Punjab News: ਪੰਜਾਬ ਵਿੱਚ ਹੜ੍ਹਾਂ ਨਾਲ ਹੋਈ ਤਬਾਹੀ ਮਗਰੋਂ ਕਿਸਾਨਾਂ ਨੂੰ ਦਿੱਤੇ ਜਾ ਰਹੇ ਮੁਆਵਜ਼ੇ ਨੂੰ ਲੈ ਕੇ ਸਿਆਸੀ ਘਮਾਸਾਣ ਮੱਚਿਆ ਹੋਇਆ ਹੈ। ਵਿਰੋਧੀ ਪਾਰਟੀਆਂ ਭਗਵੰਤ ਮਾਨ ਸਰਕਾਰ ਉੱਪਰ ਸਵਾਲ ਉਠਾ ਰਹੀਆਂ ਹਨ ਕਿ ਕਿਸਾਨਾਂ ਨੂੰ ਬਹੁਤ ਘੱਟ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਸਾਬਕਾ ਮੁੱਖ ਮੰਤਰੀ ਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਨਵ ਨਿਯੁਕਤ ਮੈਂਬਰ ਚਰਨਜੀਤ ਸਿੰਘ ਨੇ ਸੀਐਮ ਭਗਵੰਤ ਮਾਨ ਨੂੰ ਪੁਰਾਣਾ ਵਾਅਦਾ ਯਾਦ ਕਰਵਾਇਆ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੱਤਾ ਵਿੱਚ ਆਉਣ ਤੋਂ ਪਹਿਲਾਂ ਦਾਅਵਾ ਕਰਦੇ ਸਨ ਕਿ ਉਨ੍ਹਾਂ ਦੀ ਸਰਕਾਰ ਬਣਨ ’ਤੇ ਜੇਕਰ ਕੁਦਰਤੀ ਕਰੋਪੀ ਕਾਰਨ ਕਿਸਾਨਾਂ ਦੀਆਂ ਫਸਲਾਂ ਖ਼ਰਾਬ ਹੁੰਦੀਆਂ ਹਨ ਤਾਂ ਉਹ ਬਿਨਾਂ ਗਿਰਦਾਵਰੀ ਕਰਵਾਏ ਪ੍ਰਤੀ ਏਕੜ 20 ਹਜ਼ਾਰ ਰੁਪਏ ਮੁਆਵਜ਼ਾ ਸਬੰਧਤ ਕਿਸਾਨ ਦੇ ਖਾਤੇ ਵਿੱਚ ਪਾ ਦੇਣਗੇ, ਪਰ ਹੁਣ ਉਨ੍ਹਾਂ ਦਾ ਵਾਅਦਾ ਕਿੱਥੇ ਗਿਆ?
ਰੂਪਨਗਰ ਵਿੱਚ ਸ਼ਨੀਵਾਰ ਨੂੰ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੰਵਰਪਾਲ ਸਿੰਘ ਦੀ ਰਿਹਾਇਸ਼ ਵਿਖੇ ਪ੍ਰੈੱਸ ਕਾਨਫਰੰਸ ਵਿੱਚ ਉਨ੍ਹਾਂ ਨਾਲ ਆਏ ਰੂਪਨਗਰ ਜ਼ਿਲ੍ਹੇ ਦੇ ਪਿੰਡ ਡੂੰਮਛੇੜੀ ਦੇ ਕਿਸਾਨ ਬਲਦੇਵ ਸਿੰਘ ਦੀ ਮਿਸਾਲ ਦਿੰਦਿਆਂ ਕਿਹਾ ਕਿ ਇਸ ਕਿਸਾਨ ਦੀ 12 ਏਕੜ ਫਸਲ ਹੜ੍ਹ ਦੇ ਪਾਣੀ ਵਿੱਚ ਖ਼ਰਾਬ ਹੋ ਚੁੱਕੀ ਹੈ ਤੇ ਇਸ ਕਿਸਾਨ ਨੂੰ ਸਿਰਫ 12600 ਰੁਪਏ ਮੁਆਵਜ਼ਾ ਦਿੱਤਾ ਗਿਆ ਹੈ, ਜਦੋਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਾਅਵੇ ਮੁਤਾਬਕ ਮੁਆਵਜ਼ੇ ਦੀ ਰਕਮ 2.40 ਲੱਖ ਰੁਪਏ ਬਣਦੀ ਸੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇੰਨਾ ਘੱਟ ਮੁਆਵਜ਼ਾ ਦੇ ਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਢੁੱਕਵਾਂ ਮੁਆਵਜ਼ਾ ਨਾ ਦਿੱਤਾ ਤਾਂ ਕਾਂਗਰਸ ਪਾਰਟੀ ਸਰਕਾਰ ਖ਼ਿਲਾਫ਼ ਧਰਨੇ ਲਗਾਉਣ ਤੋਂ ਵੀ ਗੁਰੇਜ਼ ਨਹੀਂ ਕਰੇਗੀ। ਚਰਨਜੀਤ ਚੰਨੀ ਨੇ ਮੌਜੂਦਾ ਸਰਕਾਰ ’ਤੇ ਸੂਬੇ ਅੰਦਰ ਅਰਾਜਕਤਾ ਫੈਲਾ ਕੇ ਸੂਬੇ ਦਾ ਮਾਹੌਲ ਖਰਾਬ ਕਰਨ ਦਾ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਇੱਕ ਪਾਸੇ ਕਿਸਾਨਾਂ ਤੇ ਅਧਿਆਪਕਾਂ ’ਤੇ ਡਾਂਗਾਂ ਵਰ੍ਹਾਈਆਂ ਜਾ ਰਹੀਆਂ ਹਨ, ਉੱਥੇ ਦੂਜੇ ਪਾਸੇ ਸੂਬੇ ਵਿੱਚ ਅੰਗਰੇਜ਼ਾਂ ਵੇਲੇ ਬਣਾਏ ਗਏ ਕਾਲੇ ਕਾਨੂੰਨ ਲਾਗੂ ਕੀਤੇ ਜਾ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।