Punjab New CM : ਪੰਜਾਬ ਵਿੱਚ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ ਹੋਈ ਹੈ। ਜਿਸ ਤੋਂ ਬਾਅਦ ਅੱਜ ਭਗਵੰਤ ਮਾਨ ਨੇ ਰਾਜਭਵਨ 'ਚ ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ । ਦਸ ਦਈਏ ਕਿ ਭਗਵੰਤ ਮਾਨ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜਕਲਾਂ 'ਚ 16 ਮਾਰਟ ਨੂੰ ਸਹੁੰ ਚੁੱਕਣਗੇ।
ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਨੂੰ ਮੌਕਾ ਦਿੱਤਾ ਹੈ। ਸੂਬੇ ਵਿੱਚ ਆਮ ਆਦਮੀ ਪਾਰਟੀ ਦਾ ਅਜਿਹੀ ਹਨ੍ਹੇਰੀ ਚੱਲੀ ਕਿ ਵੱਡੇ-ਵੱਡੇ ਸਿਆਸੀ ਆਗੂ ਢਹਿ-ਢੇਰੀ ਹੋ ਗਏ। ਹੁਣ ਪਾਰਟੀ ਨੇ ਸਰਕਾਰ ਬਣਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਭਗਵੰਤ ਮਾਨ ਸੂਬੇ ਦੇ ਮੁੱਖ ਮੰਤਰੀ ਬਣਨ ਜਾ ਰਹੇ ਹਨ। 16 ਮਾਰਚ ਯਾਨੀ ਬੁੱਧਵਾਰ ਨੂੰ ਭਗਵੰਤ ਮਾਨ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਸਬੰਧੀ ਸਾਰੀਆਂ ਤਿਆਰੀਆਂ ਲਗਭਗ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਤੋਂ ਪਹਿਲਾਂ ਬੀਤੀ ਸ਼ਾਮ ਮੋਹਾਲੀ ਵਿੱਚ ਹੋਈ ਵਿਧਾਇਕ ਦਲ ਦੀ ਮੀਟਿੰਗ ਵਿੱਚ ਭਗਵੰਤ ਮਾਨ ਨੂੰ ਆਗੂ ਚੁਣਿਆ ਗਿਆ ਹੈ।
ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਭਗਵੰਤ ਮਾਨ 13 ਮਾਰਚ ਦਿਨ ਐਤਵਾਰ ਨੂੰ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਜਾਣਗੇ ਅਤੇ ਫਿਰ ਅਰਵਿੰਦ ਕੇਜਰੀਵਾਲ ਨਾਲ ਸ਼ਾਨਦਾਰ ਰੋਡ ਸ਼ੋਅ ਕਰਨਗੇ। ਭਗਵੰਤ ਮਾਨ ਨੇ ਵੀਰਵਾਰ ਨੂੰ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਦਿੱਲੀ ਜਾ ਕੇ ਸਹੁੰ ਚੁੱਕਣ ਦਾ ਸੱਦਾ ਵੀ ਦਿੱਤਾ ਸੀ। ਇਸ ਮੁਲਾਕਾਤ ਤੋਂ ਬਾਅਦ ਜਦੋਂ ਭਗਵੰਤ ਮਾਨ ਮੋਹਾਲੀ ਪਰਤੇ ਤਾਂ ਉਨ੍ਹਾਂ ਨੇ ਆਪਣੇ ਵਿਧਾਇਕਾਂ ਨੂੰ ਕੇਜਰੀਵਾਲ ਦਾ ਸੁਨੇਹਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਦਿੱਲੀ ਦੇ ਗਵਰਨੈਂਸ ਮਾਡਲ ਨੂੰ ਪੰਜਾਬ ਵਿੱਚ ਲਾਗੂ ਕੀਤਾ ਜਾਣਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਵਿੱਚੋਂ ਹੀ ਚੱਲੇਗੀ।
ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜਕਲਾਂ ਵਿੱਚ ਸਹੁੰ ਚੁੱਕ ਸਮਾਗਮ
ਦੂਜੇ ਪਾਸੇ ਪੰਜਾਬ ਦੇ ਅਗਲੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਲਈ ਨਵਾਂਸ਼ਹਿਰ ਦੇ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜਕਲਾਂ ਵਿੱਚ ਵੀ ਤਿਆਰੀਆਂ ਜ਼ੋਰਾਂ 'ਤੇ ਹਨ। ਸ਼ਹੀਦ ਭਗਤ ਸਿੰਘ ਦੇ ਪਿੰਡ 'ਚ ਭਗਵੰਤ ਦੇ ਸਹੁੰ ਚੁੱਕ ਸਮਾਗਮ ਨੂੰ ਲੈ ਕੇ ਆਮ ਆਦਮੀ ਪਾਰਟੀ ਇੱਕ ਤੀਰ ਨਾਲ ਦੋ ਨਿਸ਼ਾਨੇ ਲਗਾਉਣ ਦੀ ਕੋਸ਼ਿਸ਼ ਕਰੇਗੀ। ਪਹਿਲਾ ਭਾਜਪਾ ਦੇ ਰਾਸ਼ਟਰਵਾਦ ਦਾ ਜਵਾਬ ਦੇਣਾ ਅਤੇ ਦੂਸਰਾ ਦੇਸ਼ ਭਰ ਵਿੱਚ ਆਮ ਲੋਕਾਂ ਨਾਲ ਜੁੜੇ ਹੋਣ ਦਾ ਅਕਸ ਪੇਸ਼ ਕਰਨਾ। ਦੱਸ ਦੇਈਏ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ 117 ਵਿੱਚੋਂ 92 ਸੀਟਾਂ ਜਿੱਤੀਆਂ ਹਨ। ਇਸ ਚੋਣ ਦੌਰਾਨ ਚਰਨਜੀਤ ਸਿੰਘ ਚੰਨੀ ਤੋਂ ਲੈ ਕੇ ਕਾਂਗਰਸ ਦੇ ਕਈ ਵੱਡੇ ਦਿੱਗਜਾਂ ਨੂੰ ਚੋਣਾਂ ਵਿੱਚ ਹਾਰ ਦਾ ਮੂੰਹ ਦੇਖਣਾ ਪਿਆ। ਇੱਥੋਂ ਤੱਕ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਵੀ ਚੋਣ ਹਾਰ ਗਏ ਸਨ।