Punjab News: ਕਿਸਾਨ ਆਗੂਆਂ ਵੱਲੋਂ ਝੋਨੇ ਦੀ ਖਰੀਦ ਨੂੰ ਲੈ ਕੇ ਪੰਜਾਬ ਸਰਕਾਰ ਦੇ ਮੰਤਰੀਆਂ ਨਾਲ ਮੀਟਿੰਗ ਤੋਂ ਬਾਅਦ ਖੋਲ੍ਹੇ ਗਏ ਜਾਮ, ਪਰ ਅੰਦੋਲਨ ਰਹੇਗਾ ਜਾਰੀ
ਕਿਸਾਨ ਜੱਥੇਬੰਦੀਆਂ ਵੱਲੋਂ ਧਰਨੇ ਦੇ ਦੌਰਾਨ ਜਿਹੜੇ ਰੋਡ ਜਾਮ ਕੀਤੇ ਗਏ ਸੀ ਉਨ੍ਹਾਂ ਨੂੰ ਖੋਲਣ ਦਾ ਫੈਸਲਾ ਲਿਆ ਹੈ। ਜੀ ਹਾਂ ਕਿਸਾਨ ਆਗੂਆਂ ਦੀ ਪੰਜਾਬ ਸਰਕਾਰ ਦੇ ਮੰਤਰੀਆਂ ਨਾਲ ਅਹਿਮ ਮੀਟਿੰਗ ਹੋਈ, ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ...
Paddy Lifting In Punjab: ਕਿਸਾਨ ਮਜ਼ਦੂਰ ਮੋਰਚਾ (ਭਾਰਤ) ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੀ ਅਗਵਾਈ ਵਿੱਚ ਝੋਨੇ ਦੀ ਖਰੀਦ ਵਿੱਚ ਚੱਲ ਰਹੀ ਮੁਸ਼ਕਿਲ ਹੱਲ ਕਰਵਾਉਣ ਲਈ ਬੀਤੇ ਦਿਨ ਤੋਂ ਹੀ ਧਰਨੇ ਲਗਾਏ ਗਏ। ਪੰਜਾਬ ਅੰਦਰ ਸੰਗਰੂਰ ਵਿੱਚ ਬਡਰੁੱਖਾਂ, ਮੋਗਾ ਵਿੱਚ ਡਬਰੂ, ਕਪੂਰਥਲਾ ਵਿੱਚ ਫਗਵਾੜਾ, ਗੁਰਦਾਸਪੁਰ ਦੇ ਸਠਿਆਲੀ, ਬਠਿੰਡਾ ਵਿੱਚ ਜੱਸੀ ਚੌਕ ਵਿਖੇ ਮੁੱਖ ਸੜਕਾਂ ਜਾਮ ਕਰਕੇ ਅਣਮਿੱਥੇ ਸਮੇਂ ਲਈ ਧਰਨਾ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ ਸੀ। ਪਰ ਅੱਜ ਯਾਨੀਕਿ 27 ਅਕਤੂਬਰ ਨੂੰ ਪੰਜਾਬ ਸਰਕਾਰ ਵੱਲੋਂ ਫੂਡ ਸਪਲਾਈ ਮੰਤਰੀ ਕਟਾਰੂਚੱਕ ਅਤੇ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਜਥੇਬੰਦੀਆਂ ਦੇ ਆਗੂਆਂ ਨਾਲ ਫਗਵਾੜਾ ਵਿਖੇ ਮੀਟਿੰਗ ਕੀਤੀ ਗਈ । ਇਸ ਮੌਕੇ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ ਅਤੇ ਮਨਜੀਤ ਸਿੰਘ ਰਾਏ ਨੇ ਮੀਡੀਆ ਰਾਹੀਂ ਜਾਣਕਾਰੀ ਦਿੰਦੇ ਕਿਹਾ ਕਿ ਝੋਨੇ ਦੀ ਫ਼ਸਲ ਦੀ ਖਰੀਦ ਦਾ ਸੰਕਟ ਬਣਿਆ ਹੋਇਆ ਹੈ, ਜਿਸਦੇ ਚਲਦੇ ਦੋਨਾਂ ਜੱਥੇਬੰਦੀਆਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ।
