25 ਅਗਸਤ ਨੂੰ ਫਗਵਾੜਾ 'ਚ ਹੋਵੇਗਾ ਵੱਡਾ ਇਕੱਠ , ਕਿਸਾਨਾਂ ਦੀਆਂ 31 ਜੱਥੇਬੰਦੀਆਂ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ
Punjab News: ਫਗਵਾੜਾ ਮਿੱਲ ਵੱਲੋਂ 72 ਕਰੋੜ ਰੁਪਏ ਗੰਨੇ ਦਾ ਬਕਾਇਆ ਨਾ ਦਿੱਤੇ ਜਾਣ ਦੇ ਵਿਰੋਧ 'ਚ ਕਿਸਾਨਾਂ ਵੱਲੋਂ ਕਾਫੀ ਰੋਸ ਜਤਾਇਆ ਜਾ ਰਿਹਾ ਹੈ।
Punjab News: ਫਗਵਾੜਾ ਮਿੱਲ ਵੱਲੋਂ 72 ਕਰੋੜ ਰੁਪਏ ਗੰਨੇ ਦਾ ਬਕਾਇਆ ਨਾ ਦਿੱਤੇ ਜਾਣ ਦੇ ਵਿਰੋਧ 'ਚ ਕਿਸਾਨਾਂ ਵੱਲੋਂ ਕਾਫੀ ਰੋਸ ਜਤਾਇਆ ਜਾ ਰਿਹਾ ਹੈ। ਸੰਯੁਕਤ ਕਿਸਾਨ ਮੋਰਚਾ ਦੀਆਂ 31 ਜੱਥੇਬੰਦੀਆਂ ਵੱਲੋਂ ਸਰਕਾਰ ਨੂੰ 25 ਅਗਸਤ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ 25 ਅਗਸਤ ਤੱਕ ਉਹਨਾਂ ਨੂੰ ਗੰਨੇ ਦੀ ਬਕਾਇਆ ਰਾਸ਼ੀ ਨਾ ਮਿਲਣ ਤੱਕ ਉਹਨਾਂ ਵੱਲੋਂ ਵੱਡਾ ਇਕੱਠ ਕੀਤਾ ਜਾਵੇਗਾ ਅਤੇ ਤਦ ਤੱਕ ਫਗਵਾੜਾ ਮੋਰਚਾ ਵੀ ਜਾਰੀ ਰਹੇਗਾ ਅਤੇ ਹਾਈਵੇਅ ਜਾਮ ਹੀ ਰਹੇਗਾ ।
ਇਸ ਦੇ ਨਾਲ ਹੀ ਲਖੀਮਪੁਰ ਖੀਰੀ 'ਚ ਵੀ ਮੋਰਚਾ ਲਾਇਆ ਜਾਵੇਗਾ । ਅਜੇ ਮਿਸ਼ਰਾ ਨੂੰ ਅਹੁਦੇ ਤੋਂ ਬਰਖਾਸਤ ਕਰਨ ਲਈ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਵੱਲੋਂ ਮੋਰਚਾ ਲਾਇਆ ਜਾਵੇਗਾ।
ਲੰਪੀ ਨਾਲ ਮਰਨ ਵਾਲੇ ਪਸ਼ੂਆਂ ਦੇ ਮਾਲਕਾਂ ਨੂੰ ਮੁਆਵਜ਼ੇ ਦੀ ਮੰਗ
ਕਿਸਾਨਾਂ ਨੇ ਮੰਗ ਕੀਤੀ ਕਿ ਲੰਪੀ ਚਮੜੀ ਵਾਲੀ ਬਿਮਾਰੀ ਨਾਲ ਮਰਨ ਵਾਲੇ ਪਸ਼ੂਆਂ ਦੇ ਮਾਲਕਾਂ ਨੂੰ 1 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ ਤੇ ਨਾਲ ਹੀ ਇਹਨਾਂ ਪਸ਼ੂਆਂ ਨੂੰ ਦਬਾਉਣ ਲਈ ਜਗ੍ਹਾ ਦਾ ਠੋਸ ਪ੍ਰਬੰਧ ਕੀਤਾ ਜਾਵੇ।
ਖੇਤੀਬਾੜੀ ਮੰਤਰੀ ਨੇ ਕੀਤੀ ਕਿਸਾਨਾਂ ਨਾਲ ਮੁਲਾਕਾਤ
ਇਸ ਦੌਰਾਨ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਵੀ ਫਗਵਾੜਾ ਪਹੁੰਚ ਕੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ। ਜਿੱਥੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਮਿੱਲਾਂ ਦਾ 200 ਕਰੋੜ ਰੁਪਏ ਜਾਰੀ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਉਹਨਾਂ ਵੱਲੋਂ ਚਿੱਠੀ ਵੀ ਵਾਪਸ ਲੈ ਲਈ ਗਈ ਹੈ ਅਤੇ ਫਤਿਹਾਬਾਦ ਵਾਲੀ ਜ਼ਮੀਨ ਦੀ ਰਜਿਸਟਰੀ ਕਰਵਾ ਕੇ ਜ਼ਮੀਨ ਵੇਚ ਕੇ ਪੈਸਾ ਕਿਸਾਨਾਂ ਨੂੰ ਦਿੱਤਾ ਜਾਵੇਗਾ ਉਹਨਾਂ ਕਿਸਾਨਾਂ ਨੂੰ ਧਰਨਾ ਚੁੱਕਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਮਿੱਲ ਮਾਲਕ ਖਿਲਾਫ ਰੈੱਡ corner notice ਜਾਰੀ ਕੀਤਾ ਜਾਵੇਗਾ। ਰਹਿੰਦਾ ਬਕਾਇਆ ਜੇਕਰ ਮਿਲ ਨੇ ਨਾ ਦਿੱਤਾ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਜਿਸ ਤੋਂ ਬਾਅਦ ਕਿਸਾਨਾਂ ਨੇ ਕਿਹਾ ਕਿ ਉਹਨਾਂ ਵੱਲੋਂ ਭਲਕੇ ਮੀਟਿੰਗ ਕਰਕੇ ਫੈਸਲਾ ਲਿਆ ਜਾਵੇਗਾ।