Punjab News: ਕੈਬਨਿਟ ਮੀਟਿੰਗ ਤੋਂ ਬਾਅਦ ਸੀਐੱਮ ਭਗਵੰਤ ਮਾਨ ਨੇ ਮੀਡੀਆ ਨੂੰ ਜਾਣਕਾਰੀ ਦਿੱਤੀ ਕਿ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਸਜ਼ਾਵਾਂ ਪੂਰੀਆਂ ਕਰਨ ਵਾਲੇ 100 ਦੇ ਕਰੀਬ ਕੈਦੀ ਰਿਹਾਅ ਕੀਤੇ ਜਾਣਗੇ। ਇਸ ਤੋਂ ਇਲਾਵਾ 15 ਅਗਸਤ 75ਵੇਂ ਆਜ਼ਾਦੀ ਦਿਵਸ ਮੌਕੇ ਵੀ 50 ਸਾਲ ਤੋਂ ਉੱਪਰ ਦੀ ਉਮਰ ਦੀਆਂ ਮਹਿਲਾਵਾਂ ਜਾਂ ਹੈਂਡੀਕੈਪਡ ਮਹਿਲਾਵਾਂ ਜੋ ਆਪਣੀ 50 ਫੀਸਦੀ ਸਜ਼ਾ ਪੂਰੀ ਕਰ ਚੁੱਕੀਆਂ ਹਨ, ਨੂੰ ਰਿਹਾਅ ਕੀਤਾ ਜਾਵੇਗਾ। ਇਸ ਬਾਬਤ ਕੈਬਨਿਟ ਮੀਟਿੰਗ 'ਚ ਫੈਸਲਾ ਲਿਆ ਗਿਆ। 


ਪਰਾਲੀ ਦੇ ਮੁੱਦੇ  'ਤੇ ਅਹਿਮ ਫੈਸਲਾ 


ਪੰਜਾਬ ਸਰਕਾਰ ਆਰਥਿਕ ਮੁਆਵਜ਼ੇ ਨੂੰ ਪਰਾਲੀ ਨਾਲ ਫੈਲਦੇ ਪ੍ਰਦੂਸ਼ਣ ਨੂੰ ਰੋਕਣ ਲਈ ਕਾਰਗਲ ਫਾਰਮੂਲਾ ਮੰਨ ਰਹੀ ਹੈ। ਪੰਜਾਬ ਸਰਕਾਰ ਨੇ ਪਰਾਲੀ ਦੇ ਹੱਲ ਲਈ ਕੇਂਦਰ ਸਰਕਾਰ ਨੂੰ ਇੱਕ ਪ੍ਰਸਤਾਵ ਭੇਜਿਆ ਹੈ। ਜਿਸ ਵਿੱਚ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਨਕਦ ਮੁਆਵਜ਼ਾ ਦੇਣ ਦੀ ਤਜਵੀਜ਼ ਰੱਖੀ ਗਈ ਹੈ।

 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਦੱਸਿਆ ਕਿ ਪੰਜਾਬ ਅਤੇ ਦਿੱਲੀ ਸਰਕਾਰ 500-500 ਰੁਪਏ ਅਦਾ ਕਰੇਗੀ , ਜਦਕਿ ਕੇਂਦਰ 1500 ਰੁਪਏ ਅਦਾ ਕਰੇ। ਇਸ ਪ੍ਰਸਤਾਵ ਰਾਹੀਂ ਕੇਂਦਰ ਸਰਕਾਰ ਤੋਂ 1500 ਰੁਪਏ ਦੀ ਹਿੱਸੇਦਾਰੀ ਦੀ ਮੰਗ ਕੀਤੀ ਗਈ ਹੈ। ਹਾਲਾਂਕਿ ਦਿੱਲੀ ਸਰਕਾਰ ਪੰਜਾਬ ਦੇ ਪ੍ਰਸਤਾਵ ਨਾਲ ਸਹਿਮਤ ਹੈ ,ਪਰ ਕੇਂਦਰ ਵੱਲੋਂ ਇਸ 'ਤੇ ਜੋ ਵੀ ਫੈਸਲਾ ਆਵੇਗਾ, ਦਿੱਲੀ ਸਰਕਾਰ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਹਰ ਸੰਭਵ ਯਤਨ ਕਰੇਗੀ।

 

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਦਿੱਲੀ ਦੇ ਸੱਤ ਬੱਸ ਡਿਪੂਆਂ 'ਤੇ ਈ-ਚਾਰਜਿੰਗ ਸਟੇਸ਼ਨਾਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਪ੍ਰਦੂਸ਼ਣ ਨੂੰ ਘਟਾਉਣਾ ਉਨ੍ਹਾਂ ਦੀ ਤਰਜੀਹ ਹੈ। ਪੰਜਾਬ ਸਰਕਾਰ ਦੀ ਇਸ ਤਜਵੀਜ਼ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਮੇਰੀ ਜਾਣਕਾਰੀ ਅਨੁਸਾਰ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਦੂਰ ਰੱਖਣ ਲਈ ਵਿੱਤੀ ਰਿਆਇਤਾਂ ਦੇਣ ਦੀ ਯੋਜਨਾ ਹੈ।