Punjab News: ਬੀਜੇਪੀ ਦੇ ਵਾਰ-ਵਾਰ ਇਨਕਾਰ ਕਰਨ ਮਗਰੋਂ ਆਖਰ ਸ਼੍ਰੋਮਣੀ ਅਕਾਲੀ ਦਲ ਨੇ ਵੀ ਸਪਸ਼ਟ ਕਰ ਦਿੱਤਾ ਹੈ ਕਿ ਕੋਈ ਗੱਠਜੋੜ ਨਹੀਂ ਹੋਏਗਾ। ਜਲੰਧਰ ਜ਼ਿਮਨੀ ਚੋਣ ਮਗਰੋਂ ਗੱਠਜੋੜ ਦੀ ਚਰਚਾ ਛਿੜੀ ਸੀ ਪਰ ਬੀਜੇਪੀ ਨੇ ਇਨਕਾਰ ਕਰ ਦਿੱਤਾ। ਇਸ ਮਗਰੋਂ ਅਕਾਲੀ ਦਲ ਨੇ ਵੀ ਕਿਹਾ ਹੈ ਕਿ ਗੱਠਜੋੜ ਦੀ ਕੋਈ ਇੱਛਾ ਨਹੀਂ।
ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਬੀਜੇਪੀ ਵਾਰ ਵਾਰ ਇਹ ਗੱਲ ਕਿਉਂ ਆਖ ਰਹੀ ਹੈ ਕਿ ਉਹ ਆਪਣੇ ਪੁਰਾਣੇ ਭਾਈਵਾਲ ਨਾਲ ਗੱਠਜੋੜ ਨਹੀਂ ਕਰੇਗੀ ਜਦੋਂਕਿ ਅਕਾਲੀ ਦਲ ਨੇ ਗੱਠਜੋੜ ਲਈ ਅਜਿਹੀ ਕੋਈ ਇੱਛਾ ਪ੍ਰਗਟ ਹੀ ਨਹੀਂ ਕੀਤੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਅਕਾਲੀ ਦਲ ਦਾ ਪੰਜਾਬ ਵਿੱਚ ਬਸਪਾ ਨਾਲ ਗੱਠਜੋੜ ਹੈ ਤੇ ਇਹ ਗੱਠਜੋੜ ਚੰਗਾ ਚੱਲ ਰਿਹਾ ਹੈ ਤੇ ਭਾਜਪਾ ਸਮੇਤ ਕਿਸੇ ਹੋਰ ਪਾਰਟੀ ਨਾਲ ਗੱਠਜੋੜ ਕਰਨ ਦੀ ਕੋਈ ਤਜਵੀਜ਼ ਵਿਚਾਰ ਅਧੀਨ ਨਹੀਂ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਕਦੇ ਵੀ ਭਾਜਪਾ ਨਾਲ ਭਵਿੱਖ ਵਿੱਚ ਗੱਠਜੋੜ ਕਰਨ ਦੀ ਗੱਲ ਨਹੀਂ ਕੀਤੀ ਤੇ ਭਾਜਪਾ ਨੂੰ ਇਸ ਬਾਰੇ ਕਿਆਸਅਰਾਈਆਂ ਲਾਉਣੀਆਂ ਬੰਦ ਕਰ ਦੇਣੀਆਂ ਚਾਹੀਦੀਆਂ ਹਨ।
ਗਰੇਵਾਲ ਨੇ ਭਾਜਪਾ ਨੂੰ ਇਹ ਵੀ ਚੇਤੇ ਕਰਵਾਇਆ ਕਿ ਅਕਾਲੀ ਦਲ ਨੇ ਉਸ ਨਾਲ ਗੱਠਜੋੜ ਸਿਧਾਤਾਂ ਦੇ ਆਧਾਰ ’ਤੇ ਤੋੜਿਆ ਸੀ ਕਿਉਂਕਿ ਉਸ ਨੇ ਕਿਸਾਨਾਂ ਨਾਲ ਕੋਈ ਵੀ ਗੱਲਬਾਤ ਕੀਤੇ ਬਗੈਰ ਸੰਸਦ ਵਿਚ ਖੇਤੀਬਾੜੀ ਬਾਰੇ ਤਿੰਨ ਕਾਲੇ ਕਾਨੂੰਨ ਲਿਆ ਕੇ ਧੋਖਾ ਕੀਤਾ ਸੀ। ਇਸ ਮਗਰੋਂ ਭਾਜਪਾ ਨੇ ਪੰਜਾਬ ਤੇ ਸਿੱਖਾਂ ਖ਼ਿਲਾਫ਼ ਕਈ ਫ਼ੈਸਲੇ ਕੀਤੇ।
ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 2019 ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੇ ਆਪਣੇ ਵਾਅਦੇ ਨੂੰ ਪੂਰਾ ਕਰਨ ਤੋਂ ਵੀ ਭੱਜ ਗਈ ਹੈ, ਇਸ ਕਾਰਨ ਸਿੱਖਾਂ ਵਿਚ ਰੋਸ ਦੀ ਲਹਿਰ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।