪਾਲ ਵੱਲੋਂ ਦਸਤਖ਼ਤ ਨਾ ਕਰਨ ਨੂੰ ਲੈ ਕੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਵੱਲੋਂ ਰਾਜਪਾਲ ਨੂੰ ਕਿਹਾ ਗਿਆ ਕਿ ਤੁਸੀਂ ਅੱਗ ਨਾਲ ਖੇਡ ਰਹੇ ਹੋ। ਵਿਧਾਨ ਸਭਾ ਵਿੱਚ ਪਾਸ ਕੀਤੇ ਬਿੱਲਾਂ ਨੂੰ ਰੋਕਿਆ ਨਹੀਂ ਜਾਣਾ ਚਾਹੀਦਾ। ਕਿਉਂਕਿ ਲੋਕਤੰਤਰ ਅਸਲ ਵਿੱਚ ਮੁੱਖ ਮੰਤਰੀ ਅਤੇ ਰਾਜਪਾਲ ਦੇ ਹੱਥਾਂ ਵਿੱਚ ਚੱਲਦਾ ਹੈ। ਹਾਈਕੋਰਟ ਦੇ ਫੈਸਲੇ ਨੂੰ ਲੈ ਕੇ ਪੰਜਾਬ ਸਰਕਾਰ ਦੇ ਮੰਤਰੀ ਕੁਲਦੀਪ ਧਾਲੀਵਾਲ ਦਾ ਬਿਆਨ ਵੀ ਸਾਹਮਣੇ ਆਇਆ ਹੈ।


ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਨੇ ਰਾਜਪਾਲ ਦੇ ਖਿਲਾਫ ਇਤਿਹਾਸਕ ਆਦੇਸ਼ ਦਿੱਤਾ ਹੈ। ਮੈਨੂੰ ਲੱਗਦਾ ਹੈ ਕਿ ਹੁਣ ਉਸਨੂੰ ਰਾਜਪਾਲ ਦੇ ਮਾਣਯੋਗ ਸੰਵਿਧਾਨਕ ਅਹੁਦੇ ਦੀ ਲਾਜ਼ ਰੱਖਣ ਲਈ ਆਪਣੇ ਕਰਮ ਸੁਧਾਰ ਲੈਣੇ ਚਾਹੀਦੇ ਹਨ। SC ਨੇ 19 ਅਤੇ 20 ਜੂਨ ਨੂੰ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਨੂੰ ਸੰਵਿਧਾਨਕ ਤੌਰ 'ਤੇ ਜਾਇਜ਼ ਠਹਿਰਾਇਆ ਹੈ।  ਕੋਰਟ ਨੇ ਕਿਹਾ, ਰਾਜਪਾਲ ਨੂੰ ਇਸ ਸੈਸ਼ਨ ਨੂੰ ਜਾਇਜ਼ ਮੰਨਣਾ ਚਾਹੀਦਾ ਹੈ ਅਤੇ ਆਪਣੇ ਕੋਲ ਪੈਂਡਿੰਗ ਬਿੱਲਾ 'ਤੇ ਫੈਸਲਾ ਲੈਣਾ ਚਾਹੀਦਾ ਹੈ। ਰਾਜਪਾਲ ਵੱਲੋਂ ਵਿਧਾਨ ਸਭਾ ਸੈਸ਼ਨ ਦੀ ਵੈਧਤਾ 'ਤੇ ਸ਼ੱਕ ਪੈਦਾ ਕਰਨਾ ਠੀਕ ਨਹੀਂ ਹੈ।  ਵਿਧਾਨ ਸਭਾ ਵਿੱਚ ਜਨਤਾ ਦੇ ਚੁਣੇ ਹੋਏ ਨੁਮਾਇੰਦੇ ਹਨ। ਇਸ ਲਈ ਰਾਜਪਾਲ ਵੱਲੋਂ ਸੈਸ਼ਨ ਨੂੰ ਗ਼ੈਰ-ਕਾਨੂੰਨੀ ਕਰਾਰ ਦੇਣਾ ਸੰਵਿਧਾਨਕ ਤੌਰ ’ਤੇ ਸਹੀ ਨਹੀਂ ਹੈ।


SC ਨੇ ਰਾਜਪਾਲ ਦੀਆਂ ਸ਼ਕਤੀਆਂ 'ਤੇ ਚੁੱਕੇ ਸਵਾਲ


ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਸੁਪਰੀਮ ਕੋਰਟ ਦੀ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਕੀਤੀ। ਸੁਪਰੀਮ ਕੋਰਟ ਦੇ ਬੈਂਚ ਨੇ ਰਾਜਪਾਲ ਦੀਆਂ ਸ਼ਕਤੀਆਂ 'ਤੇ ਵੀ ਸਵਾਲ ਉਠਾਏ ਅਤੇ ਪੁੱਛਿਆ ਕਿ ਵਿਧਾਨ ਸਭਾ ਸੈਸ਼ਨ ਨੂੰ ਕਿਸ ਆਧਾਰ 'ਤੇ ਅਸੰਵਿਧਾਨਕ ਕਰਾਰ ਦਿੱਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਅਦਾਲਤ ਵੱਲੋਂ ਕਿਹਾ ਗਿਆ ਕਿ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਬਿੱਲਾਂ ਨੂੰ ਮਨਜ਼ੂਰੀ ਦੇਣ ਲਈ ਰਾਜਪਾਲ ਦੀਆਂ ਸ਼ਕਤੀਆਂ ਬਾਰੇ ਵੀ ਸੰਖੇਪ ਹੁਕਮ ਜਾਰੀ ਕੀਤਾ ਜਾਵੇਗਾ। ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਸੈਸ਼ਨ 19 ਜੂਨ ਨੂੰ ਬੁਲਾਇਆ ਗਿਆ ਸੀ। ਰਾਜਪਾਲ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਇਸ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਅਤੇ ਰਾਜਪਾਲ ਵਿਚਾਲੇ ਤਕਰਾਰ ਸ਼ੁਰੂ ਹੋ ਗਈ।