Punjab News: ਭਗਵੰਤ ਮਾਨ ਸਰਕਾਰ ਪੰਜਾਬ ਪੁਲਿਸ ਦੀ ਕਾਇਆ-ਕਲਪ ਕਰੇਗੀ। ਇਸ ਲਈ ਹਰ ਸਾਲ ਭਰਤੀ ਕੀਤੀ ਜਾਇਆ ਕਰੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਨੇ ਪੁਲਿਸ ਵਿਭਾਗ ਵਿੱਚ ਹਰ ਸਾਲ 1800 ਕਾਂਸਟੇਬਲ ਤੇ 300 ਸਬ-ਇੰਸਪੈਕਟਰ ਭਰਤੀ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਕਾਂਸਟੇਬਲਾਂ ਦੀਆਂ 1750 ਅਸਾਮੀਆਂ ਤੇ ਸਬ-ਇੰਸਪੈਕਟਰਾਂ ਦੀਆਂ 300 ਅਸਾਮੀਆਂ ਲਈ 3 ਲੱਖ ਦੇ ਕਰੀਬ ਉਮੀਦਵਾਰਾਂ ਨੇ ਅਪਲਾਈ ਕੀਤਾ ਹੈ। ਇਨ੍ਹਾਂ ਪ੍ਰੀਖਿਆਵਾਂ ਲਈ ਸਾਰੇ ਚਾਹਵਾਨ ਪ੍ਰੀਖਿਆਰਥੀ ਪ੍ਰੀਖਿਆਵਾਂ ਪਾਸ ਕਰਨ ਲਈ ਅਕਾਦਮਿਕ ਦੇ ਨਾਲ-ਨਾਲ ਆਪਣੇ ਸਰੀਰ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣਗੇ।
ਸੀਐਮ ਮਾਨ ਨੇ ਵੀਰਵਾਰ ਨੂੰ ਪੰਜਾਬ ਪੁਲਿਸ ’ਚ ਬਿਊਰੋ ਆਫ ਇਨਵੈਸਟੀਗੇਸ਼ਨ ਦੇ ਵੱਖ-ਵੱਖ ਕਾਡਰਾਂ ’ਚ ਭਰਤੀ ਹੋਏ 144 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇੱਕ ਸਾਲ ਵਿੱਚ 29,237 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਮਾਜ ਨੂੰ ਦਰਪੇਸ਼ ਵੱਡੀਆਂ ਚੁਣੌਤੀਆਂ ’ਤੇ ਕਾਬੂ ਪਾਉਣ ਲਈ ਪੁਲਿਸ ਫੋਰਸ ਨੂੰ ਜਾਂਚ, ਵਿਗਿਆਨ ਤੇ ਤਕਨਾਲੋਜੀ ਦੇ ਖੇਤਰ ’ਚ ਲੋੜ ਮੁਤਾਬਕ ਅਪਡੇਟ ਕਰਨਾ ਬਹੁਤ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ 144 ਨੌਜਵਾਨ ਆਧੁਨਿਕ ਤਕਨਾਲੋਜੀ ਦੀ ਡੂੰਘੀ ਸਮਝ ਰੱਖਦੇ ਹਨ। ਇਸ ਕਾਬਲੀਅਤ ਸਦਕਾ ਉਹ ਪਰਦੇ ਪਿੱਛੇ ਰਹਿ ਕੇ ਅਪਰਾਧੀਆਂ ਨੂੰ ਕਾਬੂ ਕਰਨ ’ਚ ਸਹਾਈ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਛੇਤੀ ਹੀ ਸੂਬਾ ਪੁਲਿਸ ਨੂੰ ਵਿਗਿਆਨਕ ਲੀਹਾਂ ’ਤੇ ਆਧੁਨਿਕ ਬਣਾਉਣ ਲਈ ਬਹੁ-ਕੌਮੀ ਕੰਪਨੀ ਗੂਗਲ ਨਾਲ ਮਿਲ ਕੇ ਕੰਮ ਕਰੇਗੀ। ਇਸ ਸਬੰਧੀ ਇਕ ਵਿਆਪਕ ਖਾਕਾ ਤਿਆਰ ਕਰ ਲਿਆ ਗਿਆ ਹੈ ਤੇ ਰਸਮੀ ਸਮਝੌਤੇ ’ਤੇ ਜਲਦੀ ਹੀ ਦਸਤਖ਼ਤ ਵੀ ਕੀਤੇ ਜਾਣਗੇ।
ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਪੁਲਿਸ ਥਾਣਿਆਂ ਦੀ ਕਾਇਆ ਕਲਪ ਕਰਨ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਵਿਭਾਗ ’ਚ ਵਾਹਨਾਂ, ਹਥਿਆਰਾਂ ਤੇ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਵੀ ਕੰਮ ਕੀਤਾ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਨਵ-ਨਿਯੁਕਤ ਨੌਜਵਾਨਾਂ ਨੂੰ ਪੁਲਿਸ ਫੋਰਸ ’ਚ ਸ਼ਾਮਲ ਕਰਨਾ ਸ਼ਲਾਘਾਯੋਗ ਕਦਮ ਹੈ।
ਉਨ੍ਹਾਂ ਨੇ ਸੂਬੇ ’ਚ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ ਟੀਮ ਵਜੋਂ ਕੰਮ ਕਰਨ ਲਈ ਪੰਜਾਬ ਪੁਲਿਸ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸੇ ਨੂੰ ਵੀ ਸੂਬੇ ਦੀ ਪੁਲਿਸ ਦਾ ਮਨੋਬਲ ਡੇਗਣ ਦੀ ਇਜਾਜ਼ਤ ਨਹੀਂ ਦੇਵੇਗੀ। ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਨ੍ਹਾਂ ਨਾਲ ਪੰਜਾਬ ਪੁਲਿਸ ਪੂਰੀ ਸਮਰੱਥਾ ਨਾਲ ਨਜਿੱਠਦੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੁਲਿਸ ਮੁਲਾਜ਼ਮਾਂ ਨੂੰ ਬੋਝ ਮੁਕਤ ਕਰਨ ਲਈ ਛੁੱਟੀਆਂ ਦੀ ਵਿਵਸਥਾ ਸਮੇਤ ਹੋਰ ਢੰਗ-ਤਰੀਕੇ ਤਲਾਸ਼ ਰਹੀ ਹੈ।