Punjab News: ਟਰੈਕਟਰ ਛੱਡਣ ਲਈ ਥਾਣੇਦਾਰ ਨੇ ਮੰਗੀ ਰਿਸ਼ਵਤ, ਕਿਸਾਨ ਨੇ ਕਰ ਲਈ ਸਾਰੀ ਰਿਕਾਡਿੰਗ, ਹੁਣ ਵਿਜੀਲੈਂਸ ਦਾ ਐਕਸ਼ਨ
ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਜ਼ਿਲ੍ਹੇ ਦੇ ਥਾਣਾ ਦਿਆਲਪੁਰਾ ਕੈਂਪ ਭਗਤਾ ਭਾਈਕਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਤਾਰਾ ਸਿੰਘ ਨੂੰ 3,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।
Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਥਾਣਾ ਦਿਆਲਪੁਰਾ ਕੈਂਪ ਭਗਤਾ ਭਾਈਕਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਤਾਰਾ ਸਿੰਘ ਨੂੰ 3,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਮਨਪ੍ਰੀਤ ਸਿੰਘ ਵਾਸੀ ਪਿੰਡ ਅਕਲੀਆ ਜਲਾਲ, ਤਹਿਸੀਲ ਰਾਮਪੁਰਾ ਫੂਲ, ਬਠਿੰਡਾ ਵੱਲੋਂ ਦਿੱਤੇ ਬਿਆਨ ਤੇ ਮੁਹੱਈਆ ਕਰਵਾਏ ਸਬੂਤਾਂ ਦੇ ਆਧਾਰ 'ਤੇ ਇਸ ਛੋਟੇ ਥਾਣੇਦਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਸ ਦੇ ਟਰੈਕਟਰ ਦੇ ਡਰਾਈਵਰ ਦਾ ਇੱਕ ਮੋਟਰਸਾਈਕਲ ਸਵਾਰ ਨਾਲ ਮਾਮੂਲੀ ਸੜਕ ਹਾਦਸਾ ਹੋ ਗਿਆ ਸੀ ਜਿਸ ਸਬੰਧੀ ਸ਼ਿਕਾਇਤ ਉਕਤ ਥਾਣੇ ਵਿਚ ਦਰਜ ਹੋਈ ਸੀ। ਇਸ ਨੂੰ ਬਾਅਦ ਵਿਚ ਪੰਚਾਇਤੀ ਫ਼ੈਸਲੇ ਰਾਹੀਂ ਸੁਲਝਾ ਲਿਆ ਗਿਆ ਪਰ ਉਸ ਦੇ ਟਰੈਕਟਰ ਨੂੰ ਥਾਣੇ ਵਿਖੇ ਕਬਜ਼ੇ ਵਿੱਚ ਲੈ ਲਿਆ ਗਿਆ ਸੀ।
ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਜਦੋਂ ਉਹ ਆਪਣਾ ਟਰੈਕਟਰ ਛੁਡਾਉਣ ਲਈ ਥਾਣੇ ਪਹੁੰਚਿਆ ਤਾਂ ਉਕਤ ਛੋਟੇ ਥਾਣੇਦਾਰ ਤਾਰਾ ਸਿੰਘ ਨੇ ਰਿਸ਼ਵਤ ਵਜੋਂ 10,000 ਰੁਪਏ ਦੀ ਮੰਗ ਕੀਤੀ ਪਰ ਉਸ ਵੱਲੋਂ ਜ਼ੋਰ ਪਾਉਣ ਉੱਤੇ ਸੌਦਾ 8,000 ਰੁਪਏ ਵਿੱਚ ਤੈਅ ਹੋ ਗਿਆ। ਇਹ ਸਾਰੀ ਗੱਲਬਾਤ ਸ਼ਿਕਾਇਤਕਰਤਾ ਵੱਲੋਂ ਆਪਣੇ ਮੋਬਾਈਲ ਵਿੱਚ ਰਿਕਾਰਡ ਕਰ ਲਈ ਗਈ ਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ, ਬਠਿੰਡਾ ਰੇਂਜ ਦੀ ਟੀਮ ਨੇ ਜਾਲ ਵਿਛਾ ਕੇ ਛੋਟੇ ਥਾਣੇਦਾਰ ਤਾਰਾ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਏ.ਐਸ.ਆਈ. ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।