ਚੰਡੀਗੜ੍ਹ: ਪੰਜਾਬ ਵਿੱਚ ਕੱਲ੍ਹ ਨੂੰ ਯਾਨੀ 14 ਫਰਵਰੀ ਨੂੰ ਨਗਰ ਨਿਗਮ ਚੋਣਾਂ ਹੋਣਗੀਆਂ। ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਜ਼ੋਰਾਂ-ਸ਼ੋਰਾਂ ਨਾਲ ਆਪਣਾ ਚੋਣ ਪ੍ਰਚਾਰ ਮੁੱਕਾ ਲਿਆ ਹੈ।ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਇਨ੍ਹਾਂ ਚੋਣਾਂ ਨੂੰ ਸ਼ਾਂਤਮਈ ਢੰਗ ਨਾਲ ਕਰਵਾਉਣ ਅਤੇ ਪੋਲਿੰਗ ਬੂਥਾਂ ਦੇ ਬਾਹਰ ਸਖ਼ਤ ਸੁਰੱਖਿਆ ਨਿਗਰਾਨੀ ਕਰਨ ਦੇ ਮਾਮਲੇ 'ਤੇ ਇੱਕ ਮਹੱਤਵਪੂਰਨ ਫੈਸਲਾ ਦਿੱਤਾ ਹੈ।


ਅਦਾਲਤ ਨੇ ਉਮੀਦਵਾਰਾਂ ਨੂੰ ਆਪਣੇ ਖਰਚੇ ਤੇ ਪੋਲਿੰਗ ਬੂਥਾਂ ਦੇ ਬਾਹਰ ਵੀਡੀਓਗ੍ਰਾਫੀ ਕਰਨ ਦੀ ਆਗਿਆ ਦਿੱਤੀ ਹੈ।ਇਸਦੇ ਨਾਲ ਹੀ ਮੁਹਾਲੀ ਪੁਲਿਸ ਵੱਲੋਂ ਅਦਾਲਤ ਨੂੰ ਦਿੱਤੇ ਹਲਫਨਾਮੇ ਵਿੱਚ, ਇਹ ਕਿਹਾ ਗਿਆ ਹੈ ਕਿ ਚੋਣਾਂ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਸਾਰੇ ਪ੍ਰਬੰਧ ਕੀਤੇ ਜਾ ਚੁੱਕੇ ਹਨ।ਇਸ ਮਾਮਲੇ ਦੀ ਸੁਣਵਾਈ ਹੁਣ 18 ਫਰਵਰੀ ਨੂੰ ਹੋਵੇਗੀ, ਜਿਸ ਵਿੱਚ ਮੁਹਾਲੀ ਪ੍ਰਸ਼ਾਸਨ ਨੂੰ ਸ਼ਾਂਤਮਈ ਚੋਣਾਂ ਕਰਵਾਉਣ ਲਈ ਆਪਣੀ ਸਟੇਟਸ ਰਿਪੋਰਟ ਪੇਸ਼ ਕਰਨੀ ਪਏਗੀ।


ਚੋਣਾਂ ਨੂੰ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸ ਵਿੱਚ ਮੰਗ ਕੀਤੀ ਗਈ ਸੀ ਕਿ ਪੋਲਿੰਗ ਬੂਥਾਂ ਦੇ ਬਾਹਰ ਢੁਕਵੇਂ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣੇ ਚਾਹੀਦੇ ਹਨ ਅਤੇ ਵੀਡੀਓਗ੍ਰਾਫੀ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਕੋਈ ਸ਼ਰਾਰਤੀ ਅਨਸਰ ਪੋਲਿੰਗ ਬੂਥਾਂ ਵਿੱਚ ਦਾਖਲ ਨਾ ਹੋ ਸਕਣ।