Punjab News: ਸ਼੍ਰੋਮਣੀ ਅਕਾਲੀ ਦਲ ਦੇ ਬਾਦਲ ਪੱਖੀ ਧੜੇ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਨੂੰ ਲੈ ਕੇ ਵੱਡਾ ਫੈਸਲਾ ਲੈ ਸਕਦੇ ਹਨ। ਸੂਤਰਾਂ ਮੁਤਾਬਕ ਭਰਤੀ ਮੁਹਿੰਮ ਲਈ ਬਣਾਈ ਕਮੇਟੀ ਦੇ ਮੈਂਬਰਾਂ ਵੱਲੋਂ ਸੌਂਪੀ ਗਈ ਰਿਪੋਰਟ ਤੋਂ ਗਿਆਨੀ ਰਘਬੀਰ ਸਿੰਘ ਖੁਸ਼ ਨਹੀਂ ਹਨ। ਇਸ ਲਈ ਅਗਲੇ ਦਿਨਾਂ ਵਿੱਚ ਉਹ ਵੱਡਾ ਫੈਸਲਾ ਲੈ ਸਕਦੇ ਹਨ। 



ਦੱਸ ਦਈਏ ਕਿ ਪਿਛਲੇ ਦਿਨੀਂ ਭਰਤੀ ਮੁਹਿੰਮ ਲਈ ਬਣਾਈ ਸੱਤ ਮੈਂਬਰੀ ਕਮੇਟੀ ਦੇ ਪੰਜ ਮੈਂਬਰਾਂ ਨੇ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਮੀਟਿੰਗ ਕੀਤੀ ਸੀ। ਇਸ ਮੀਟਿੰਗ ਵਿੱਚ ਕਮੇਟੀ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਦੋ ਦਸੰਬਰ ਨੂੰ ਜਾਰੀ ਹੁਕਮਾਂ ਨੂੰ ਇੰਨ-ਬਿੰਨ ਲਾਗੂ ਕਰਵਾਉਣ ਦਾ ਭਰੋਸਾ ਦਿੱਤਾ ਸੀ। ਕਮੇਟੀ ਮੈਂਬਰਾਂ ਦਾ ਕਹਿਣਾ ਹੈ ਕਿ ਹੁਣ ਸ਼੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ਦੀ ਉਡੀਕ ਹੈ। ਉਹ  ਗਿਆਨੀ ਰਘਬੀਰ ਸਿੰਘ ਦੇ ਫੈਸਲੇ ਮੁਤਾਬਕ ਹੀ ਅੱਗੇ ਚੱਲ਼ਣਗੇ।



ਦਰਅਸਲ 2 ਦਸੰਬਰ ਦੇ ਫੈਸਲੇ ਤੋਂ ਬਾਅਦ ਵੀ ਸ਼੍ਰੋਮਣੀ ਅਕਾਲੀ ਦਲ ਨੇ ਨਿਗਰਾਨ ਕਮੇਟੀ ਦੀ ਆਗਿਆ ਤੋਂ ਬਿਨਾ ਹੀ ਆਪਣੀ ਭਰਤੀ ਮੁਹਿੰਮ ਸ਼ੁਰੂ ਕਰ ਦਿੱਤੀ ਸੀ। ਨਿਗਰਾਨ ਕਮੇਟੀ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਰਿਪੋਰਟ ਪੇਸ਼ ਕਰਦੇ ਹੋਏ ਇਹ ਵੀ ਦੱਸਿਆ ਗਿਆ ਕਿ ਅਕਾਲੀ ਦਲ ਸਾਨੂੰ ਸਹਿਯੋਗ ਨਹੀਂ ਦੇ ਰਿਹਾ। ਇਨ੍ਹਾਂ ਤਮਾਮ ਚੀਜ਼ਾਂ ਨੂੰ ਦੇਖਦੇ ਹੋਏ ਸੂਤਰਾਂ ਦੇ ਹਵਾਲੇ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਕਿ ਆਉਣ ਵਾਲੇ ਕੁਝ ਦਿਨਾਂ ਵਿੱਚ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਅਕਾਲੀ ਦਲ ਨੂੰ ਸਖਤ ਹੁਕਮ ਦੇ ਸਕਦੇ ਹਨ।



ਉਧਰ, ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਕਰਕੇ ਪੈਦਾ ਹੋਏ ਗੁੱਸੇ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਸਤੀਫੇ ਮਗਰੋਂ ਅਕਾਲੀ ਦਲ ਦਾ ਬਾਦਲ ਧੜਾ ਬੈਕਫੁੱਟ ਉਰਪਰ ਆ ਗਿਆ ਹੈ। ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਪਸ਼ਟ ਕਰ ਦਿੱਤਾ ਹੈ ਕਿ ਜੇ ਲੋੜ ਪਈ ਤਾਂ ਉਹ ਅਸਤੀਫਾ ਦੇ ਸਕਦੇ ਹਨ। ਅਜਿਹੇ ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਆਇਆ ਫੈਸਲਾ ਅਕਾਲੀ ਦਲ ਨੂੰ ਮੰਨਣਾ ਹੀ ਪਵੇਗਾ।