Anaj Mandi Closed: ਪੰਜਾਬ ਦੀਆਂ ਮੰਡੀਆਂ ਨਾਲ ਸਬੰਧਿਤ ਇੱਕ ਅਹਿਮ ਖਬਰ ਸਾਹਮਣੇ ਆ ਰਹੀ ਹੈ। ਅੱਜ ਤੋਂ ਪੰਜਾਬ ਭਰ 'ਚ ਦਾਣਾ ਮੰਡੀਆਂ ਬੰਦ ਰਹਿਣਗੀਆਂ। ਪੰਜਾਬ ਭਰ ਦੀਆਂ 1840 ਦਾਣਾ ਮੰਡੀਆਂ 'ਚ ਝੋਨੇ ਦੀ ਫ਼ਸਲ ਦੌਰਾਨ ਕਿਸਾਨਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ।



7 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦਾ ਐਲਾਨ ਕੀਤਾ


ਪੰਜਾਬ ਦੀਆਂ ਮੰਡੀਆਂ 'ਚ ਕੰਮ ਕਰਦੇ 10 ਲੱਖ ਮਜ਼ਦੂਰਾਂ ਨੇ 7 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਮੰਡੀ ਬੋਰਡ ਵੱਲੋਂ ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਨਾ ਕਰਨ ਕਾਰਨ ਮਜ਼ਦੂਰਾਂ 'ਚ ਭਾਰੀ ਰੋਸ ਹੈ। ਮਜ਼ਦੂਰ ਯੂਨੀਅਨ ਨੇ ਕਿਹਾ ਕਿ ਹੜਤਾਲ ਦੌਰਾਨ ਸੂਬੇ ਦੇ ਸਾਰੇ ਜ਼ਿਲ੍ਹਿਆਂ 'ਚ ਹਰ ਰੋਜ਼ ਸਬੰਧਿਤ ਵਿਭਾਗ ਖ਼ਿਲਾਫ਼ ਰੋਸ ਪ੍ਰਦਰਸ਼ਨ ਵੀ ਕੀਤੇ ਜਾਣਗੇ।


ਸਬੰਧਿਤ ਵਿਭਾਗ ਦੇ ਅਧਿਕਾਰੀ ਕੁੰਭਕਰਨੀ ਨੀਂਦ ਸੁੱਤੇ ਪਏ


ਗੱਲਾ ਮਜ਼ਦੂਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਰਾਕੇਸ਼ ਕੁਮਾਰ ਤੁਲੀ ਨੇ ਕਿਹਾ ਕਿ ਮਜ਼ਦੂਰਾਂ ਦੀਆਂ ਸਮੱਸਿਆਵਾਂ ਸਬੰਧੀ ਬੋਰਡ ਦੇ ਉੱਚ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਉਨ੍ਹਾਂ ਨੂੰ ਇਸ ਸਬੰਧੀ ਜਾਣੂੰ ਵੀ ਕਰਵਾਇਆ ਗਿਆ ਹੈ, ਪਰ ਅਫ਼ਸੋਸ ਦੀ ਗੱਲ ਹੈ ਕਿ ਸਬੰਧਿਤ ਵਿਭਾਗ ਦੇ ਅਧਿਕਾਰੀ ਕੁੰਭਕਰਨੀ ਨੀਂਦ ਸੁੱਤੇ ਪਏ ਹਨ ਅਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਬਜਾਏ ਟਾਲਮਟੋਲ ਦੀ ਨੀਤੀ ਅਪਣਾ ਰਹੇ ਹਨ।


ਪੰਜਾਬ ਦੀਆਂ ਸਾਰੀਆਂ ਦਾਣਾ ਮੰਡੀਆਂ ਬੰਦ ਰੱਖਣ ਦਾ ਫ਼ੈਸਲਾ


ਇੱਥੋਂ ਤੱਕ ਕਿ ਮਜ਼ਦੂਰਾਂ ਵੱਲੋਂ 1 ਅਕਤੂਬਰ ਤੋਂ ਸੰਘਰਸ਼ ਸ਼ੁਰੂ ਕੀਤਾ ਜਾਣਾ ਸੀ ਪਰ ਪੰਜਾਬ ਦੇ ਖੇਤੀਬਾੜੀ ਮੰਤਰੀ ਦੇ ਭਰੋਸੇ ਤੋਂ ਬਾਅਦ ਸੰਘਰਸ਼ ਦੀ ਰੂਪ-ਰੇਖਾ ਅੱਗੇ ਪਾ ਦਿੱਤੀ ਗਈ ਪਰ ਮੰਤਰੀ ਵੱਲੋਂ ਯੂਨੀਅਨ ਨਾਲ ਸਮੱਸਿਆਵਾਂ ਦੇ ਹੱਲ ਲਈ ਕੋਈ ਗੱਲਬਾਤ ਨਹੀਂ ਕੀਤੀ ਗਈ, ਜਿਸ ਕਾਰਨ ਐੱਸਸੀਏਸ਼ਨ ਨੇ ਹੁਣ 7 ਅਕਤੂਬਰ ਤੋਂ ਪੰਜਾਬ ਦੀਆਂ ਸਾਰੀਆਂ ਦਾਣਾ ਮੰਡੀਆਂ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।