10 ਜੁਲਾਈ 2024 ਨੂੰ ਹੋਣ ਵਾਲੀ ਪੰਜਵੀਂ, ਅੱਠਵੀਂ, ਦਸਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਮੁਲਤਵੀ ਕਰ ਦਿੱਤੀਆਂ ਹਨ। ਵੇਰਵਿਆਂ ਅਨੁਸਾਰ ਜਲੰਧਰ ਵਿਖੇ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਇਹ ਫ਼ੈਸਲਾ ਲਿਆ ਗਿਆ ਹੈ ਜਿਸ ਕਰ ਕੇ ਅਧਿਕਾਰੀਆਂ ਨੇ ਪਹਿਲਾਂ ਜਾਰੀ ਡੇਟਸ਼ੀਟ ਤਬਦੀਲ ਕਰ ਦਿੱਤੀ ਹੈ।
ਬੋਰਡ ਵੱਲੋਂ ਜਾਰੀ ਹਦਾਇਤਾਂ ਅਨੁਸਾਰ, ਹੁਣ ਪੰਜਵੀਂ ਸ਼੍ਰੇਣੀ ਦਾ 10 ਜੁਲਾਈ ਨੂੰ ਹੋਣ ਵਾਲਾ ਪੇਪਰ 12 ਜੁਲਾਈ ਨੂੰ ਹੋਵੇਗਾ। ਇਸੇ ਤਰ੍ਹਾਂ ਅੱਠਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀ ਹੁਣ 10 ਜੁਲਾਈ ਦੀ ਥਾਂ 17 ਜਦੋਂ ਕਿ ਬਾਰ੍ਹਵੀਂ ਜਮਾਤ ਦੇ ਪਾੜ੍ਹੇ 20 ਜੁਲਾਈ ਨੂੰ ਪੇਪਰ ਦੇਣਗੇ।
ਦੱਸਣਾ ਬਣਦਾ ਹੈ ਕਿ ਪੰਜਾਬ ਵਿਚ ਸਾਲਾਨਾ ਪ੍ਰੀਖਿਆਵਾਂ ਦੇ ਨਤੀਜੇ ਘੋਸ਼ਿਤ ਕੀਤੇ ਜਾਣ ਤੋਂ ਬਾਅਦ ਇਨ੍ਹੀਂ ਦਿਨੀਂ ਅਨੁਪੂਰਕ ਪ੍ਰੀਖਿਆਵਾਂ ਸ਼ੁਰੂ ਹੋਣੀਆਂ ਸਨ। ਉੱਧਰ ਭਾਰਤੀ ਚੋਣ ਕਮਿਸ਼ਨ ਵੱਲੋਂ 7 ਸੂਬਿਆਂ ਵਿਚ ਜ਼ਿਮਨੀ ਚੋਣਾਂ ਘੋਸ਼ਿਤ ਕਰ ਦਿੱਤੀਆਂ। ਪੰਜਾਬ ਵਿਚ ਕਿਉਂਕਿ 10 ਜੁਲਾਈ ਨੂੰ ਜਲੰਧਰ ਵਿਖੇ ਜ਼ਿਮਨੀ ਚੋਣ ਹੋਣੀ ਹੈ। ਇਸ ਲਈ 10 ਜੁਲਾਈ ਨੂੰ ਹੋਣ ਵਾਲੇ ਬੋਰਡ ਦੀਆਂ ਜਮਾਤਾਂ ਦੇ ਸਾਰੇ ਪੇਪਰ ਮੁਲਤਵੀ ਕਰ ਦਿੱਤੇ ਹਨ।
ਦੱਸ ਦਈਏ ਕਿ ਪੰਜਾਬ ਸਣੇ 7 ਸੂਬਿਆਂ ਵਿਚ ਜਿਮਨੀ ਚੋਣਾਂ ਹੋ ਰਹੀਆਂ ਹਨ। 10 ਜੁਲਾਈ ਨੂੰ ਚੋਣਾਂ ਹੋਣਗੀਆਂ ਅਤੇ 13 ਜੁਲਾਈ ਨੂੰ ਨਤੀਜੇ ਆਉਣਗੇ।
ਪੰਜਾਬ ਵਿਚ ਜਲੰਧਰ ਵੈਸਟ ਸੀਟ ਉਤੇ ਚੋਣ ਹੋ ਰਹੀ ਹੈ, ਜਿਥੋਂ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੂਰਾਲ ਨੇ ਅਸਤੀਫਾ ਦੇ ਦਿੱਤਾ ਸੀ ਅਤੇ ਭਾਜਪਾ ਵਿਚ ਸ਼ਾਮਲ ਹੋ ਗਏ ਸਨ। ਹੁਣ ਭਾਜਪਾ ਨੇ ਜਿਮਨੀ ਚੋਣ ਲਈ ਸ਼ੀਤਲ ਅੰਗੂਰਾਲ ਨੂੰ ਹੀ ਉਮੀਦਵਾਰ ਐਲਾਨ ਦਿੱਤਾ ਹੈ। ਆਪ ਨੇ ਮਹਿੰਦਰ ਭਗਤ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਮਹਿੰਦਰ ਭਗਤ, ਭਾਜਪਾ ਆਗੂ ਤੇ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਬੇਟੇ ਹਨ। ਕਾਂਗਰਸ ਨੇ ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ ਨੂੰ ਮੈਦਾਨ ’ਚ ਉਤਾਰਿਆ ਹੈ। ਇਸ ਨਾਲ ਪੱਛਮੀ ਵਿਧਾਨ ਸਭਾ ਹਲਕੇ ’ਚ ਤਿਕੋਣਾ ਮੁਕਾਬਲਾ ਹੋਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।