Punjab News: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ 'ਚਿੱਟੇ' ਖਿਲਾਫ ਡਟਣ ਦਾ ਐਲਾਨ ਕੀਤਾ ਹੈ। ਕਿਸਾਨ ਯੂਨੀਅਨ ਨੇ ਪੰਜਾਬ ’ਚ ਚਿੱਟੇ ਵਰਗੇ ਘਾਤਕ ਨਸ਼ਿਆਂ ਦੇ ਖਾਤਮੇ ਲਈ ਇਕਜੁੱਟ ਜਨਤਕ ਲੋਕ-ਲਹਿਰ ਉਸਾਰਨ ਦਾ ਸੱਦਾ ਦਿੱਤਾ ਹੈ। ਕਿਸਾਨ ਯੂਨੀਅਨ ਨੇ ਪੰਜਾਬ ਸਰਕਾਰ ਦੀ ਕਾਰਗੁਜਾਰੀ ਉੱਪਰ ਸਵਾਲ ਖੜ੍ਹੇ ਕਰਦਿਆਂ ਕਿਹਾ ਹੈ ਕਿ ਆਉਂਦੇ ਦਿਨਾਂ ਵਿੱਚ ਠੋਸ ਵਿਉਂਤਬੰਦੀ ਉਲੀਕੀ ਜਾਵੇਗੀ।


ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਤੇ ਜਥੇਬੰਦ ਕਰ ਰਹੇ ਨੌਜਵਾਨਾਂ ਨੂੰ ਝੂਠੇ ਕੇਸਾਂ ਵਿੱਚ ਫਸਾਉਣਾ ਤੇ ਕਈ ਥਾਈਂ ਪੁਲਿਸ ਹਵਾਲੇ ਕੀਤੇ ਨਸ਼ਾ ਵਿਕ੍ਰੇਤਾਵਾਂ ਨੂੰ ਖੁੱਲ੍ਹੇ ਛੱਡਣਾ ਇਹੀ ਜ਼ਾਹਿਰ ਕਰਦਾ ਹੈ ਕਿ ਇਸ ਅਲਾਮਤ ਨੂੰ ਪ੍ਰਸ਼ਾਸਨਿਕ ਅਤੇ ਸਿਆਸੀ ਢੋਈ ਮਿਲ ਰਹੀ ਹੈ। 




ਉਨ੍ਹਾਂ ਕਿਹਾ ਕਿ ਪਿਛਲੇ ਸਾਲ ਅਡਾਨੀ ਬੰਦਰਗਾਹ ’ਤੇ ਫੜੇ ਗਏ ਸੈਂਕੜੇ ਕਰੋੜ ਰੁਪਏ ਦੇ ਤਿੰਨ ਟਨ ਤੋਂ ਵੱਧ ਚਿੱਟੇ ਦਾ ਭੋਰਾ ਵੀ ਸੇਕ ਅਡਾਨੀ ਤੱਕ ਨਾ ਪਹੁੰਚਣਾ ਇਸ ਦੀ ਉੱਘੜਵੀਂ ਮਿਸਾਲ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਵੋਟਾਂ ਵੇਲੇ ਦੋ ਮਹੀਨਿਆਂ ਵਿਚ ਨਸ਼ੇ ਖ਼ਤਮ ਕਰਨ ਦੀਆਂ ਗੱਲਾਂ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਦੇ ਰਾਜ ਵਿੱਚ ਨਸ਼ਾ-ਵਿਰੋਧੀ ਕਮੇਟੀਆਂ ਦੇ ਮੈਂਬਰਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ ਤੇ ਜ਼ਖ਼ਮੀ ਕੀਤਾ ਜਾ ਰਿਹਾ ਹੈ।


ਕਿਸਾਨ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਵੱਲੋਂ 2014 ਵਿੱਚ ਹੀ ਇਸ ਗੰਭੀਰ ਮਸਲੇ ਬਾਰੇ ਜਥੇਬੰਦਕ ਜਾਗ੍ਰਤੀ ਮੁਹਿੰਮ ਵਿਸ਼ਾਲ ਪੱਧਰ ਉੱਤੇ ਚਲਾਈ ਗਈ ਸੀ। ਹੁਣ ਵੀ ਕਿਸਾਨਾਂ ਮਜ਼ਦੂਰਾਂ ਸਮੇਤ ਸਾਰੇ ਕਿਰਤੀ ਲੋਕਾਂ ਦੀਆਂ ਜਨਤਕ ਜਥੇਬੰਦੀਆਂ ਦੀ ਵੋਟ ਸਿਆਸਤ ਤੋਂ ਉੱਪਰ ਉੱਠ ਕੇ ਇਕਜੁੱਟ ਜਨਤਕ ਲੋਕ-ਲਹਿਰ ਲਈ ਜਥੇਬੰਦੀ ਵੱਲੋਂ ਆਉਂਦੇ ਦਿਨਾਂ ਵਿੱਚ ਠੋਸ ਵਿਉਂਤਬੰਦੀ ਉਲੀਕੀ ਜਾਵੇਗੀ।


ਹੋਰ ਪੜ੍ਹੋ : ਹੜ੍ਹਾਂ ਨਾਲ ਹੋਏ ਨੁਕਸਾਨ ਦੇ ਜਾਇਜ਼ੇ ਮਗਰੋਂ ਕੇਂਦਰੀ ਟੀਮ ਵੱਲੋਂ ਮੁਆਵਜ਼ੇ ਬਾਰੇ ਅਹਿਮ ਐਲਾਨ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।