Punjab News: ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (AAP) ਦੀ ਕਰਾਰੀ ਹਾਰ ਤੋਂ ਬਾਅਦ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਨੇ ਮੰਗਲਵਾਰ ਨੂੰ ਪੰਜਾਬ ਦੇ ਵਿਧਾਇਕਾਂ ਅਤੇ ਮੰਤਰੀਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ। ਕੇਜਰੀਵਾਲ ਦੀ ਪੰਜਾਬ ਦੇ ਵਿਧਾਇਕਾਂ ਨਾਲ ਮੀਟਿੰਗ ਸਿਰਫ਼ 10 ਮਿੰਟ ਚੱਲੀ। ਇਸ ਤੋਂ ਬਾਅਦ ਵਿਧਾਇਕ ਉੱਠੇ ਅਤੇ ਮੀਟਿੰਗ ਤੋਂ ਬਾਹਰ ਆਉਣ ਲੱਗੇ।
ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਇਹ ਸਿਰਫ਼ ਇੱਕ ਰਸਮੀ ਮੀਟਿੰਗ ਸੀ। ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹੋਏ। ਇਹ ਮੀਟਿੰਗ ਕਪੂਰਥਲਾ ਹਾਊਸ ਵਿੱਚ ਹੋਈ। ਇਹ ਮੀਟਿੰਗ ਵਿਸ਼ੇਸ਼ ਤੌਰ 'ਤੇ ਪਾਰਟੀ ਦੀ ਸਥਿਤੀ 'ਤੇ ਚਰਚਾ ਕਰਨ ਲਈ ਬੁਲਾਈ ਗਈ ਸੀ, ਕਿਉਂਕਿ ਦਿੱਲੀ ਚੋਣਾਂ ਵਿੱਚ ਹਾਰ ਪਾਰਟੀ ਲਈ ਇੱਕ ਵੱਡਾ ਝਟਕਾ ਹੈ।
ਦੱਸ ਦਈਏ ਕਿ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (AAP) ਦੀ ਹਾਰ ਤੋਂ ਬਾਅਦ ਪੰਜਾਬ ਵਿੱਚ ਰਾਜਨੀਤਿਕ ਉਥਲ-ਪੁਥਲ ਹੈ। ਪੰਜਾਬ ਕਾਂਗਰਸ ਨੇ ਦਾਅਵਾ ਕੀਤਾ ਕਿ 35 ਵਿਧਾਇਕ 'ਆਪ' ਛੱਡਣ ਲਈ ਤਿਆਰ ਹਨ। 30 ਵਿਧਾਇਕ ਵੀ ਉਨ੍ਹਾਂ ਦੇ ਸੰਪਰਕ ਵਿੱਚ ਹਨ।
ਇਸ ਦੇ ਮੱਦੇਨਜ਼ਰ, 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਕਪੂਰਥਲਾ ਹਾਊਸ ਵਿਖੇ ਪੰਜਾਬ ਦੇ ਸਾਰੇ ਵਿਧਾਇਕਾਂ ਨਾਲ ਮੀਟਿੰਗ ਕੀਤੀ। ਸਿਰਫ਼ 10 ਮਿੰਟ ਚੱਲੀ ਇਸ ਮੀਟਿੰਗ ਵਿੱਚ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ। ਮੀਟਿੰਗ ਬਾਰੇ ਜਾਣਕਾਰੀ ਥੋੜ੍ਹੀ ਦੇਰ ਵਿੱਚ ਇੱਕ ਪ੍ਰੈਸ ਕਾਨਫਰੰਸ ਰਾਹੀਂ ਦਿੱਤੀ ਜਾਵੇਗੀ।
ਇਸ ਤੋਂ ਪਹਿਲਾਂ, ਮੀਟਿੰਗ ਵਿੱਚ ਸਿਰਫ਼ ਉਨ੍ਹਾਂ ਲੋਕਾਂ ਨੂੰ ਹੀ ਐਂਟਰੀ ਦਿੱਤੀ ਜਾਂਦੀ ਸੀ ਜਿਨ੍ਹਾਂ ਦੇ ਨਾਮ ਗੇਟ 'ਤੇ ਉਪਲਬਧ ਸੂਚੀ ਵਿੱਚ ਸਨ। ਇੱਥੇ ਪਹੁੰਚੇ 'ਆਪ' ਵਿਧਾਇਕਾਂ ਨੇ ਕਿਹਾ ਕਿ ਉਨ੍ਹਾਂ ਨੂੰ ਮੀਟਿੰਗ ਦਾ ਏਜੰਡਾ ਨਹੀਂ ਪਤਾ। ਪਰ ਇਹ ਤੈਅ ਹੈ ਕਿ ਪੰਜਾਬ ਵਿੱਚ ਨਾ ਤਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਦਲਿਆ ਜਾਵੇਗਾ ਅਤੇ ਨਾ ਹੀ ਕੋਈ ਵਿਧਾਇਕ ਵੱਖ ਹੋਵੇਗਾ।
ਮਨਜਿੰਦਰ ਸਿਰਸਾ ਦਾ ਵੱਡਾ ਦਾਅਵਾ
ਰਾਜੌਰੀ ਗਾਰਡਨ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਜੇਤੂ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ, "ਅਰਵਿੰਦ ਕੇਜਰੀਵਾਲ ਹੁਣ ਪੰਜਾਬ ਦੇ ਮੁੱਖ ਮੰਤਰੀ ਬਣਨ ਦੇ ਤਰੀਕੇ ਲੱਭ ਰਹੇ ਹਨ। ਉਹ ਦਿੱਲੀ ਵਿੱਚ ਹਾਰ ਗਏ ਹਨ ਤੇ ਉਨ੍ਹਾਂ ਨੇ ਪੰਜਾਬ ਦੇ ਵਿਧਾਇਕਾਂ ਦੀ ਮੀਟਿੰਗ ਬੁਲਾਈ ਹੈ। ਉਹ ਇਹ ਦਿਖਾਉਣਾ ਚਾਹੁੰਦੇ ਹਨ ਕਿ ਭਗਵੰਤ ਮਾਨ ਅਸਫਲ ਹੋ ਗਏ ਹਨ। ਇਸ ਮੌਕੇ ਵਿਧਾਇਕਾਂ ਨੂੰ ਇਹ ਕਹਿਣ ਲਈ ਮਜਬੂਰ ਕੀਤਾ ਜਾਵੇਗਾ ਕਿ ਇੱਥੇ ਹਾਲਾਤ ਬਹੁਤ ਮਾੜੇ ਹਨ, ਤੁਸੀਂ ਪੰਜਾਬ ਨੂੰ ਬਚਾਓ। ਇਹ ਡਰਾਮਾ ਕਰਨ ਦੀ ਤਿਆਰੀ ਹੈ.