ਕਿਸਾਨ ਆਗੂਆਂ ਨੇ ਪੁੱਛਿਆ ਕਿ ਝੋਨੇ ਦੇ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਨਾਲ ਮੁੱਖ ਮੰਤਰੀ ਦੀ ਹੋਈ ਮੁਲਾਕਾਤ ਵਿੱਚ ਹੋਈ ਗੱਲਬਾਤ ਨੂੰ ਜਨਤਕ ਕੀਤਾ ਜਾਵੇ। ਕਿਸਾਨ ਆਗੂਆਂ ਦੁਆਰਾ ਮੰਗ ਰੱਖੀ ਗਈ ਕਿ ਪੂਰੇ ਕਿਸਾਨਾਂ ਦੇ ਝੋਨੇ ਦੀ ਪ੍ਰੋਕਓਰਮਿੰਟ ਤੱਕ ਮੰਡੀ ਖੁੱਲ੍ਹੀ ਰੱਖੀ ਜਾਵੇ, ਇਸ ਮੰਗ ਤੇ ਸਰਕਾਰ ਵੱਲੋਂ ਸਹਿਮਤੀ ਪ੍ਰਗਟ ਕੀਤੀ ਗਈ ।
ਸਰਕਾਰ ਵੱਲੋਂ ਦਿੱਤੇ ਗਏ ਭਰੋਸੇ ਤੋਂ ਬਾਅਦ ਰੋਡ ਜਾਮ ਖੋਲਣ ਦਾ ਫੈਸਲਾ
ਆਗੂਆਂ ਵੱਲੋਂ ਕਣਕ ਦੀ ਬਿਜਾਈ ਲਈ ਡੀ ਏ ਪੀ ਦੀ ਕਮੀ ਨੂੰ ਪੂਰਾ ਕਰਨ ਲਈ ਤਿਆਰੀ ਕੀਤੀ ਜਾਵੇ, ਜਿਸ ਤੇ ਸਰਕਾਰ ਵੱਲੋਂ ਕਿਹਾ ਗਿਆ ਕਿ ਕੋਆਪਰੇਟਿਵ ਸੁਸਾਇਟੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਕਿ ਕੋਈ ਵੀ ਆਮ ਕਿਸਾਨ ਆਪਣਾ ਅਧਾਰ ਕਾਰਡ ਦਿਖਾ ਕੇ ਨਕਦ ਡੀ. ਏ. ਪੀ. ਲੈ ਸਕਦਾ ਹੈ। ਇਸ ਪਿੱਛੋਂ ਕਿਸਾਨ ਆਗੂਆਂ ਕਿਹਾ ਕਿ ਸਰਕਾਰ ਦੁਆਰਾ ਦਿੱਤੇ ਗਏ ਭਰੋਸੇ ਅਤੇ 1-2 ਦਿਨਾਂ ਵਿੱਚ ਹਾਲਾਤ ਸੁਧਾਰਨ ਦੇ ਭਰੋਸੇ ਦਿਵਾਉਣ ਤੋਂ ਬਾਅਦ ਜਥੇਬੰਦੀਆਂ ਵੱਲੋਂ ਰੋਡ ਜਾਮ ਖੋਲਣ ਦਾ ਫੈਸਲਾ ਕੀਤਾ ਗਿਆ ਹੈ । ਪਰ ਰੋਡ ਸਾਈਡ ਤੇ ਬੈਠ ਕੇ ਸੰਕੇਤਕ ਧਰਨਾ ਜਾਰੀ ਰਹੇਗਾ ਅਤੇ ਜੇਕਰ ਆਉਂਦੇ ਦਿਨਾਂ ਵਿੱਚ ਹਾਲਾਤਾਂ ਦੇ ਵਿੱਚ ਸੁਧਾਰ ਨਹੀਂ ਹੋਇਆ ਤਾਂ ਫਿਰ ਤੋਂ ਤਿੱਖੇ ਐਕਸ਼ਨ ਕੀਤੇ ਜਾਣਗੇ।
ਇਸ ਮੌਕੇ ਦਿਲਬਾਗ ਸਿੰਘ ਹਰੀਗੜ੍ਹ, ਗੁਰਿੰਦਰ ਸਿੰਘ ਭੰਗੂ, ਸਵਿੰਦਰ ਸਿੰਘ ਚੁਤਾਲਾ, ਜਸਬੀਰ ਸਿੰਘ ਸਿੱਧੂਪੁਰ,ਸਤਨਾਮ ਸਿੰਘ ਬਹਿਰੂ, ਸਤਨਾਮ ਸਿੰਘ ਸਾਹਨੀ, ਸੁਖਜਿੰਦਰ ਸਿੰਘ ਖੋਸਾ, ਹਰਪ੍ਰੀਤ ਸਿੰਘ ਸਿੱਧਵਾਂ, ਸੁਖਜੀਤ ਸਿੰਘ ਹਰਦੋਝੰਡੇ, ਜਰਮਨਜੀਤ ਸਿੰਘ ਬੰਡਾਲਾ, ਹਰਸੁਲਿੰਦਰ ਸਿੰਘ ਢਿੱਲੋਂ, ਸੁਰਜੀਤ ਸਿੰਘ ਫੂਲ, ਬਲਦੇਵ ਸਿੰਘ ਜੀਰਾ, ਬਲਵੰਤ ਸਿੰਘ ਬਹਿਰਾਮਕੇ, ਰਣਜੀਤ ਸਿੰਘ ਕਲੇਰ ਬਾਲਾ, ਸੁਖਪਾਲ ਸਿੰਘ ਡੱਫਰ, ਅਮਰਜੀਤ ਸਿੰਘ ਰੜਾ, ਕੰਵਰਦਲੀਪ ਸੈਦੋਲੇਹਲ ਸਮੇਤ ਹਜ਼ਾਰਾਂ ਕਿਸਾਨ ਮਜਦੂਰ ਅਤੇ ਔਰਤਾਂ ਹਾਜ਼ਿਰ ਰਹੇ।