Punjab News: ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਅਮਨ ਅਰੋੜਾ ਨੇ ਦੱਸਿਆ ਹੈ ਕਿ ਸੂਬੇ ਵਿਚ ਸ਼ਿਕਾਇਤਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਵਿਚ ਹੋਰ ਸੁਧਾਰ ਲਿਆਉਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਆਧਾਰਤ ਪ੍ਰਣਾਲੀ ਦਾ ਆਗਾਜ਼ ਕੀਤਾ ਜਾ ਰਿਹਾ ਹੈ। ਵਿਭਾਗ ਦੇ ਅਧਿਕਾਰੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਆਧਾਰਤ ਪ੍ਰਣਾਲੀ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਪੀ.ਜੀ.ਆਰ.ਐਸ. ਪੋਰਟਲ ਉਤੇ ਪ੍ਰਾਪਤ ਸ਼ਿਕਾਇਤਾਂ ਦੀ ਬਾਰੀਕੀ ਨਾਲ ਨਿਗਰਾਨੀ ਤੋਂ ਇਲਾਵਾ ਇਨ੍ਹਾਂ ਦਾ ਤੇਜ਼ੀ ਨਾਲ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਏ.ਆਈ. ਮਨੁੱਖੀ ਦਖ਼ਲਅੰਦਾਜ਼ੀ ਨੂੰ ਘਟਾ ਕੇ ਸਮੇਂ ਦੀ ਬਚਤ ਕਰੇਗਾ ਅਤੇ ਸ਼ਿਕਾਇਤਾਂ ਦੇ ਨਿਪਟਾਰੇ 'ਚ ਵਧੇਰੇ ਤੇਜ਼ੀ ਤੇ ਪਾਰਦਰਸ਼ਤਾ ਲਿਆਵੇਗਾ।


ਦੱਸ ਦਈਏ ਬੀਤੇ ਦਿਨੀਂ ਆਪਣੇ ਦਫ਼ਤਰ 'ਚ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਲਈ ਬੁਲਾਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਪ੍ਰਮੁੱਖ ਸਕੱਤਰ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਤੇਜਵੀਰ ਸਿੰਘ ਨੂੰ ਕਿਹਾ ਕਿ ਉਹ ਸੂਬਾ ਅਤੇ ਜ਼ਿਲ੍ਹਾ ਪੱਧਰ 'ਤੇ ਲੰਬਿਤ ਪਈਆਂ ਸ਼ਿਕਾਇਤਾਂ ਦੀ ਨਿਰੰਤਰ ਨਿਗਰਾਨੀ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਵੱਖ-ਵੱਖ ਅਧਿਕਾਰੀਆਂ ਤੇ ਮੁਲਾਜ਼ਮਾਂ ਕੋਲ ਲੰਬਿਤ ਪਈਆਂ ਸ਼ਿਕਾਇਤਾਂ ਦਾ ਵੀ ਜਾਇਜ਼ਾ ਲਿਆ ਅਤੇ ਸਭ ਤੋਂ ਵੱਧ ਬਕਾਇਆ ਸ਼ਿਕਾਇਤਾਂ ਵਾਲੇ ਵਿਭਾਗਾਂ ਦੀ ਮੀਟਿੰਗ ਬੁਲਾਉਣ ਦੇ ਨਿਰਦੇਸ਼ ਦਿੱਤੇ।


ਤੇਜਵੀਰ ਸਿੰਘ ਨੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਸ਼ਿਕਾਇਤਾਂ ਦੀ ਨਿਗਰਾਨੀ ਅਤੇ ਅਨੁਮਾਨ ਲਗਾਉਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਤ ਪ੍ਰਣਾਲੀ ਸ਼ੁਰੂ ਕਰਨ ਲਈ ਇਕ ਟੀਮ ਕੰਮ ਕਰ ਰਹੀ ਹੈ। ਉਨ੍ਹਾਂ ਨੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਪੈਂਡਿੰਗ ਸ਼ਿਕਾਇਤਾਂ ਦੇ ਨਿਪਟਾਰੇ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸੀ.ਪੀ.ਜੀ.ਆਰ.ਐਮ.ਐਸ. ਰਾਹੀਂ ਪੀ.ਜੀ.ਆਰ.ਐਸ. ਉਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ। ਇਸ ਮੀਟਿੰਗ ਵਿਚ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।


ਅਮਨ ਅਰੋੜਾ ਨੇ ਆਪਣੇ ਸੋਸ਼ਲ ਮੀਡੀਆ ਉੱਤੇ ਪੋਸਟ ਪਾ ਕੇ ਵੀ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਲਿਖਿਆ ਹੈ- 'ਸੂਬੇ ਵਿੱਚ ਸ਼ਿਕਾਇਤਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਵਿੱਚ ਹੋਰ ਸੁਧਾਰ ਲਿਆਉਣ ਲਈ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਵਿਭਾਗ ਦੇ ਅਧਿਕਾਰੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਆਧਾਰਤ ਪ੍ਰਣਾਲੀ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਪੀ.ਜੀ.ਆਰ.ਐਸ. ਪੋਰਟਲ ਉਤੇ ਪ੍ਰਾਪਤ ਸ਼ਿਕਾਇਤਾਂ ਦੀ ਬਾਰੀਕੀ ਨਾਲ ਨਿਗਰਾਨੀ ਤੋਂ ਇਲਾਵਾ ਇਨ੍ਹਾਂ ਦਾ ਤੇਜ਼ੀ ਨਾਲ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ ਕਿਉਂਕਿ ਏ.ਆਈ. ਮਨੁੱਖੀ ਦਖ਼ਲਅੰਦਾਜ਼ੀ ਨੂੰ ਘਟਾ ਕੇ ਸਮੇਂ ਦੀ ਬੱਚਤ ਕਰੇਗਾ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਵਧੇਰੇ ਤੇਜ਼ੀ ਤੇ ਪਾਰਦਰਸ਼ਤਾ ਲਿਆਵੇਗਾ'।